Share on Facebook Share on Twitter Share on Google+ Share on Pinterest Share on Linkedin ‘ਨਾਨਕ ਸ਼ਾਹ ਫਕੀਰ’ ਫ਼ਿਲਮ ਦੇ ਮਾਮਲੇ ਵਿੱਚ ਇਸ ਵੇਲੇ ਕਿਸੇ ਦਖ਼ਲ ਦੀ ਜ਼ਰੂਰਤ ਨਹੀਂ: ਮੁੱਖ ਮੰਤਰੀ ਫ਼ਿਲਮ ਨਿਰਮਾਤਾ ਨੇ ਹਾਲ ਦੀ ਘੜੀ ਪੰਜਾਬ ’ਚ ਫ਼ਿਲਮ ਰਲੀਜ਼ ਨਾ ਕਰਨ ਦਾ ਫੈਸਲਾ ਕੀਤਾ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 10 ਅਪਰੈਲ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿਵਾਦਪੂਰਨ ਫ਼ਿਲਮ ‘ਨਾਨਕ ਸ਼ਾਹ ਫਕੀਰ’ ਦੇ ਮੁੱਦੇ ’ਤੇ ਕੋਈ ਵੀ ਦਖਲ ਨਾ ਦੇਣ ਦਾ ਫੈਸਲਾ ਕੀਤਾ ਹੈ ਕਿਉਂਕਿ ਫ਼ਿਲਮ ਨਿਰਮਾਤਾ ਨੇ ਹੀ ਸੂਬੇ ਵਿਚ ਫ਼ਿਲਮ ਨੂੰ ਰਲੀਜ਼ ਨਾ ਕਰਨ ਦਾ ਨਿਰਨਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਫਿਲਮ ਦੇ ਨਿਰਮਾਤਾ ਵੱਲੋਂ ਇਸ ਨੂੰ ਰਲੀਜ਼ ਨਾ ਕਰਨ ਦੇ ਲਏ ਗਏ ਫੈਸਲੇ ਦੇ ਮੱਦੇਨਜ਼ਰ ਇਸ ਫ਼ਿਲਮ ਉੱਤੇ ਪਾਬੰਦੀ ਲਾਉਣ ਦਾ ਕੋਈ ਵੀ ਫ਼ੈਸਲਾ ਗੈਰ-ਜ਼ਰੂਰੀ ਬਣ ਗਿਆ ਹੈ। ਫ਼ਿਲਮ ਦੇ ਨਿਰਮਾਤਾ ਨੇ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਕੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਇਸ ਮੁੱਦੇ ਦੀ ਨਾਜ਼ੁਕਤਾ ਨੂੰ ਦੇਖਦੇ ਹੋਏ ਅਤੇ ਲੋਕਾਂ ਦੀਆਂ ਭਾਵਨਾਵਾਂ ਦੇ ਕਾਰਨ ਉਨ੍ਹਾਂ ਨੇ ਹਾਲ ਦੀ ਘੜੀ ਪੰਜਾਬ ਸੂਬੇ ਵਿਚ ਫ਼ਿਲਮ ਰਲੀਜ਼ ਨਾ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਵੱਲੋਂ ਜਾਰੀ ਕੀਤੇ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਇਸ ਵੇਲੇ ਇਸ ਮਾਮਲੇ ਵਿਚ ਸੂਬਾ ਸਰਕਾਰ ਵੱਲੋਂ ਕੋਈ ਵੀ ਕਾਰਵਾਈ ਕੀਤੇ ਜਾਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਥਿਤੀ ਦਾ ਜਾਇਜ਼ਾ ਲਵੇਗੀ ਅਤੇ ਜੇਕਰ ਭਵਿੱਖ ਵਿਚ ਜ਼ਰੂਰੀ ਹੋਇਆ ਤਾਂ ਇਸ ਸਬੰਧ ਵਿਚ ਢੁੱਕਵਾਂ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਜ਼ਰੂਰਤ ਪੈਣ ਉੱਤੇ ਸਾਰੇ ਸੰਭਵੀ ਕਦਮ ਚੁੱਕੇਗੀ ਤਾਂ ਜੋ ਸੂਬੇ ਵਿੱਚ ਕਾਨੂੰਨ ਵਿਵਸਥਾ ਵਿਚ ਵਿਘਨ ਨਾ ਪੈਣ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਾਂਤੀ ਵਾਲੇ ਮਾਹੌਲ ਨੂੰ ਖਰਾਬ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਇਸ ਫ਼ਿਲਮ ਦੇ ਸਬੰਧ ਵਿੱਚ ਅਕਾਲ ਤਖ਼ਤ ਦੇ ਫੈਸਲੇ ਦਾ ਵੀ ਨੋਟਿਸ ਲਿਆ ਹੈ। ਅਕਾਲ ਤਖ਼ਤ ਨੇ ਕੱਲ੍ਹ ਬਹੁਤ ਸਾਰੀਆਂ ਸਿੱਖ ਸੰਸਥਾਵਾਂ ਵੱਲੋਂ ਵਿਰੋਧ ਕੀਤੇ ਜਾਣ ਕਾਰਨ ਫ਼ਿਲਮ ਉੱਤੇ ਪਾਬੰਦੀ ਦਾ ਫੈਸਲਾ ਕੀਤਾ ਸੀ ਕਿਉਂਕਿ ਇਨ੍ਹਾਂ ਸੰਸਥਾਵਾਂ ਨੇ ਗੁਰੂ ਨਾਨਕ ਦੇਵ ਜੀ ਦੇ ਚਿੱਤਰਣ ਕਰਨ ਉੱਤੇ ਇਤਰਾਜ਼ ਕੀਤਾ ਹੈ ਅਤੇ ਕਿਹਾ ਹੈ ਕਿ ਕਿਸੇ ਵੀ ਸਿੱਖ ਗੁਰੂ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਪਰਦੇ ’ਤੇ ਚਿਤਰਣ ਸਿੱਖ ਧਰਮ ਦੇ ਸਿਧਾਂਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਮਾਨਵ ਵਜੋਂ ਪੇਸ਼ ਕੀਤਾ ਗਿਆ ਹੈ ਜੋ ਕਿ ਸਿੱਖੀ ਦੇ ਸਿਧਾਂਤਾਂ ਦੇ ਖਿਲਾਫ ਹੈ। ਮੁੱਖ ਮੰਤਰੀ ਦਾ ਵਿਚਾਰ ਹੈ ਕਿ ਲੇਖਕਾਂ, ਫ਼ਿਲਮ ਨਿਰਮਾਤਾਵਾਂ ਆਦਿ ਦੀ ਪ੍ਰਗਟਾਵੇ ਦੀ ਸਿਰਜਣਾਤਮਕ ਆਜ਼ਾਦੀ ਹੈ ਪਰ ਇਹ ਆਜ਼ਾਦੀ ਕਿਸੇ ਵੀ ਭਾਈਚਾਰੇ ਦੀਆਂ ਧਾਰਮਿਕ ਸੰਵੇਦਨਸ਼ੀਲਤਾਵਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੰਦੀ। ਇਸ ਦੌਰਾਨ ਉਨ੍ਹਾਂ ਨੇ ਵਿਰੋਧ ਕਰ ਰਹੀਆਂ ਸਿੱਖ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਨਾ ਤਾਂ ਹਿੰਸਾ ਕਰਨ ਅਤੇ ਨਾ ਹੀ ਫ਼ਿਲਮ ਵਿਰੁੱਧ ਰੋਸ ਵਿਖਾਉਣ ਲਈ ਜੀਵਨ ਅਤੇ ਜਾਇਦਾਦ ਨੂੰ ਕੋਈ ਨੁਕਸਾਨ ਪਹੁੰਚਾਉਣ। ਮੀਡੀਆ ਵਿਚ ਪਾਬੰਦੀ ਲਾਉਣ ਦੀਆਂ ਆ ਰਹੀਆਂ ਰਿਪੋਰਟਾਂ ਦੇ ਉਲਟ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਵਿਚ ਫ਼ਿਲਮ ’ਤੇ ਪਾਬੰਦੀ ਲਾਉਣ ਦਾ ਕੋਈ ਹੁਕਮ ਜਾਰੀ ਨਹੀਂ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ