
ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਬਲਬੀਰ ਸਿੱਧੂ
ਸਿਹਤ ਮੰਤਰੀ ਸਿੱਧੂ ਨੇ ਪਿੰਡ ਕੰਡਾਲਾ ਵਿੱਚ ਜਲ ਸਪਲਾਈ ਲਈ 52 ਲੱਖ ਦੀ ਗਰਾਂਟ ਦਿੱਤੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਗਸਤ:
ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਵਿਭਾਗ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁਹਾਲੀ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਰੇ ਪਿੰਡਾਂ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਗਰਾਂਟਾਂ ਦਿੱਤੀਆਂ ਜਾਣਗੀਆਂ। ਉਹ ਅੱਜ ਇੱਥੋਂ ਦੇ ਨਜ਼ਦੀਕੀ ਪਿੰਡ ਕੰਡਾਲਾ ਵਿੱਚ ਪਾਣੀ ਦੀ ਸਪਲਾਈ ਸਕੀਮ ਲਈ 52 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦੇਣ ਆਏ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪਿੰਡ ਵਿੱਚ 17 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਟੱਕ ਲਗਾ ਕੇ ਬੋਰ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ 35 ਲੱਖ ਰੁਪਏ ਨਾਲ ਪਾਣੀ ਦੀ ਸਪਲਾਈ ਲਈ ਨਵੀਂ ਪਾਈਪਲਾਈਨ ਵਿਛਾਈ ਜਾਵੇਗੀ। ਇਹ ਦੋਵੇਂ ਕੰਮ ਇੱਕ ਮਹੀਨੇ ਵਿੱਚ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਨੇਪਰੇ ਚੜ੍ਹਨ ਮਗਰੋਂ ਪਿੰਡ ਵਿੱਚ ਘਰ-ਘਰ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ।
ਸ੍ਰੀ ਸਿੱਧੂ ਨੇ ਕਿਹਾ ਕਿ ਪਿੰਡਾਂ ਦੇ ਵਸਨੀਕਾਂ ਸਾਰੀਆਂ ਸ਼ਹਿਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਮੁਹਾਲੀ ਹਲਕੇ ਦਾ ਕੋਈ ਵੀ ਪਿੰਡ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਵੱਲੋਂ ਜੋ ਵੀ ਸਮੱਸਿਆ ਜਾਂ ਵਿਕਾਸ ਕੰਮ ਧਿਆਨ ਵਿੱਚ ਲਿਆਂਦਾ ਜਾ ਰਿਹਾ ਹੈ, ਉਸ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਵਾਉਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਲਿੰਕ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਜਲ ਸਪਲਾਈ ਵਿਭਾਗ ਦੇ ਐਕਸੀਅਨ ਮਾਈਕਲ, ਐਸਡੀਓ ਸਿਮਰਜੀਤ ਕੌਰ, ਸਰਪੰਚ ਬਿਮਲਾ ਦੇਵੀ, ਸਾਬਕਾ ਸਰਪੰਚ ਮਲਕੀਤ ਸਿੰਘ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ ਸੰਧੂ, ਪਰਮਜੀਤ ਸਿੰਘ, ਭਾਗ ਸਿੰਘ, ਦਰਸ਼ਨ ਸਿੰਘ, ਦੀਦਾਰ ਸਿੰਘ ਦੋਵੇਂ ਪੰਚ, ਰੁਲਦਾ ਸਿੰਘ, ਮੱਖਣ ਸਿੰਘ, ਦਲੀਪ ਸਿੰਘ, ਸੁੱਚਾ ਸਿੰਘ, ਬਹਾਦਰ ਸਿੰਘ ਅਤੇ ਲਵਪ੍ਰੀਤ ਸਿੰਘ ਹਾਜ਼ਰ ਸਨ।