nabaz-e-punjab.com

ਸ਼ਾਹਕੋਟ ਜ਼ਿਮਨੀ ਚੋਣ ਲਈ ਨੀਮ ਫੌਜੀ ਬਲ ਤਾਇਨਾਤ ਕਰਨ ’ਤੇ ਸਾਨੂੰ ਕੋਈ ਇਤਰਾਜ਼ ਨਹੀਂ: ਮੁੱਖ ਮੰਤਰੀ

ਸੁਰੱਖਿਆ ਬਲਾਂ ਦੀ ਤਾਇਨਾਤੀ ਨਾਲ ਅਕਾਲੀਆਂ ਨੂੰ ਆਪਣੀ ਹਾਰ ਹੋਣ ’ਤੇ ਝੂਠੀ ਬਹਾਨੇਬਾਜ਼ੀ ਦਾ ਮੌਕਾ ਵੀ ਨਹੀਂ ਮਿਲੇਗਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 12 ਮਈ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਕੋਟ ਜ਼ਿਮਨੀ ਚੋਣ ਲਈ ਨੀਮ ਫੌਜੀ ਬਲਾਂ ਦੀ ਤਾਇਨਾਤੀ ਦੇ ਸੁਝਾਅ ਦਾ ਸਵਾਗਤ ਕਰਦਿਆਂ ਆਖਿਆ ਕਿ ਇਸ ਨਾਲ ਵਿਰੋਧੀ ਧਿਰਾਂ ਖਾਸ ਕਰਕੇ ਅਕਾਲੀਆਂ ਨੂੰ ਚੋਣ ਵਿੱਚ ਆਪਣੀ ਸਪੱਸ਼ਟ ਹਾਰ ਹੋਣ ਦੇ ਮੱਦੇਨਜ਼ਰ ਸੂਬਾ ਸਰਕਾਰ ਦੀ ਦਖਲਅੰਦਾਜ਼ੀ ਦੇ ਦੋਸ਼ ਲਾਉਣ ਦਾ ਮੌਕਾ ਵੀ ਹਾਸਲ ਨਹੀਂ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸ਼ੋਮਣੀ ਅਕਾਲੀ ਦਲ ਦੀ ਮੰਗ ਮੁਤਾਬਕ ਜ਼ਿਮਨੀ ਚੋਣ ਦੌਰਾਨ ਅਮਨ-ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਅਰਧ-ਸੈਨਿਕ ਬਲ ਤਾਇਨਾਤ ਕਰਨ ਬਾਰੇ ਉਨ੍ਹਾਂ ਨੂੰ ਚੋਣ ਕਮਿਸ਼ਨ ’ਤੇ ਕੋਈ ਇਤਰਾਜ਼ ਨਹੀਂ ਹੈ।
ਮੁੱਖ ਮੰਤਰੀ ਨੇ ਆਖਿਆ ਕਿ ਉਹ ਅਜਿਹੇ ਕਿਸੇ ਵੀ ਕਦਮ ਦਾ ਸਵਾਗਤ ਕਰਦੇ ਹਨ ਕਿਉਂਕਿ ਇਸ ਨਾਲ ਜ਼ਿਮਨੀ ਚੋਣ ਦੇ ਨਤੀਜਿਆਂ ਤੋਂ ਬਾਅਦ ਅਕਾਲੀਆਂ ਨੂੰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦੇ ਮਨਘੜਤ ਦੋਸ਼ ਲਾਉਣ ਦਾ ਮੌਕਾ ਨਹੀਂ ਮਿਲੇਗਾ ਅਤੇ ਅਕਾਲੀਆਂ ਦੀ ਇਸ ਚੋਣ ਵਿੱਚ ਨਮੋਸ਼ੀ ਭਰੀ ਹਾਰ ਹੋਣੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਜਿਹੜੇ ਅਕਾਲੀ ਆਪਣੇ ਸਾਸ਼ਨਕਾਲ ਦੌਰਾਨ ਕਾਂਗਰਸ ਨੂੰ ਸੂਬੇ ਦੀ ਸੱਤਾ ਵਿੱਚ ਆਉਣ ਤੋਂ ਰੋਕਣ ਲਈ ਹਰ ਸੰਭਵ ਹਰਬਾ ਵਰਤ ਕੇ ਜਮਹੂਰੀ ਢਾਂਚੇ ਨੂੰ ਢਾਹ ਲਾਉਂਦੇ ਰਹੇ ਹਨ, ਉਹੀ ਅਕਾਲੀ ਹੁਣ ਸ਼ਾਂਤਮਈ ਚੋਣਾਂ ਯਕੀਨੀ ਬਣਾਉਣ ਵਾਸਤੇ ਨੀਮ ਸੁਰੱਖਿਆ ਬਲਾਂ ਦੀ ਮੰਗ ਲੈ ਕੇ ਚੋਣ ਕਮਿਸ਼ਨ ਵੱਲ ਭੱਜ ਰਹੇ ਹਨ। ਮੁੱਖ ਮੰਤਰੀ ਨੇ ਆਖਿਆ ਕਿ ਸ਼ਾਹਕੋਟ ਚੋਣ ਦੇ ਸੁਰੱਖਿਆ ਪ੍ਰਬੰਧਾਂ ਲਈ ਅਰਧ ਸੈਨਿਕ ਬਲ ਤਾਇਨਾਤ ਕਰਨ ਬਾਰੇ ਜੇਕਰ ਚੋਣ ਕਮਿਸ਼ਨ ਵੱਲੋਂ ਫੈਸਲਾ ਲਿਆ ਜਾਂਦਾ ਹੈ ਤਾਂ ਇਸ ਦਾ ਨਾ ਤਾਂ ਉਹ ਨਿੱਜੀ ਤੌਰ ’ਤੇ, ਨਾ ਸਰਕਾਰ ਅਤੇ ਨਾ ਹੀ ਕਾਂਗਰਸ ਪਾਰਟੀ ਵਿਰੋਧ ਕਰੇਗੀ।
ਗੁਰਦਾਸਪੁਰ ਜ਼ਿਮਨੀ ਚੋਣ ਮੌਕੇ ਵੀ ਅਕਾਲੀਆਂ ਵੱਲੋਂ ਅਜਿਹੇ ਹੋਛੇ ਹੱਥਕੰਡੇ ਅਪਣਾਏ ਜਾਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਜਦੋਂ ਵੀ ਅਕਾਲੀਆਂ ਨੂੰ ਆਪਣੀ ਹਾਰ ਦਿਸਣ ਲੱਗਦੀ ਹੈ ਤਾਂ ਉਹ ਆਪਣੀ ਪੁਰਾਣੀ ਆਦਤ ਮੁਤਾਬਕ ਚੋਣਾਂ ਤੋਂ ਪਹਿਲਾਂ ਤੇ ਬਾਅਦ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਸਰਕਾਰੀ ਦੀ ਦਖ਼ਲਅੰਦਾਜ਼ੀ ਦੀਆਂ ਸ਼ਿਕਾਇਤਾਂ ਲੈ ਕੇ ਤੁਰ ਪੈਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ਼ਾਹਕੋਟ ਵਿੱਚ ਕਾਂਗਰਸ ਦੀ ਜਿੱਤ ਬਾਰੇ ਕੰਧ ’ਤੇ ਲਿਖਿਆ ਪੜ੍ਹ ਲੈਣ ਤੋਂ ਬਾਅਦ ਅਕਾਲੀ ਪੂਰੀ ਤਰ੍ਹਾਂ ਘਬਰਾਏ ਹੋਏ ਹਨ ਅਤੇ ਲੋਕਾਂ ਦੀ ਹਮਾਇਤ ਜੁਟਾਉਣ ਲਈ ਹੱਥ-ਪੈਰ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਦੀਆਂ ਇਹ ਪੈਂਤੜੇਬਾਜ਼ੀਆਂ ਨਾਲ ਹੁਣ ਲੋਕ ਗੁੰਮਰਾਹ ਨਹੀਂ ਲੱਗੇ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਅਕਾਲੀਆਂ ਦੀਆਂ ਲੋਕ ਵਿਰੋਧੀ ਚਾਲਾਂ ਅਤੇ ਘਟੀਆ ਹੱਥਕੰਡਿਆਂ ਦਾ ਭਾਂਡਾ ਪਹਿਲਾਂ ਹੀ ਭੱਜ ਚੁੱਕਾ ਹੈ ਅਤੇ ਹੁਣ ਇੱਕ ਵਾਰ ਫਿਰ ਉਹ ਆਪਣੇ 10 ਸਾਲਾਂ ਦੇ ਸਾਸ਼ਨ ਦੌਰਾਨ ਕੀਤੇ ਮਾੜੇ ਕਾਰਨਾਮਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਦਾ ਯਤਨ ਕਰ ਰਹੇ ਹਨ।
ਮੁੱਖ ਮੰਤਰੀ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਮਹਿਤਪੁਰ ਦੇ ਐਸ.ਐਚ.ਓ ਦੇ ਹੱਕ ਵਿੱਚ ਡਟਿਆ ਹੋਇਆ ਹੈ ਜਦਕਿ ਹੁਣ ਚੋਣ ਕਮਿਸ਼ਨ ਨੇ ਹੀ ਇਸੇ ਐਸ.ਐਚ.ਓ ਨੂੰ ਡਿਊਟੀ ਲਈ ਅਯੋਗ ਪਾਇਆ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਚੋਣ ਤੋਂ ਪਹਿਲਾਂ ਕਾਂਗਰਸ ਲੀਡਰਸ਼ਿਪ ਅਤੇ ਸਰਕਾਰ ਦੇ ਅਕਸ ਨੂੰ ਢਾਹ ਲਾਉਣਾ ਅਕਾਲੀਆਂ ਦੀ ਮੁਹਿੰਮ ਦਾ ਹਿੱਸਾ ਸੀ ਜਦਕਿ ਇਹ ਚੋਣ ਵੀ ਪੰਜਾਬ ਦੇ ਸਿਆਸੀ ਸਫਰ ਵਿੱਚ ਅਕਾਲੀਆਂ ਦੇ ਭਵਿੱਖ ਨੂੰ ਧੁੰਦਲਾ ਕਰ ਦੇਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਅਕਾਲੀਆਂ ਨੇ ਕਦੇ ਵੀ ਸੰਵਿਧਾਨਿਕ ਢਾਂਚੇ ਅਤੇ ਰਵਾਇਤਾਂ ਦਾ ਸਤਿਕਾਰ ਨਹੀਂ ਕੀਤਾ ਅਤੇ ਉਹ ਹਰ ਹੱਥਕੰਡਾ ਅਪਣਾ ਕੇ ਹਰੇਕ ਚੋਣ ਜਿੱਤਦੇ ਰਹੇ ਹਨ। ਮੁੱਖ ਮੰਤਰੀ ਨੇ ਚੋਣ ਕਮਿਸ਼ਨ ਨੂੰ ਸ਼ਾਹਕੋਟ ਵਿੱਚ ਜ਼ਿਮਨੀ ਚੋਣ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਹਰ ਲੋੜੀਂਦਾ ਕਦਮ ਚੁੱਕਣ ਦੀ ਅਪੀਲ ਕੀਤੀ ਹੈ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…