ਡੇਂਗੂ ਬੁਖ਼ਾਰ ਦੀ ਆਪਣੇ ਪੱਧਰ ’ਤੇ ਪੁਸ਼ਟੀ ਨਾ ਕਰਨ ਨਿੱਜੀ ਹਸਪਤਾਲ ਤੇ ਲੈਬ ਪ੍ਰਬੰਧਕ: ਸਿਵਲ ਸਰਜਨ

ਹਰੇਕ ਸ਼ੱਕੀ ਕੇਸ ਬਾਰੇ ਜ਼ਿਲ੍ਹਾ ਸਿਹਤ ਵਿਭਾਗ ਨੂੰ ਜਾਣਕਾਰੀ ਦੇਣਾ ਲਾਜ਼ਮੀ ਕਰਾਰ ਦਿੱਤਾ

ਜਾਨਲੇਵਾ ਬੀਮਾਰੀ ਵਿਰੁੱਧ ਲੜਾਈ ਵਿੱਚ ਨਿੱਜੀ ਹਸਪਤਾਲ ਸਹਿਯੋਗ ਦੇਣ: ਡਾ. ਆਦਰਸ਼ਪਾਲ ਕੌਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਕਤੂਬਰ:
ਮੁਹਾਲੀ ਦੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਵਿਕਰਾਂਤ ਨਾਗਰਾ ਨੇ ਡੇਂਗੂ ਜਿਹੀ ਜਾਨਲੇਵਾ ਬੀਮਾਰੀ ਦੇ ਮੁਕਾਬਲੇ ਲਈ ਨਿੱਜੀ ਹਸਪਤਾਲਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਹੋਰ ਸਬੰਧਤ ਬੀਮਾਰੀਆਂ ਕਿਸੇ ਨੂੰ ਵੀ ਆਪਣੀ ਲਪੇਟ ਵਿੱਚ ਲੈ ਸਕਦੀਆਂ ਹਨ। ਇਸ ਲਈ ਸਾਰੀਆਂ ਧਿਰਾਂ ਖ਼ਾਸਕਰ ਨਿੱਜੀ ਹਸਪਤਾਲਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਨਾਲ ਹੀ ਸਿਵਲ ਸਰਜਨ ਨੇ ਨਿੱਜੀ ਹਸਪਤਾਲਾਂ ਅਤੇ ਮੈਡੀਕਲ ਲੈਬ ਪ੍ਰਬੰਧਕਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਡੇਂਗੂ ਦੇ ਕਿਸੇ ਵੀ ਸ਼ੱਕੀ ਕੇਸ ਬਾਰੇ ਆਪਣੇ ਪੱਧਰ ’ਤੇ ਪੁਸ਼ਟੀ ਨਾ ਕਰਨ ਬਲਕਿ ਇਸ ਸਬੰਧੀ ਤੁਰੰਤ ਸਿਹਤ ਵਿਭਾਗ ਨੂੰ ਜਾਣਕਾਰੀ ਦੇਣ ਤਾਂ ਜੋ ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਲੋੜੀਂਦੇ ਉਪਾਅ ਕੀਤੇ ਜਾ ਸਕਣ।
ਉਨ੍ਹਾਂ ਕਿਹਾ ਕਿ ਜਿਹੜੇ ਨਿੱਜੀ ਹਸਪਤਾਲਾਂ ਵਿੱਚ ਕਾਰਡ ਆਧਾਰਿਤ ਟੈੱਸਟ ਦੀ ਸਹੂਲਤ ਹੈ, ਉਹ ਡੇਂਗੂ ਬੁਖ਼ਾਰ ਦੀ ਪੁਸ਼ਟੀ ਨਹੀਂ ਕਰ ਸਕਦੇ। ਜਿਹੜੇ ਹਸਪਤਾਲਾਂ ਵਿੱਚ ‘ਇਲੀਸਾ’ ਆਧਾਰਿਤ ਜਾਂਚ ਸਹੂਲਤ ਹੈ, ਸਿਰਫ਼ ਉਹੀ ਹਸਪਤਾਲ ਡੇਂਗੂ ਬੁਖ਼ਾਰ ਦੀ ਪੁਸ਼ਟੀ ਕਰ ਸਕਦੇ ਹਨ ਪਰ ਉਨ੍ਹਾਂ ਲਈ ਵੀ ਸਿਹਤ ਵਿਭਾਗ ਨੂੰ ਜਾਣਕਾਰੀ ਦੇਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਮੂਹ ਨਿੱਜੀ ਹਸਪਤਾਲ ਡੇਂਗੂ ਬੁਖ਼ਾਰ ਦੇ ਟੈੱਸਟ ਅਤੇ ਇਲਾਜ ਲਈ ਭਾਰਤ ਸਰਕਾਰ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣ ਕਰਨ ਅਤੇ ਲੋਕਾਂ ਕੋਲੋਂ ਵਾਧੂ ਪੈਸੇ ਨਾ ਲੈਣ। ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਮੁਹਾਲੀ ਸਮੇਤ ਖਰੜ ਅਤੇ ਡੇਰਾਬੱਸੀ ਵਿੱਚ ਡੇਂਗੂ ਬੁਖ਼ਾਰ ਦੀ ਪੁਸ਼ਟੀ ਕਰਨ ਦੀ ਸੁਵਿਧਾ ਹੈ। ਡੇਂਗੂ ਦੀ ਜਾਂਚ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੈ।
ਸਿਵਲ ਸਰਜਨ ਨੇ ਕਿਹਾ ਕਿ ਨਿੱਜੀ ਹਸਪਤਾਲ ਆਪਣੇ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾ ਕੇ ਲੋਕਾਂ ਨੂੰ ਇਸ ਦੇ ਕਾਰਨਾਂ, ਲੱਛਣਾਂ ਅਤੇ ਇਲਾਜ ਬਾਰੇ ਸਮਝਾ ਸਕਦੇ ਹਨ। ਉਨ੍ਹਾਂ ਕਿਹਾ ਕਿ ਹਸਪਤਾਲ ਦੀਆਂ ਸਾਰੀਆਂ ਅਹਿਮ ਥਾਵਾਂ ’ਤੇ ਡੇਂਗੂ ਸਬੰਧੀ ਪੋਸਟਰ, ਫਲੈਕਸ ਬੋਰਡ ਜ਼ਰੂਰ ਲਗਾਏ ਜਾਣ। ਇਹ ਬੁਖ਼ਾਰ ਕਿਸੇ ਵੀ ਉਮਰ ਵਰਗ ਦੇ ਵਿਅਕਤੀ ਨੂੰ ਹੋ ਸਕਦਾ ਹੈ, ਇਸ ਲਈ ਸਾਰਿਆਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਡੇਂਗੂ ਨਾਲ ਲੜਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ, ਇਸ ਲਈ ਜਨਤਕ ਜਾਗਰੂਕਤਾ ਲਹਿਰ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਕਈ ਵਾਰ ਆਮ ਬੁਖ਼ਾਰ ਹੋਣ ’ਤੇ ਹੀ ਮਰੀਜ਼ਾਂ ਵਿੱਚ ਡਰ ਪੈਦਾ ਕਰ ਦਿੱਤਾ ਜਾਂਦਾ ਹੈ ਜਦਕਿ ਮਰੀਜ਼ ਨੂੰ ਉਸ ਦੀ ਸਹੀ ਹਾਲਤ ਤੋਂ ਵਾਕਫ਼ ਕਰਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰੀਰ ਅੰਦਰਲੇ ਪਲੇਟਲੈਟਸ ਜਾਂ ਸੈੱਲ ਘਟਣ ’ਤੇ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਸੈੱਲਾਂ ਦੀ ਥੋੜੀ-ਬਹੁਤ ਕਮੀ ਆਮ ਤੌਰ ’ਤੇ ਹਰੇਕ ਬੁਖ਼ਾਰ ਵਿੱਚ ਹੋ ਜਾਂਦੀ ਹੈ। ਸੈੱਲ ਘਟਣ ਦਾ ਅਰਥ ਡੇਂਗੂ ਬੁਖ਼ਾਰ ਹੋਣਾ ਬਿਲਕੁਲ ਵੀ ਨਹੀਂ ਹੈ।
(ਬਾਕਸ ਆਈਟਮ)
ਹਫ਼ਤੇ ਵਿੱਚ ਘੱਟੋ-ਘੱਟ ਇਕ ਵਾਰ ਕੂਲਰਾਂ ਅਤੇ ਫਰਿੱਜ਼ਾਂ ਦੀਆਂ ਟਰੇਆਂ ਨੂੰ ਖਾਲੀ ਕਰ ਕੇ ਸੁਕਾਇਆ ਜਾਵੇ। ਘਰਾਂ ਦੇ ਆਲੇ-ਦੁਆਲੇ ਫੁੱਲਾਂ ਦੇ ਗਮਲਿਆਂ ਅਤੇ ਟੁੱਟੇ ਭੱਜੇ ਭਾਂਡਿਆਂ ਵਿੱਚ ਪਾਣੀ ਖੜਾ ਨਾ ਹੋਣ ਦਿਉ। ਪਾਣੀ ਵਾਲੇ ਭਾਂਡਿਆਂ ਅਤੇ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ, ਇਸ ਲਈ ਅਜਿਹੇ ਕੱਪੜੇ ਪਾਓ ਜਿਨ੍ਹਾਂ ਨਾਲ ਪੂਰਾ ਸਰੀਰ ਢਕਿਆ ਰਹੇ। ਤੇਜ਼ ਬੁਖ਼ਾਰ ਹੋਣ ਦੀ ਹਾਲਤ ਵਿੱਚ ਤੁਰੰਤ ਨੇੜਲੇ ਹਸਪਤਾਲ/ਡਿਸਪੈਂਸਰੀ ਵਿੱਚ ਜਾ ਕੇ ਜਾਂਚ ਕਰਵਾਈ ਜਾਵੇ।

Load More Related Articles

Check Also

Punjab seeks legal action against BBMB Chairman for misleading hon’ble High Court

Punjab seeks legal action against BBMB Chairman for misleading hon’ble High Court Ch…