ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ: ਬਰਸਟ

ਪੰਜਾਬ ਮਾਰਕੀਟ ਕਮੇਟੀਜ਼ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਮੌਕੇ ’ਤੇ ਹੀ ਕੀਤਾ ਨਿਪਟਾਰਾ

ਨਬਜ਼-ਏ-ਪੰਜਾਬ, ਮੁਹਾਲੀ, 9 ਸਤੰਬਰ:
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਪੰਜਾਬ ਮਾਰਕੀਟ ਕਮੇਟੀਜ਼ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਹੋਈ। ਜਿਸ ਵਿੱਚ ਮੰਡੀਆਂ ਦੇ ਵਿਕਾਸ, ਸੀਜ਼ਨਲ ਪ੍ਰਬੰਧਾਂ ਅਤੇ ਫ਼ੀਲਡ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਹੋਰ ਜਾਇਜ਼ ਮੰਗਾਂ ਬਾਰੇ ਚਰਚਾ ਕੀਤੀ ਗਈ। ਮਾਰਕੀਟ ਕਮੇਟੀਜ਼ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਜਿੱਥੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਕਿਸਾਨਾਂ, ਕਰਮਚਾਰੀਆਂ, ਆੜ੍ਹਤੀਆਂ, ਮਜ਼ਦੂਰਾਂ ਪੱਖੀ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ, ਉੱਥੇ ਸੀਜ਼ਨ ਦੌਰਾਨ ਫ਼ੀਲਡ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਵੀ ਜਾਣੂ ਕਰਵਾਇਆ। ਜਿਨ੍ਹਾਂ ਦਾ ਚੇਅਰਮੈਨ ਨੇ ਮੌਕੇ ’ਤੇ ਹੀ ਨਿਪਟਾਰਾ ਕਰਦਿਆਂ ਭਰੋਸਾ ਦਿੱਤਾ ਕਿ ਸੀਜ਼ਨ ਦੌਰਾਨ ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਸ੍ਰੀ ਬਰਸਟ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਦੇ ਹਿੱਤ ਨੂੰ ਪਹਿਲ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਚੱਲ ਰਹੇ ਹਨ, ਜਿਨ੍ਹਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ, ਜਿਸ ਵਿੱਚ ਸਾਰਿਆਂ ਨੂੰ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਦੀ ਸਫ਼ਾਈ, ਬਿਜਲੀ-ਪਾਣੀ, ਬਾਥਰੂਮਾਂ ਅਤੇ ਛਾਂ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਕਿਸਾਨਾਂ ਨਾਲ ਖੜੀ ਹੈ ਅਤੇ ਮੰਡੀਆਂ ਵਿੱਚ ਆਪਣੀ ਜਿਨਸ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੀ ਸਕੱਤਰ ਸ੍ਰੀਮਤੀ ਨੀਲਿਮਾ, ਸੰਯੁਕਤ ਸਕੱਤਰ ਸ੍ਰੀਮਤੀ ਗੀਤਿਕਾ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਰਜਨੀਸ਼ ਗੋਇਲ ਸਮੇਤ ਯੂਨੀਅਨ ਦੇ ਮੈਂਬਰ ਪਰਮਜੀਤ ਸਿੰਘ, ਲਵਪ੍ਰੀਤ ਸਿੰਘ, ਸੁਖਬੀਰ ਸਿੰਘ ਗਰੇਵਾਲ, ਰੋਹਿਨ ਸਿੰਗਲਾ, ਤੇਜਿੰਦਰ ਸਿੰਘ ਭੰਗੂ ਅਤੇ ਵਿਕਰਮ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…