nabaz-e-punjab.com

ਡਿਊਟੀ ’ਚ ਕੁਤਾਹੀ: ਗਮਾਡਾ\ਪੁੱਡਾ ਦੇ 42 ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ, 3 ਵਿਰੁੱਧ ਚਾਰਜਸ਼ੀਟ

ਕੰਮ ਤੋਂ ਭੱਜਣ ਤੇ ਫਾਈਲਾਂ ਦੱਬ ਕੇ ਬੈਠਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਅਮਨ ਅਰੋੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਦਸੰਬਰ:
ਪੰਜਾਬ ਸਰਕਾਰ ਨੇ ਰਾਜ ਦੇ ਲੋਕਾਂ ਨੂੰ ਮੁੱਢਲੀਆਂ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਣਗਹਿਲੀ ਅਤੇ ਲੇਟ-ਲਤੀਫ਼ੀ ਵਾਲੇ ਅਧਿਕਾਰੀਆਂ ਅਤੇ ਦਫ਼ਤਰੀ ਸਟਾਫ਼ ਖ਼ਿਲਾਫ਼ ਸਖ਼ਤ ਸ਼ਿਕੰਜਾ ਕੱਸ ਦਿੱਤਾ ਹੈ। ਪੰਜਾਬ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ (ਪੁੱਡਾ) ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ 42 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ਜਦੋਂਕਿ ਤਿੰਨ ਅਫ਼ਸਰਾਂ ਜਿਨ੍ਹਾਂ ਵਿੱਚ ਦੋ ਸੀਨੀਅਰ ਸਹਾਇਕ ਅਤੇ ਇੱਕ ਸਹਾਇਕ ਅਸਟੇਟ ਅਫ਼ਸਰ ਨੂੰ ਡਿਊਟੀ ਵਿੱਚ ਕੁਤਾਹੀ ਕਰਨ ਲਈ ਚਾਰਜਸ਼ੀਟ ਕੀਤਾ ਗਿਆ ਹੈ।
ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਮੁੱਢਲੀਆਂ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਆਨਲਾਈਨ ਪ੍ਰਣਾਲੀ ਸਥਾਪਿਤ ਕੀਤੀ ਹੈ, ਜਿਸ ’ਤੇ ਵਿਭਾਗ ਨੂੰ ਪ੍ਰਾਪਤ ਅਰਜ਼ੀਆਂ ਅਤੇ ਫਾਈਲਾਂ ਦੀ ਸੀਨੀਅਰ ਅਧਿਕਾਰੀਆਂ ਅਤੇ ਖ਼ੁਦ ਉਨ੍ਹਾਂ ਵੱਲੋਂ ਨਿੱਜੀ ਤੌਰ ’ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਉਨ੍ਹਾਂ ਨੇ ਖ਼ੁਦ ਹਰ ਪੱਧਰ ’ਤੇ ਇੱਕ-ਇੱਕ ਪੈਂਡਿੰਗ ਕੇਸ ਦੀ ਨਿੱਜੀ ਤੌਰ ’ਤੇ ਪੜਤਾਲ ਕੀਤੀ। ਇਸ ਦੌਰਾਨ ਸਾਹਮਣੇ ਆਇਆ ਕਿ 45 ਅਧਿਕਾਰੀਆਂ/ਕਰਮਚਾਰੀਆਂ, ਜਿਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ, ਦੇ ਪੱਧਰ ’ਤੇ ਸਭ ਤੋਂ ਵੱਧ ਪੈਂਡੈਂਸੀ ਸੀ। ਇਨ੍ਹਾਂ ’ਚੋਂ ਤਿੰਨ ਨੂੰ ਕਾਰਨ ਦੱਸੋ ਨੋਟਿਸਾਂ ਦਾ ਜਵਾਬ ਨਾ ਦੇਣ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਲਈ ਚਾਰਜਸ਼ੀਟ ਕੀਤਾ ਗਿਆ ਹੈ।
ਮੰਤਰੀ ਨੇ ਸਪੱਸ਼ਟ ਕੀਤਾ ਕਿ ਕੇਸਾਂ ਦੀ ਕਲੀਅਰੈਂਸ ਵਿੱਚ ਬੇਲੋੜੀ ਦੇਰੀ ਕਰਨ ਨਾਲ ਜਿੱਥੇ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈਂਦਾ ਹੈ, ਉੱਥੇ ਹੀ ਅਨੈਤਿਕ ਤੇ ਭ੍ਰਿਸ਼ਟਾਚਾਰ ਨੂੰ ਹੱਲਾਸ਼ੇਰੀ ਮਿਲਦੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭਵਿੱਖ ਵਿੱਚ ਵੀ ਆਪਣੀ ਨੈਤਿਕ ਜ਼ਿੰਮੇਵਾਰੀ ਫ਼ਰਜ਼ਾਂ ਅਤੇ ਸੇਵਾ ਨਿਯਮਾਂ ਤੋਂ ਭੱਜਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਹੜੇ ਤਿੰਨ ਅਧਿਕਾਰੀਆਂ ਨੂੰ ਚਾਰਜਸ਼ੀਟ ਕੀਤਾ ਗਿਆ ਹੈ, ਉਨ੍ਹਾਂ ਵਿੱਚ ਗਮਾਡਾ ਦੇ ਸੀਨੀਅਰ ਸਹਾਇਕ ਪਰਮਿੰਦਰ ਸਿੰਘ, ਜਸਪਾਲ ਕੌਰ ਸਹਾਇਕ ਅਸਟੇਟ ਅਫ਼ਸਰ ਪਟਿਆਲਾ ਵਿਕਾਸ ਅਥਾਰਟੀ ਅਤੇ ਰਾਜੇਸ਼ ਕੁਮਾਰ ਸੀਨੀਅਰ ਸਹਾਇਕ (ਲੇਖਾ) ਅੰਮ੍ਰਿਤਸਰ ਵਿਕਾਸ ਅਥਾਰਟੀ ਸ਼ਾਮਲ ਹਨ।
ਜਿਨ੍ਹਾਂ 42 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਵਿੱਚ ਅੰਮ੍ਰਿਤਸਰ ਵਿਕਾਸ ਅਥਾਰਟੀ ਦਾ ਇੱਕ ਜੂਨੀਅਰ ਇੰਜੀਨੀਅਰ (ਸਿਵਲ), ਜਲੰਧਰ ਵਿਕਾਸ ਅਥਾਰਟੀ ਦੇ ਚਾਰ ਜੂਨੀਅਰ ਇੰਜੀਨੀਅਰ, ਬਠਿੰਡਾ ਵਿਕਾਸ ਅਥਾਰਟੀ ਦਾ ਇੱਕ ਸੈਕਸ਼ਨ ਅਫ਼ਸਰ (ਐਸ.ਓ) ਅਤੇ ਇੱਕ ਸੀਨੀਅਰ ਸਹਾਇਕ (ਲੇਖਾ) ਅਤੇ ਗਲਾਡਾ ਦੇ ਚਾਰ ਸੀਨੀਅਰ ਸਹਾਇਕ (ਲੇਖਾ), ਇੱਕ ਸਹਾਇਕ ਅਸਟੇਟ ਅਫਸਰ, ਇੱਕ ਸਬ ਡਿਵੀਜ਼ਨ ਇੰਜੀਨੀਅਰ (ਸਿਵਲ), ਇੱਕ ਸੁਪਰਡੈਂਟ ਅਤੇ ਇੱਕ ਐਸਓ ਸ਼ਾਮਲ ਹੈ।
ਇੰਜ ਹੀ ਗਮਾਡਾ ਦੇ 27 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਵਿਚ ਇੱਕ ਅਸਟੇਟ ਅਫਸਰ (ਮਕਾਨ ਉਸਾਰੀ), ਇੱਕ ਅਸਟੇਟ ਅਫਸਰ (ਪਲਾਟ), ਤਿੰਨ ਸਹਾਇਕ ਅਸਟੇਟ ਅਫਸਰ, ਚਾਰ ਸੁਪਰਡੈਂਟ (ਅਸਟੇਟ ਦਫ਼ਤਰ), ਦੋ ਸੀਨੀਅਰ ਸਹਾਇਕ (ਲੇਖਾ), ਸੱਤ ਕਲਰਕ, ਸੱਤ ਸੀਨੀਅਰ ਸਹਾਇਕ ਤੇ ਦੋ ਜੇਈ (ਸਿਵਲ) ਸ਼ਾਮਲ ਹਨ। ਡਿਊਟੀ ਤੋਂ ਟਾਲਾ ਵੱਟਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਆਪਣੇ ਫ਼ਰਜ਼ ਪ੍ਰਤੀ ਲੋਕ-ਸੇਵਕਾਂ ਦੀ ਟਾਲ਼-ਮਟੋਲ ਵਾਲੀ ਪਹੁੰਚ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…