
ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ: ਪ੍ਰੇਮ ਸਿੰਘ ਚੰਦੂਮਾਜਰਾ
ਸ਼੍ਰੋਮਣੀ ਕਮੇਟੀ ਦੀ ਦੂਜੇ ਪੜਾਅ ਦੀ ਦਸਤਖ਼ਤੀ ਮੁਹਿੰਮ ਵਿੱਚ ਵੱਡੀ ਗਿਣਤੀ ’ਚ ਲੋਕਾਂ ਨੇ ਫਾਰਮ ਭਰੇ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਫਰਵਰੀ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਦਸਤਖ਼ਤੀ ਮੁਹਿੰਮ ਦੇ ਦੂਜੇ ਪੜਾਅ ਦੌਰਾਨ ਐਤਵਾਰ ਸ਼ਾਮ ਨੂੰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਨੇ ਸ਼ਿਰਕਤ ਕੀਤੀ। ਅਰਦਾਸ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਐਸਜੀਪੀਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ, ਮੁਹਾਲੀ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਟਕਸਾਲੀ ਅਕਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਐਸਜੀਪੀਸੀ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਟੌਹੜਾ ਅਤੇ ਹੋਰਨਾਂ ਆਗੂਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਫਾਰਮ ਭਰੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੈ ਅਤੇ ਅਰਾਜਕਤਾ ਦਾ ਮਾਹੌਲ ਬਣਿਆ ਹੋਇਆ ਹੈ। ਪੰਜਾਬ ’ਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ ਅਤੇ ਹਰੇਕ ਵਿਅਕਤੀ ਆਪਣਾ ਕਾਰੋਬਾਰ ਕਰਨ ਤੋਂ ਗੁਰੇਜ਼ ਕਰ ਰਿਹਾ ਹੈ ਕਿਉਂਕਿ ਇਸ ਸਮੇਂ ਪੰਜਾਬ ਵਿੱਚ ਨਿਵੇਸ਼ ਕਰਨ ਲਈ ਮਾਹੌਲ ਵੀ ਸੁਖਾਵਾਂ ਨਹੀਂ ਹੈ। ਸੂਬੇ ਦੇ ਵਿੱਤੀ ਅਤੇ ਰਾਜਸੀ ਸੰਕਟ ਲੜ-ਖੜਾਅ ਰਿਹਾ ਹੈ। ਸਿਆਸੀ ਆਗੂ ਮਿਹਣੋ ਮੇਹਣੀ ਹੋ ਰਹੇ ਹਨ। ਉਨ੍ਹਾਂ ਆਪ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਹੁਕਮਰਾਨਾਂ ਨੇ ਪੰਜਾਬੀਆਂ ਦੀ ਭਾਵਨਾ ਨੂੰ ਸਮਝਣ ਦੀ ਥਾਂ ਸੂਬੇ ਨੂੰ ਬੇਗਾਨਿਆਂ ਦੇ ਹੱਥ ਵਿੱਚ ਸੌਂਪ ਦਿੱਤਾ ਹੈ ਅਤੇ ਗੈਰ ਪੰਜਾਬੀਆਂ ਲਈ ਖਜਾਨੇ ਦਾ ਮੂੰਹ ਖੋਲ੍ਹ ਦਿੱਤਾ ਹੈ। ਇਹੀ ਨਹੀਂ ਸਰਕਾਰ ਨੇ ਗੈਰ ਪੰਜਾਬੀਆਂ ਨੂੰ ਨੌਕਰੀਆਂ ਅਤੇ ਅਹਿਮ ਅਹੁਦੇ ਦੇ ਕੇ ਨਿਵਾਜਿਆ ਹੈ। ਚੰਦੂਮਾਜਰਾ ਨੇ ਬੀਤੇ ਸਮੇਂ ਨੂੰ ਭੁੱਲਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬੀ ਸੂਬਾ ਅਤੇ ਦੇਸ਼ ਦੇ ਹਿੱਤ ਵਿੱਚ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਸਦਭਾਵਨਾ ਵਾਲਾ ਮਾਹੌਲ ਪੈਦਾ ਕੀਤਾ ਜਾਵੇ।

ਇਸ ਮੌਕੇ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਗੁਰਦੁਆਰਾ ਤਾਲਮੇਲ ਕਮੇਟੀ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਕਰਮ ਸਿੰਘ ਬਬਰਾ, ਗੁਰਮੀਤ ਸਿੰਘ ਸ਼ਾਮਪੁਰ, ਭਾਈ ਜਤਿੰਦਰ ਸਿੰਘ ਪ੍ਰਚਾਰਕ ਹਲਕਾ ਮੁਹਾਲੀ, ਬਲਵਿੰਦਰ ਸਿੰਘ ਟੌਹੜਾ, ਬਿੰਨੀ ਮੁਹਾਲੀ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਨੰਬਰਦਾਰ ਹਰਵਿੰਦਰ ਸਿੰਘ ਸੋਹਾਣਾ, ਜਗਜੀਤ ਸਿੰਘ ਸਿੱਧੂ, ਯੂਥ ਆਗੂ ਗੁਰਪ੍ਰਤਾਪ ਸਿੰਘ ਬੜੀ ਸਮੇਤ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਸ਼ਹਿਰ ਵਾਸੀਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਜ਼ੋਰਦਾਰ ਮੰਗ ਕਰਦਿਆਂ ਪੰਜਾਬ ਦੇ ਰਾਜਪਾਲ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੂੰ ਭੇਜੇ ਜਾਣ ਵਾਲੇ ਮੰਗ ਪੱਤਰ ’ਤੇ ਦਸਤਖ਼ਤ ਕੀਤੇ ਅਤੇ ਫਾਰਮ ਭਰੇ।