
ਪੰਜਾਬ ਦੀ ਨਵੀਂ ਐਕਸਾਈਜ਼ ਨੀਤੀ ਵਿਰੁੱਧ ਸੜਕਾਂ ’ਤੇ ਉੱਤਰੀ ਭਾਜਪਾ, ਡੀਸੀ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ
ਭਾਜਪਾ ਆਗੂਆਂ ਨੇ ਡੀਸੀ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਮੰਗ ਪੱਤਰ, ਸ਼ਰਾਬ ਨੀਤੀ ਦੀ ਜਾਂਚ ਮੰਗੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਾਰਚ:
ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪੰਜਾਬ ਦੀ ਆਪ ਸਰਕਾਰ ਦੀ ਨਵੀਂ ਐਕਸਾਈਜ਼ ਨੀਤੀ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਪਰੰਤ ਭਾਜਪਾ ਆਗੂਆਂ ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਭੇਜਿਆ।
ਇਸ ਮੌਕੇ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਤੇ ਲਖਵਿੰਦਰ ਕੌਰ ਗਰਚਾ, ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਕਮਲਦੀਪ ਸੈਣੀ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਜਿਵੇਂ ਦਿੱਲੀ ਐਕਸਾਈਜ਼ ਪਾਲਿਸੀ ਵਿੱਚ ਹੋਏ ਭ੍ਰਿਸ਼ਟਾਚਾਰ ਦੀ ਸੀਬੀਆਈ ਜਾਂਚ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਨੂੰ ਜੇਲ੍ਹ ਭੇਜਿਆ ਗਿਆ ਹੈ ਅਤੇ ਕਈ ਅਧਿਕਾਰੀ ਸੀਬੀਆਈ ਦੀ ਜਾਂਚ ਦੇ ਘੇਰੇ ਵਿੱਚ ਹਨ, ਉਸੇ ਤਰ੍ਹਾਂ ਪੰਜਾਬ ਦੀ ਐਕਸਾਈਜ਼ ਪਾਲਿਸੀ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਤਾਂ ਜੋ ਐਕਸਾਈਜ਼ ਪਾਲਿਸੀ ਦੇ ਭ੍ਰਿਸ਼ਟਾਚਾਰ ਦਾ ਸੱਚ ਸਾਹਮਣੇ ਆ ਸਕੇ।
ਭਾਜਪਾ ਆਗੂਆਂ ਨੇ ਕਿਹਾ ਕਿ ਨਵੀਂ ਨੀਤੀ ਤਹਿਤ ਸਰਕਾਰ ਆਪਣੇ ਚਹੇਤੇ ਵਾਪਰੀਆਂ ਨੂੰ ਸਾਰਾ ਕਾਰੋਬਾਰ ਸੌਂਪਣ ਦੀ ਤਿਆਰੀ ਵਿੱਚ ਹੈ। ਇਸ ਨਾਲ ਪੰਜਾਬ ਦੇ ਪੂਰੇ ਕਾਰੋਬਾਰ ਉਨ੍ਹਾਂ ਦੋ ਵੱਡੇ ਘਰਾਣਿਆਂ ਦੇ ਹੱਥਾਂ ਵਿੱਚ ਚਲਾ ਜਾਵੇਗਾ, ਜੋ ਕੇਜਰੀਵਾਲ ਨੂੰ ਫੰਡ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਾਰੇ ਵਪਾਰੀ ਨਵੀਂ ਐਕਸਾਈਜ਼ ਨੀਤੀ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਆਪ ਸਰਕਾਰ ਅਤੇ ਪੰਜਾਬ ਪੁਲੀਸ ਤੋਂ ਇਨਸਾਫ਼ ਦੀ ਉਮੀਦ ਨਹੀਂ ਹੈ। ਲਿਹਾਜ਼ਾ ਪੰਜਾਬ ਐਕਸਾਈਜ਼ ਨੀਤੀ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ। ਇਸ ਰੋਸ ਪ੍ਰਦਰਸ਼ਨ ਵਿੱਚ ਐਡਵੋਕੇਟ ਦਵਿੰਦਰ ਗੁਪਤਾ, ਨਰਿੰਦਰ ਸਿੰਘ ਰਾਣਾ ਅਤੇ ਮੋਨਿਕਾ ਸ਼ਰਮਾ ਸਮੇਤ ਜ਼ਿਲ੍ਹਾ ਭਾਜਪਾ ਦੇ ਸਮੂਹ ਅਹੁਦੇਦਾਰਾਂ ਸਮੇਤ ਵੱਖ-ਵੱਖ ਵਿੰਗਾਂ ਦੇ ਜ਼ਿਲ੍ਹਾ ਪ੍ਰਧਾਨ, 18 ਮੰਡਲ ਪ੍ਰਧਾਨਾਂ ਸਮੇਤ ਅਤੇ ਵੱਡੀ ਗਿਣਤੀ ਵਿੱਚ ਭਾਜਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਤੇ ਲਖਵਿੰਦਰ ਕੌਰ ਗਰਚਾ, ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਪੰਜਾਬ ਵਿੱਚ ਦਿਨੋਂ ਦਿਨ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਵਿੱਚ ਪੁਲੀਸ ਵੀ ਸੁਰੱਖਿਅਤ ਨਹੀਂ ਹੈ। ਅਜਿਹੇ ਹਾਲਾਤਾਂ ਵਿੱਚ ਸਰਕਾਰ ਤੋਂ ਇਨਸਾਫ਼ ਦੀ ਕੀ ਉਮੀਦ ਰੱਖੀ ਜਾ ਸਕਦੀ ਹੈ। ਪਿਛਲੇ ਦਿਨੀਂ ਅਜਨਾਲਾ ਥਾਣੇ ’ਤੇ ਹੋਏ ਹਮਲੇ ਵਿੱਚ ਕਈ ਪੁਲੀਸ ਕਰਮਚਾਰੀ ਜ਼ਖ਼ਮੀ ਹੋ ਗਏ ਸਨ ਪ੍ਰੰਤੂ ਹੁਣ ਹੁੱਲੜਬਾਜ਼ਾਂ ਖ਼ਿਲਾਫ਼ ਪਰਚਾ ਦਰਜ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਕਤਲ ਹੋ ਰਹੇ ਹਨ ਅਤੇ ਗੈਂਗਸਟਰ ਸ਼ਰ੍ਹੇਆਮ ਧਮਕੀਆਂ ਦੇ ਕੇ ਫਿਰੌਤੀਆਂ ਮੰਗ ਰਹੇ ਹਨ। ਪੰਜਾਬ ’ਚੋਂ ਵਪਾਰੀ ਅਤੇ ਉਦਯੋਗ ਦੂਜੇ ਰਾਜਾਂ ਵਿੱਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੇ ਕੋਲ ਗ੍ਰਹਿ ਵਿਭਾਗ ਦਾ ਚਾਰਜ ਰੱਖਣ ਦਾ ਕੋਈ ਅਧਿਕਾਰ ਨਹੀਂ ਹੈ।