
ਝੋਨੇ ਦੀ ਸਰਕਾਰੀ ਖਰੀਦ ਪ੍ਰਬੰਧਾਂ ਵਿੱਚ ਕੋਤਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਸ੍ਰੀਮਤੀ ਬਰਾੜ
ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 27 ਸਤੰਬਰ:
ਖਰੜ ਦੇ ਉਪ ਮੰਡਲ ਮੈਜਿਸਟਰੇਟ (ਐਸਡੀਐਮ) ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਮਾਰਕੀਟ ਕਮੇਟੀਆਂ ਦੇ ਸਕੱਤਰਾਂ, ਖਰੀਦ ਏਜੰਸੀਆਂ, ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕਰਦਿਆ ਆਖਿਆ ਕਿ ਮੰਡੀਆਂ ਵਿਚ ਝੋਨੇ ਦੀ ਖਰੀਦ ਕਿਸੇ ਕਿਸੇ ਤਰ੍ਹਾਂ ਦੀ ਕੋਤਾਹੀ ਪਾਈ ਗਈ ਤਾਂ ਕਿਸੇ ਬਖ਼ਸ਼ਿਆਂ ਨਹੀਂ ਜਾਵੇਗਾ ਅਤੇ ਸਬੰਧਿਤ ਅਧਿਕਾਰੀ ਦੇ ਖ਼ਿਲਾਫ਼ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਹ ਅੱਜ ਆਪਣੇ ਦਫਤਰ ਵਿਚ ਝੋਨੇ ਦੀ ਖਰੀਦ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਮੰਡੀਆਂ ਵਿਚ ਸਫਾਈ ਤੁਰੰਤ ਯਕੀਨੀ ਬਣਾਉਣ ਲਈ ਸਕੱਤਰ ਮਾਰਕੀਟ ਕਮੇਟੀਆਂ, ਖਰੀਦ ਏਜੰਸੀਆਂ ਨੂੰ ਬਾਰਦਾਨਾਂ ਅਤੇ ਹੋਰ ਪ੍ਰਬੰਧ ਪੂਰੇ ਕਰ ਲੈਣ ਦੀ ਹਦਾਇਤ ਕੀਤੀ। ਉਨ੍ਹਾਂ ਸਕੱਤਰ ਮਾਰਕੀਟ ਕਮੇਟੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਦੀ ਸਫਾਈ ਕਰਵਾਕੇ ਉਨ੍ਹਾਂ ਨੂੰ ਰਿਪੋਰਟ ਭੇਜੀ ਜਾਵੇ ਅਤੇ ਕਿਹਾ ਕਿ ਉਹ ਮੰਡੀਆਂ ਵਿੱਚ ਝੋਨੇ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਵੀ ਅਪੀਲ ਕਰਨ।
ਉਨ੍ਹਾਂ ਕਿਹਾ ਕਿ ਖਰੜ, ਕੁਰਾਲੀ, ਨਵਾਂ ਗਾਓ ਦੇ ਕਾਰਜ ਸਾਧਕ ਅਫਸਰ, ਬੀ.ਡੀ.ਪੀ.ਓ.ਮਾਜਰੀ, ਖਰੜ ਨੂੰ ਵੀ ਹਦਾਇਤ ਕੀਤੀ ਗਈ ਹੈ ਉਹ ਆਪਣੇ ਆਪਣੇ ਏਰੀਆਂ ਵਿਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਦੱਸਣ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਤਾਲਮੇਲ ਕਰਨ ਜਿਥੇ ਕਿਤੇ ਕੋਈ ਪਰਾਲੀ ਨੂੰ ਅੱਗ ਲਗਾਉਦਾ ਹੈ ਤਾਂ ਜੁਰਮਾਨਾ ਕੀਤਾ ਜਾਵੇ। ਮੀਟਿੰਗ ਵਿਚ ਤਹਿਸੀਲਦਾਰ ਖਰੜ ਤਰਸੇਮ ਸਿੰਘ ਮਿੱਤਲ, ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਸਿਫਾਲੀ ਚੋਪੜਾ, ਸਕੱਤਰ ਮਾਰਕੀਟ ਕਮੇਟੀ ਖਰੜ ਮਲਕੀਅਤ ਸਿੰਘ, ਮੰਡੀ ਸੁਪਰਵਾਈਜ਼ਰ ਬਲਵਿੰਦਰ ਸਿੰਘ, ਸਕੱਤਰ ਮਾਰਕੀਟ ਕਮੇਟੀ ਕੁਰਾਲੀ ਮਲਕੀਤ ਸਿੰਘ, ਪਵਨਜੀਤ ਸਿੰਘ, ਪਿਆਰਾ ਸਿੰਘ ਆਦਿ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।