ਪੰਜਾਬ ਸਰਕਾਰ ਨੇ ਰਾਸ਼ਟਰੀ ਨਾਰੀ ਸ਼ਕਤੀ ਪੁਰਸਕਾਰ-2020 ਲਈ ਅਰਜ਼ੀਆਂ ਮੰਗੀਆਂ

ਔਰਤਾਂ ਦੇ ਵਿਕਾਸ ਲਈ ਸ਼ਾਨਦਾਰ ਯੋਗਦਾਨ ਪਾਉਣ ਵਾਲੇ 15 ਵਿਅਕਤੀਆਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕੀਤਾ ਜਾਵੇਗਾ ਸਨਮਾਨਤ

31 ਜਨਵਰੀ ਤੱਕ ਦਿੱਤੀਆਂ ਜਾ ਸਕਦੀਆਂ ਹਨ ਨਾਮਜ਼ਦਗੀਆਂ/ਅਰਜ਼ੀਆਂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਜਨਵਰੀ:
ਔਰਤਾਂ ਨੂੰ ਸਮਰੱਥ ਬਣਾਉਣ ਲਈ ਕੀਤੇ ਗਏ ਵਿਲੱਖਣ ਕਾਰਜਾਂ ਨੂੰ ਮਾਨਤਾ ਦੇਣ ਲਈ ਉਲੀਕੇ ਰਾਸ਼ਟਰੀ ਪੁਰਸਕਾਰ (ਨਾਰੀ ਸ਼ਕਤੀ ਪੁਰਸਕਾਰ-2020) ਲਈ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਔਰਤਾਂ ਅਤੇ ਬਾਲ ਵਿਕਾਸ ਮੰਤਰਾਲੇ ਨੇ ਭਾਰਤ ਵਿੱਚ ਔਰਤਾਂ ਲਈ ਸਭ ਤੋਂ ਸਰਬੋਤਮ ਨਾਗਰਿਕ ਸਨਮਾਨ ‘ਨਾਰੀ ਸ਼ਕਤੀ ਪੁਰਸਕਾਰ-2020’ ਲਈ ਨਾਮਜ਼ਦਗੀਆਂ ਮੰਗੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਉਨ੍ਹਾਂ ਵਿਅਕਤੀਆਂ ਨੂੰ ਦਿੱਤਾ ਜਾਂਦਾ ਹੈ, ਜੋ ਔਰਤਾਂ ਨੂੰ ਸਮਰੱਥ ਬਣਾਉਣ ਦੀ ਦਿਸ਼ਾ ਵਿੱਚ ਨਿਰੰਤਰ ਕੰਮ ਕਰ ਰਹੇ ਹਨ ਅਤੇ ਸਮਾਜ ਵਿੱਚ ਔਰਤਾਂ ਦੀ ਉੱਨਤੀ ਅਤੇ ਵਿਕਾਸ ਲਈ ਵਿਸ਼ੇਸ਼ ਯੋਗਦਾਨ ਪਾ ਰਹੇ ਹਨ।
ਬੁਲਾਰੇ ਨੇ ਦੱਸਿਆ ਕਿ 8 ਮਾਰਚ, 2021 ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਰੀਬ 15 ਸ਼ਖ਼ਸੀਅਤਾਂ ਨੂੰ ਨਾਰੀ ਸ਼ਕਤੀ ਪੁਰਸਕਾਰ ਨਾਲ ਸਨਮਾਨਤ ਕੀਤਾ ਜਾਵੇਗਾ।
ਯੋਗਤਾ ਮਾਪਦੰਡਾਂ ਦਾ ਵੇਰਵਾ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਔਰਤਾਂ ਦੇ ਸਸ਼ਕਤੀਕਰਨ ਵੱਲ ਵਧੀਆ ਕੰਮ ਕਰਨ ਵਾਲੇ ਵਿਅਕਤੀ ਵਿਸ਼ੇਸ਼, ਸਮੂਹਾਂ ਅਤੇ ਸੰਸਥਾਵਾਂ ਪੁਰਸਕਾਰ ਵਾਸਤੇ ਅਪਲਾਈ ਕਰ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਵਿਅਕਤੀਗਤ ਵਰਗ ਲਈ ਬਿਨੈਕਾਰ ਦੀ ਉਮਰ ਘੱਟੋ-ਘੱਟ 25 ਸਾਲ ਹੋਣੀ ਚਾਹੀਦੀ ਹੈ। ਸੰਸਥਾਵਾਂ ਨੂੰ ਘੱਟੋ-ਘੱਟ ਪੰਜ ਸਾਲ ਦਾ ਤਜਰਬਾ ਹੋਣਾ ਲਾਜ਼ਮੀ ਹੈ।
ਉਨ੍ਹਾਂ ਕਿਹਾ ਕਿ ਲੋੜੀਂਦੇ ਦਸਤਾਵੇਜ਼ਾਂ ਸਮੇਤ ਨਾਮਜ਼ਦਗੀਆਂ/ਅਰਜ਼ੀਆਂ ਸਿਰਫ਼ www.narishaktipuruskar.wcd.gov.in ‘ਤੇ ਹੀ ਦਿੱਤੀਆਂ ਜਾ ਸਕਦੀਆਂ ਹਨ ਅਤੇ ਕਿਸੇ ਹੋਰ ਤਰੀਕੇ ਨਾਲ ਭੇਜੀ ਅਰਜ਼ੀ/ਨਾਮਜਦਗੀ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਨਾਮਜ਼ਦਗੀਆ/ਅਰਜ਼ੀਆਂ ਭੇਜਣ ਦੀ ਆਖ਼ਰੀ ਤਰੀਕ 31 ਜਨਵਰੀ, 2021 ਹੈ। ਉਨ੍ਹਾਂ ਦੱਸਿਆ ਕਿ ਪੁਰਸਕਾਰ ਸਬੰਧੀ ਦਿਸ਼ਾ-ਨਿਰਦੇਸ਼ ਅਤੇ ਬਿਨੈ ਪੱਤਰ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਦੀ ਵੈਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ।

Load More Related Articles

Check Also

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ ਫਾਈਨਲ…