Share on Facebook Share on Twitter Share on Google+ Share on Pinterest Share on Linkedin ਡਿਊਟੀ ਸਮੇਂ ਪੰਜਾਬ ਪੁਲੀਸ ਦੇ ਮੁਲਾਜ਼ਮਾਂ ’ਤੇ ਮੋਬਾਈਲ ਫੋਨ ਦੀ ਵਰਤੋਂ ’ਤੇ ਪਾਬੰਦੀ ਲੱਗੇ: ਬੀਰਦਵਿੰਦਰ ਸਿੰਘ ਪੱਤਰਕਾਰ ਕੇ.ਜੇ ਸਿੰਘ ਤੇ ਮਾਤਾ ਗੁਰਚਰਨ ਕੌਰ ਨੂੰ ਸ਼ਰਧਾਂਜਲੀ ਭੇਟ ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-3ਬੀ1 ਵਿੱਚ ਹੋਈ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਸਤੰਬਰ: ਇੱਕੋਂ ਦੇ ਫੇਜ਼ 3ਬੀ2 ਵਿੱਚ ਰਹਿੰਦੇ ਸੀਨੀਅਰ ਪੱਤਰਕਾਰ ਕੇ.ਜੇ ਸਿੰਘ ਅਤੇ ਉਨ੍ਹਾਂ ਦੀ ਬਜ਼ੁਰਗ ਮਾਤਾ ਬੀਬੀ ਗੁਰਚਰਨ ਕੌਰ ਜਿਨ੍ਹਾਂ ਦੀ ਕੁੱਝ ਦਿਨ ਪਹਿਲਾਂ ਮੁਹਾਲੀ ਵਿੱਚ ਬੜੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਸੀ, ਉਨ੍ਹਾਂ ਨਮਿੱਤ ਅੰਤਿਮ ਅਰਦਾਸ ਅੱਜ ਇੱਥੋਂ ਦੇ ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-3ਬੀ1 ਵਿੱਚ ਹੋਈ। ਇਸ ਮੌਕੇ ਵਿਛੜੀਆਂ ਰੁੂਹਾਂ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਤੋਂ ਪਹਿਲਾਂ ਰਾਗੀ ਜਥੇ ਨੇ ਗੁਰਬਾਣੀ ਦੇ ਵੈਰਾਗਮਈ ਕੀਰਤਨ ਕੀਤਾ ਗਿਆ। ਖਰੜ ਦੇ ਸਾਬਕਾ ਵਿਧਾਇਕ ਬੀਰਦਵਿੰਦਰ ਸਿੰਘ, ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਾਬਕਾ ਆਗੂ ਗੁਰਸੇਵ ਸਿੰਘ ਹਰਪਾਲਪੁਰ, ਆਰਟੀਆਈ ਕਾਰਕੁਨ ਤੇ ਕੌਂਸਲਰ ਕੁਲਬੀਰ ਸਿੰਘ ਬੇਦੀ, ਕਾਂਗਰਸ ਦੇ ਕੌਂਸਲਰ ਅਮਰੀਕ ਸਿੰਘ ਸੋਮਲ, ਅਕਾਲੀ ਦਲ ਦੇ ਕੌਂਸਲਰ ਸਤਵੀਰ ਸਿੰਘ ਧਨੋਆ ਅਤੇ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਜਥੇਦਾਰ ਅਮਰੀਕ ਸਿੰਘ ਮੁਹਾਲੀ, ਡੀਪੀਆਰਓ ਸੁਰਜੀਤ ਸਿੰਘ ਸੈਣੀ ਸਮੇਤ ਹੋਰ ਪਤਵੰਤੇ ਵੀ ਸ਼ਾਮਲ ਹੋਏ। ਉਂਜ ਪਰਿਵਾਰ ਵੱਲੋਂ ਕਿਸੇ ਵੀ ਸਿਆਸੀ ਅਤੇ ਧਾਰਮਿਕ ਆਗੂ ਨੂੰ ਮੰਚ ਤੋਂ ਬੋਲਣ ਦੀ ਇਜ਼ਾਜਤ ਨਹੀਂ ਦਿੱਤੀ ਗਈ। ਅੰਤਿਮ ਅਰਦਾਸ ਤੋਂ ਬਾਅਦ ਹੁਕਮਨਾਮਾ ਲੈ ਕੇ ਗਰੰਥੀ ਸਿੰਘ ਨੇ ਪਰਿਵਾਰ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਰੋਜ਼ਾਨਾ ਸਪੋਕਸਮੈਨ ਦੇ ਸੰਪਾਦਕ ਸਰਬਜੀਤ ਸਿੰਘ ਧਾਲੀਵਾਲ ਸਮੇਤ ਮੁਹਾਲੀ ਅਤੇ ਚੰਡੀਗੜ੍ਹ ਦੇ ਪ੍ਰਿੰਟ ਮੀਡੀਆ ਅਤੇ ਇਲੈਕਟ੍ਰੋਨਿਕ ਮੀਡੀਆ ਦੇ ਪੱਤਰਕਾਰ ਵੀ ਮੌਜੂਦ ਸਨ। ਅੰਤਿਮ ਅਰਦਾਸ ਵਿੱਚ ਕੇ.ਜੇ ਸਿੰਘ ਦੇ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਨੇ ਵੀ ਸ਼ਮੂਲੀਅਤ ਕੀਤੀ। ਉਧਰ, ਅੰਤਿਮ ਅਰਦਾਸਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਕੇਜੇ ਸਿੰਘ ਅਤੇ ਉਨ੍ਹਾਂ ਦੀ ਬਜ਼ੁਰਗ ਮਾਂ ਬੀਬੀ ਗੁਰਚਰਨ ਕੌਰ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਬੜੇ ਅਫਸੋਸ ਦੀ ਗੱਲ ਹੈ ਕਿ ਹਫ਼ਤੇ ਬਾਅਦ ਵੀ ਪੁਲੀਸ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ। ਉਨ੍ਹਾਂ ਕਿਹਾ ਕਿ ਘੁੱਗ ਵਸਦੇ ਸ਼ਹਿਰ ਵਿੱਚ ਪੱਤਰਕਾਰ ਤੇ ਮਾਂ ਦਾ ਕਤਲ ਹੋਣਾ ਲੋਕਤੰਤਰ ਦੇ ਚੌਥੇ ਥੰਮ ਲਈ ਵੱਡਾ ਖ਼ਤਰਾ ਅਤੇ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਿੰਨੀ ਰਾਜਧਾਨੀ ਵਜੋਂ ਜਾਣੇ ਜਾਂਦੇ ਆਈਟੀ ਸਿਟੀ ਮੁਹਾਲੀ ਨੂੰ ਕਰਾਈਮ ਮੁਕਤ ਜ਼ੋਨ ਐਲਾਨਿਆ ਜਾਣਾ ਚਾਹੀਦਾ ਹੈ ਕਿਉਂਕਿ ਵੱਡੇ ਸਨਅਤੀ ਘਰਾਣਿਆਂ ਅਤੇ ਐਨਆਰਆਈ ਵੱਲੋਂ ਪੂੰਜੀਨਿਵੇਸ਼ ਅਤੇ ਆਪਣੇ ਸੁਪਨਿਆਂ ਦਾ ਘਰ ਬਣਾਉਣਾ ਮੁਹਾਲੀ ਪਹਿਲੀ ਪਸੰਦ ਹੈ। ਸ੍ਰੀ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਡਿਊਟੀ ਸਮੇਂ ਪੰਜਾਬ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਅਤੇ ਆਮ ਮੁਲਾਜ਼ਮਾਂ ’ਤੇ ਮੋਬਾਈਲ ਫੋਨ ਦੀ ਵਰਤੋਂ ਉੱਤੇ ਪੂਰਨ ਰੂਪ ਵਿੱਚ ਪਾਬੰਦੀ ਲਗਾਉਣੀ ਹੈ ਅਤੇ ਵਿਭਾਗੀ ਤਾਲਮੇਲ ਲਈ ਪੁਲੀਸ ਕਰਮਚਾਰੀਆਂ ਨੂੰ ਵਾਇਰਲੈੱਸ ਸੈੱਟ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਜ਼ਿਆਦਾਤਰ ਪੁਲੀਸ ਅਧਿਕਾਰੀ ਤੇ ਮੁਲਾਜ਼ਮ ਡਿਊਟੀ ਸਮੇਂ ਵੀ ਮੋਬਾਈਲ ’ਤੇ ਗੱਲ ਕਰਦੇ ਰਹਿੰਦੇ ਹਨ ਅਤੇ ਵੀਡੀਓ ਫਿਲਮਾਂ ਦੇਖਣ ਅਤੇ ਚੈਟ ਕਰਦੇ ਰਹਿੰਦੇ ਹਨ। ਇਹ ਲੋਕਾਂ ਦੇ ਰਖਵਾਲਿਆਂ ਵਿੱਚ ਰੁਝਾਨ ਬਹੁਤ ਖ਼ਤਰਨਾਕ ਸਾਬਤ ਹੋ ਸਕਦਾ ਹੈ। ਕਿਉਂਕਿ ਅਜੋਕੇ ਸਮੇਂ ਪੁਲੀਸ ਦਾ ਗੱਲ ਕਰਨ ਅਤੇ ਡਿਊਟੀ ਕਰਨ ਦੇ ਤੌਰ ਤਰੀਕੇ ਬਦਲਦੇ ਜਾ ਰਹੇ ਹਨ। ਜਿਸ ਕਾਰਨ ਅਪਰਾਧੀਆਂ ਨੂੰ ਰੱਤੀ ਭਰ ਵੀ ਖ਼ੌਫ਼ ਨਹੀਂ ਹੈ। ਸ੍ਰੀ ਬੀਰਦਵਿੰਦਰ ਸਿੰਘ ਨੇ ਮੰਗ ਕੀਤੀ ਕਿ ਰਾਤ ਵੇਲੇ ਪੁਲੀਸ ਪੈਟਰੋਲਿੰਗ ਅਤੇ ਗਸ਼ਤ ਵਿੱਚ ਤੇਜ਼ੀ ਅਤੇ ਸੁਧਾਰ ਲਿਆਂਦਾ ਜਾਵੇ ਅਤੇ ਐਸਪੀ ਰੈਂਕ ਦੇ ਅਧਿਕਾਰੀ ਨੂੰ ਨਜਰਸ਼ਾਨੀ ਲਈ ਪਾਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਰਾਤ ਨੂੰ ਗਸ਼ਤ ਡਿਊਟੀ ਸਬੰਧੀ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਫਿਕਸ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਲੋਕ ਖ਼ੁਦ ਨੂੰ ਸੁਰੱਖਿਅਤ ਮਹਿਸੂਸ ਕਰਦੇ ਹੋਏ ਆਰਾਮ ਦੀ ਨੀਂਦ ਸੌਂ ਸਕਣ। ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿ ਪਹਿਲਾਂ ਪੱਤਰਕਾਰ ਛਤਰਪਤੀ ਤੇ ਫਿਰ ਗੌਰੀ ਲੰਕੇਸ਼ ਅਤੇ ਹੁਣ ਕੇਜੇ ਸਿੰਘ ਦੇ ਪਰਿਵਾਰ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ। ਕਤਲ ਦੀਆਂ ਇਨ੍ਹਾਂ ਘਟਨਾਵਾਂ ਪਿੱਛੇ ਡੂੰਘੀ ਸਾਜ਼ਿਸ਼ ਕੰਮ ਕਰ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ