ਪਰਾਲੀ ਤੇ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨੋਡਲ ਅਫ਼ਸਰ ਤੇ ਕਲਸਟਰ ਅਫ਼ਸਰ ਨਿਯੁਕਤ

ਅੱਗ ਦੀ ਘਟਨਾ ’ਤੇ ਕਾਬੂ ਪਾਉਣ ਲਈ ਨੋਡਲ ਤੇ ਕਲਸਟਰ ਅਫ਼ਸਰ, ਐਸਐਚਓ ਤੇ ਐਸਡੀਐਮ ਹੋਣਗੇ ਜ਼ਿੰਮੇਵਾਰ

ਸਾਉਣੀ ਸੀਜ਼ਨ: 2,15,220 ਮੀਟਰਿਕ ਟਨ ਝੋਨਾ ਆਉਣ ਦੀ ਸੰਭਾਵਨਾ, ਮੁਹਾਲੀ ’ਚ 15 ਖ਼ਰੀਦ ਕੇਂਦਰ ਸਥਾਪਿਤ

ਝੋਨੇ ਦੀ ਸਰਕਾਰੀ ਖ਼ਰੀਦ ਲਈ ਪੂਰੀ ਤਰ੍ਹਾਂ ਤਿਆਰ ਹੈ ਮੁਹਾਲੀ ਪ੍ਰਸ਼ਾਸਨ: ਡੀਸੀ ਆਸ਼ਿਕਾ ਜੈਨ

ਨਬਜ਼-ਏ-ਪੰਜਾਬ, ਮੁਹਾਲੀ, 26 ਸਤੰਬਰ:
ਪੰਜਾਬ ਦੀਆਂ ਮੰਡੀਆਂ ਵਿੱਚ ਇੱਕ ਅਕਤੂਬਰ ਨੂੰ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਵੇਗੀ। ਮੁਹਾਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਸਮੂਹ 15 ਅਨਾਜ ਮੰਡੀਆਂ ਅਤੇ ਸੀਜ਼ਨਲ ਖ਼ਰੀਦ ਕੇਂਦਰਾਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਖੇਤਾਂ ਵਿੱਚ ਪਰਾਲੀ ਨੂੰ ਨਾ ਸਾੜਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧੀ ਝੋਨੇ ਦੇ ਸੀਜ਼ਨ ਦੌਰਾਨ ਫ਼ਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਬ ਡਵੀਜ਼ਨ ਪੱਧਰ ’ਤੇ ਐਸਡੀਐਮਜ਼ ਵੱਲੋਂ ਬਤੌਰ ਕਲਸਟਰ ਅਫ਼ਸਰ ਅਤੇ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਹਰੇਕ ਪਿੰਡ ਲਈ ਇੱਕ ਨੋਡਲ ਅਫ਼ਸਰ ਅਤੇ 10 ਪਿੰਡਾਂ ਪਿੱਛੇ ਕਲੱਸਟਰ ਅਫ਼ਸਰ ਲਗਾਇਆ ਗਿਆ ਹੈ। ਜੇਕਰ ਕੋਈ ਵਿਅਕਤੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਂਦਾ ਹੈ ਤਾਂ ਸਬੰਧਤ ਸਬ ਡਵੀਜ਼ਨ ਦਾ ਨੋਡਲ ਅਫ਼ਸਰ, ਕਲਸਟਰ ਅਫ਼ਸਰ, ਐਸਐਚਓ ਅਤੇ ਐਸਡੀਐਮਜ਼ ਤੁਰੰਤ ਕਾਬੂ ਪਾਉਣ ਲਈ ਜ਼ਿੰਮੇਵਾਰ ਹੋਣਗੇ।
ਡੀਸੀ ਨੇ ਕਿਹਾ ਕਿ ਕਲਸਟਰ ਅਫ਼ਸਰ ਅਤੇ ਨੋਡਲ ਅਫ਼ਸਰ ਆਪੋ-ਆਪਣੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨਗੇ ਅਤੇ ਇਹ ਵੀ ਜਾਣਕਾਰੀ ਦੇਣਗੇ ਕਿ ਪਰਾਲੀ ਨੂੰ ਅੱਗ ਲਗਾਉਣ ’ਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਸੁਪਰੀਮ ਕੋਰਟ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਦੌਰਾਨ ਜੇਕਰ ਕਿਸੇ ਅਧਿਕਾਰੀ/ਕਰਮਚਾਰੀ ਦੀ ਬਦਲੀ ਹੋ ਜਾਂਦੀ ਹੈ ਤਾਂ ਬਦਲੀ ਉਪਰੰਤ ਉਸ ਸਥਾਨ ’ਤੇ ਤਾਇਨਾਤ ਹੋਣ ਵਾਲਾ ਅਗਲਾ ਅਧਿਕਾਰੀ/ਕਰਮਚਾਰੀ ਆਪਣੀ ਇਸ ਡਿਊਟੀ ਪ੍ਰਤੀ ਪਾਬੰਦ ਹੋਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ/ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਗੋਂ ਉਪਲਬਧ ਪਰਾਲੀ ਪ੍ਰਬੰਧਨ ਖੇਤੀ ਮਸ਼ੀਨਰੀ ਰਾਹੀਂ ਉਸ ਦਾ ਨਿਪਟਾਰਾ ਕਰਨ ਨੂੰ ਤਰਜ਼ੀਹ ਦੇਣ।
ਉਧਰ, ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਅਤੇ ਸੀਜ਼ਨਲ ਖ਼ਰੀਦ ਕੇਂਦਰਾਂ ਵਿੱਚ ਝੋਨੇ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਬੀਤੇ ਦਿਨੀਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਿਸ਼ਨ ਏਜੰਟਾਂ, ਰਾਈਸ ਮਿੱਲਰਾਂ ਅਤੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡੀਸੀ ਆਸ਼ਿਕਾ ਜੈਨ ਨੇ ਕਮਿਸ਼ਨ ਏਜੰਟਾਂ ਅਤੇ ਰਾਈਸ ਮਿੱਲਰਾਂ ਨੂੰ ਝੋਨੇ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 15 ਖ਼ਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਗਿਆ ਹੈ। ਸੀਜ਼ਨ ਦੌਰਾਨ 2,15,220 ਮੀਟਰਿਕ ਟਨ ਦੀ ਆਮਦ ਹੋਣ ਦੀ ਸੰਭਾਵਨਾ ਹੈ।
ਡੀਸੀ ਆਸ਼ਿਕਾ ਜੈਨ ਨੇ ਕਮਿਸ਼ਨ ਏਜੰਟਾਂ ਅਤੇ ਰਾਈਸ ਮਿੱਲਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਖਰੀਦੀ ਗਈ ਫ਼ਸਲ ਦੀ ਅਦਾਇਗੀ ਅਤੇ ਲਿਫ਼ਟਿੰਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਲੇਬਰ ਅਤੇ ਢੋਆ-ਢੁਆਈ ਲਈ ਟੈਂਡਰ ਪ੍ਰਕਿਰਿਆ ਪਹਿਲਾਂ ਹੀ ਮੁਕੰਮਲ ਕਰ ਲਈ ਗਈ ਹੈ ਅਤੇ ਬਾਰਦਾਨੇ ਦੀ ਵੀ ਵਿਵਸਥਾ ਕੀਤੀ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਪੀੜਤ ਦੁਕਾਨਦਾਰਾਂ ਵੱਲੋਂ ਟੀਡੀਆਈ ਦਫ਼ਤਰ ਦੀ ਘੇਰਾਬੰਦੀ ਤੋਂ ਬਾਅਦ ਮੁਰੰਮਤ ਕੰਮ ਸ਼ੁਰੂ ਹੋਏ

ਪੀੜਤ ਦੁਕਾਨਦਾਰਾਂ ਵੱਲੋਂ ਟੀਡੀਆਈ ਦਫ਼ਤਰ ਦੀ ਘੇਰਾਬੰਦੀ ਤੋਂ ਬਾਅਦ ਮੁਰੰਮਤ ਕੰਮ ਸ਼ੁਰੂ ਹੋਏ ਮਾਰਕੀਟ ਦੇ ਮੁੱਖ …