ਹੁਣ ਲਖੀਮਪੁਰ ਖੀਰੀ ਦੀਆਂ ਬਰੂਹਾਂ ’ਤੇ ਗਰਜ਼ਣਗੇ ਪੰਜਾਬ ਦੇ ਕਿਸਾਨ

ਅਗਨੀਪਥ ਯੋਜਨਾ ਵਿਰੁੱਧ 16 ਅਗਸਤ ਨੂੰ ਸਮੂਹ ਡਿਪਟੀ ਕਮਿਸ਼ਨਰਾਂ ਰਾਹੀਂ ਦਿੱਤੇ ਜਾਣਗੇ ਮੰਗ ਪੱਤਰ

ਕਿਸਾਨਾਂ ਦੀ ਮੀਟਿੰਗ ਵਿੱਚ ਗੂੰਜਿਆਂ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਗਸਤ:
ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਮੌਕੇ ਕਿਸਾਨਾਂ ਨਾਲ ਕੀਤੇ ਵਾਅਦੇ ਹਾਲੇ ਤੱਕ ਵਫ਼ਾ ਨਹੀਂ ਹੋਏ। ਲਖਮੀਰਪੁਰ ਖੀਰੀ ਘਟਨਾ ਅਤੇ ਐੱਮਐਸਪੀ ਗਾਰੰਟੀ ਕਾਨੂੰਨ ਬਣਾਉਣ ਸਮੇਤ ਹੋਰ ਜਾਇਜ਼ ਮੰਗਾਂ ਸਬੰਧੀ ਕਿਸਾਨਾਂ ਦੀ ਉਡੀਕ ਲਗਾਤਾਰ ਲੰਮੀ ਹੁੰਦੀ ਜਾ ਰਹੀ ਹੈ। ਜਿਸ ਕਾਰਨ ਅੰਨਦਾਤਾਵਾਂ ਵਿੱਚ ਸਮੇਂ ਦੀਆਂ ਸਰਕਾਰਾਂ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਕਿਸਾਨ ਮੁੜ ਤੋਂ ਸੰਘਰਸ਼ ਵਿੱਢਣ ਦੇ ਰੌਂਅ ਵਿੱਚ ਹਨ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਅਗਨੀਪਥ ਯੋਜਨਾ ਖ਼ਿਲਾਫ਼ 16 ਅਗਸਤ ਨੂੰ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਰਾਹੀਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜੇ ਜਾਣਗੇ ਅਤੇ ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਨਾ ਦੇਣ ਅਤੇ ਐੱਮਐੱਸਪੀ ਗਰੰਟੀ ਕਾਨੂੰਨੀ ਨਾ ਬਣਾਏ ਜਾਣ ਦੇ ਰੋਸ ਵਜੋਂ 18, 19 ਅਤੇ 20 ਅਗਸਤ ਨੂੰ 72 ਘੰਟੇ ਲਈ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਵਿੱਚ ਪਹਿਲਾਂ ਵਾਂਗ ਪੰਜਾਬ ’ਚੋਂ ਹਜ਼ਾਰਾਂ ਦੀ ਗਿਣਤੀ ਕਿਸਾਨ ਸ਼ਮੂਲੀਅਤ ਕਰਨਗੇ। ਪੰਜਾਬ ’ਚੋਂ ਕਿਸਾਨ ਵੱਡੇ ਕਾਫ਼ਲਿਆਂ ਰਾਹੀਂ 17 ਅਗਸਤ ਨੂੰ ਲਖੀਮਪੁਰ ਖੀਰੀ ਲਈ ਰਵਾਨਾ ਹੋਣਗੇ। ਇਸ ਸਬੰਧੀ ਅੱਜ ਯੂਨੀਅਨ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ, ਜੋ ਸ਼ਹਿਰਾਂ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਨੁੱਕੜ ਮੀਟਿੰਗ ਕਰਕੇ ਸੰਘਰਸ਼ ਵਿੱਚ ਪਹੁੰਚਣ ਲਈ ਕਿਸਾਨਾਂ ਦੀ ਲਾਮਬੰਦੀ ਕਰਨਗੇ।
ਸ੍ਰੀ ਲੱਖੋਵਾਲ ਨੇ ਸੰਘਰਸ਼ ਦੀ ਰੂਪਰੇਖਾ ਬਾਰੇ ਦੱਸਦਿਆਂ ਕਿਹਾ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੇ ਨਿਰਣੇ ਦਾ ਇੰਤਜ਼ਾਰ ਕਰ ਰਹੇ ਹਨ। ਫਿਰ ਤੋਂ ਪਿੰਡ ਪੱਧਰ ਤੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਖੇਤੀ ਕਾਨੂੰਨ ਵਾਪਸ ਕਰਨ ਸਮੇਂ ਕਿਸਾਨਾਂ ਨੇ ਆਪਣਾ ਅੰਦੋਲਨ ਖ਼ਤਮ ਨਹੀਂ ਕੀਤਾ ਸੀ ਬਲਕਿ ਧਰਨਾ ਪ੍ਰਦਰਸ਼ਨ ਮੁਲਤਵੀ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਹਿਲਾਂ ਵੀ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਭਲਕੇ ਵੀ ਨਵੀਂ ਦਿੱਲੀ ਵਿੱਚ ਮੀਟਿੰਗ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐੱਮਐੱਸਪੀ ’ਤੇ ਪਹਿਲਾਂ ਵੀ ਕਈ ਕਮੇਟੀਆਂ ਬਣੀਆਂ ਹਨ ਪਰ ਹੁਣ ਤੱਕ ਕੋਈ ਸਿੱਟਾ ਨਹੀਂ ਨਿਕਲਿਆ। ਲਿਹਾਜ਼ਾ ਭਾਜਪਾ ਦੀ ਤਾਜ਼ਾ ਕਮੇਟੀ ਵੀ ਕਿਸਾਨਾਂ ਨੂੰ ਮਨਜ਼ੂਰ ਨਹੀਂ ਹੈ ਕਿਉਂਕਿ ਇਸ ਕਮੇਟੀ ਵਿੱਚ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦਾ ਕੋਈ ਨੁਮਾਇੰਦਾ ਸ਼ਾਮਲ ਨਹੀਂ ਕੀਤਾ ਗਿਆ ਹੈ।
ਜ਼ਮੀਨਾਂ ਐਕਵਾਇਰ ਕਰਨ ਅਤੇ ਨੁਕਸਾਨੀ ਫ਼ਸਲਾਂ ਦੇ ਮੁਆਵਜ਼ੇ ਦੇ ਮੁੱਦੇ ’ਤੇ ਬੋਲਦਿਆਂ ਲੱਖੋਵਾਲ ਨੇ ਕਿਹਾ ਕਿ ਪਿੱਛੇ ਜਿਹੇ ਮੁੱਖ ਮੰਤਰੀ ਨਾਲ ਮੀਟਿੰਗਾਂ ਕੀਤੀਆਂ ਗਈਆਂ ਸਨ, ਕੋਈ ਹੱਲ ਨਹੀਂ ਹੋਇਆ। ਉਨ੍ਹਾਂ ਮੰਗ ਕੀਤੀ ਕਿ ਫ਼ਸਲਾਂ ਦਾ ਬੀਮਾ ਕੀਤਾ ਜਾਵੇ ਅਤੇ ਪੀੜਤ ਕਿਸਾਨਾਂ ਨੂੰ ਫੌਰੀ ਤੌਰ ’ਤੇ ਵਿੱਤੀ ਰਾਹਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਸੜਕਾਂ ਬਣਾਉਣ ਲਈ ਜ਼ਮੀਨਾਂ ਦੇਣ ਨੂੰ ਤਿਆਰ ਹਨ ਪ੍ਰੰਤੂ ਕਿਸਾਨਾਂ ਨੂੰ ਮੌਜੂਦਾ ਮਾਰਕੀਟ ਭਾਅ ਨਾਲੋਂ ਤਿੰਨ ਗੁਣਾ ਵੱਧ ਭਾਅ ਦਿੱਤਾ ਜਾਵੇ। ਮੀਟਿੰਗ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਚੁੱਕਿਆ ਗਿਆ। ਸ੍ਰੀ ਲੱਖੋਵਾਲ ਨੇ ਕਿਹਾ ਕਿ ਕਾਨੂੰਨ ਮੁਤਾਬਕ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਬਿਲਕੁਲ ਧਿਆਨ ਨਹੀਂ ਦਿੱਤਾ ਅਤੇ ਹੁਣ ਆਪ ਸਰਕਾਰ ਵੀ ਉਸੇ ਰਾਹ ਪੈ ਗਈ ਹੈ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ, ਸਕੱਤਰ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ, ਗੁਰਨਾਮ ਸਿੰਘ ਦਾਊਂ, ਕੁਲਦੀਪ ਸਿੰਘ, ਹਰਸਿਮਰਨ ਸਿੰਘ ਬੰਨੀ, ਨਰਿੰਦਰ ਸਿੰਘ ਨੱਤ ਪ੍ਰੇਮਗੜ੍ਹ, ਜਸਵੰਤ ਸਿੰਘ ਪੂਨੀਆ, ਗੁਰਿੰਦਰ ਸਿੰਘ ਪੋਪਨਾ, ਬਲਬੀਰ ਸਿੰਘ ਅਮਰਾਲਾ, ਭਜਨ ਸਿੰਘ ਦੁਰਾਲੀ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪ੍ਰਧਾਨ ਹਰਨੇਕ ਸਿੰਘ ਮਟੇੜੀ, ਰੂਪਨਗਰ ਦੇ ਪ੍ਰਧਾਨ ਦਲਜੀਤ ਸਿੰਘ ਚਲਾਕੀ, ਹਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਕਿਸਾਨ ਮੌਜੂਦ ਸਨ।

Check Also

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ ਨਬਜ਼-ਏ-ਪੰਜਾਬ, ਮੁਹਾਲੀ, 26…