Nabaz-e-punjab.com

ਤਿੰਨ ਐਨਆਰਆਈ ਭਰਾਵਾਂ ਨਾਲ ਠੱਗੀ: ਸ਼ਿਵਾਲਿਕ ਸਿਟੀ ਦੇ ਮਾਲਕਾਂ ਦੇ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ

ਹਾਈ ਕੋਰਟ ਦੇ ਦਖ਼ਲ ਨਾਲ ਹੋਈ ਕਲੋਨਾਈਜਰਾਂ ਵਿਰੁੱਧ ਕਾਨੂੰਨੀ ਕਾਰਵਾਈ, ਪਹਿਲਾਂ ਪੁਲੀਸ ਵੱਟ ਰਹੀ ਸੀ ਕਾਰਾਈ ਤੋਂ ਟਾਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਪਰੈਲ:
ਇੱਥੋਂ ਦੇ ਫੇਜ਼-7 ਸਥਿਤ ਪੰਜਾਬ ਪੁਲੀਸ ਦੇ ਐਨਆਰਆਈ ਵਿੰਗ ਨੇ ਆਪਣੀ ਚੁੱਪੀ ਤੋੜਦਿਆਂ ਤਿੰਨ ਐਨਆਰਆਈ ਭਰਾਵਾਂ ਜਸਮੇਰ ਸਿੰਘ ਮਠਾੜੂ ਹਰਨੇਕ ਸਿੰਘ ਮਠਾੜੂ ਅਤੇ ਸ਼ਮਸ਼ੇਰ ਸਿੰਘ ਮਠਾੜੂ ਦੀ ਸ਼ਿਕਾਇਤ ’ਤੇ ਜ਼ਮੀਨ ਦੀ ਖ਼ਰੀਦੋ ਫ਼ਰੋਖ਼ਤ ਦੇ ਮਾਮਲੇ ਵਿੱਚ ਲੱਖਾਂ ਰੁਪਏ ਦੀ ਕਥਿਤ ਠੱਗੀ ਮਾਰਨ ਵਾਲੇ ਸ਼ਿਵਾਲਿਕ ਸਿਟੀ ਦੇ ਮਾਲਕਾਂ ਅਮਨਪ੍ਰੀਤ ਸਿੰਘ ਹੀਰਾ, ਅਮਨਦੀਪ ਸਿੰਘ ਹੀਰਾ ਅਤੇ ਦਲਜੀਤ ਸਿੰਘ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 420, 406, 120ਬੀ ਅਧੀਨ ਕੇਸ ਦਰਜ ਕਰ ਲਿਆ ਹੈ। ਫਿਲਹਾਲ ਸਾਰੇ ਮੁਲਜ਼ਮ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਹਾਲਾਂਕਿ ਪਹਿਲਾਂ ਪੁਲੀਸ ਜਾਂਚ ਦੀ ਆੜ ਵਿੱਚ ਕਲੋਨਾਈਜਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਤੋਂ ਟਾਲਾ ਵੱਟਦੀ ਆ ਰਹੀ ਸੀ। ਪਿਛਲੇ ਦਿਨੀਂ ਹਾਈ ਕੋਰਟ ਨੇ ਪੁਲੀਸ ਦੀ ਲੇਟ ਲਤੀਫ਼ੀ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਦੇ ਐਨਆਰਆਈ ਵਿੰਗ ਦੇ ਏਡੀਜੀਪੀ ਨੂੰ ਨੋਟਿਸ ਜਾਰੀ ਕਰਕੇ ਸਹੀ ਤੱਥ ਪੇਸ਼ ਕਰਨ ਦਾ ਹੁਕਮ ਜਾਰੀ ਕੀਤੇ ਸਨ। ਇਸ ਤਰ੍ਹਾਂ ਹਾਈ ਕੋਰਟ ਦੇ ਦਖ਼ਲ ਤੋਂ ਬਾਅਦ ਪੁਲੀਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਗਿਆ।
ਇਸ ਕੇਸ ਦੀ ਪੈਰਵੀ ਕਰ ਰਹੇ ਪੰਜਾਬ ਅਗੇਂਸਟ ਕੁਰੱਪਸ਼ਨ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਅਤੇ ਵਕੀਲਾਂ ਨੇ ਦੱਸਿਆ ਕਿ ਪਿੰਡ ਸੰਤੇਮਾਜਰਾ ਦੇ ਮੂਲ ਵਸਨੀਕ ਅਤੇ ਇੱਥੋਂ ਦੇ ਸਨਅਤੀ ਏਰੀਆ ਫੇਜ਼-7 ਵਿੱਚ ਫੈਕਟਰੀਆਂ ਦੇ ਮਾਲਕ ਤਿੰਨ ਐਨਆਰਆਈ ਭਰਾਵਾਂ ਜਸਮੇਰ ਸਿੰਘ ਮਠਾੜੂ, ਹਰਨੇਕ ਸਿੰਘ ਮਠਾੜੂ ਅਤੇ ਸ਼ਮਸ਼ੇਰ ਸਿੰਘ ਨੇ ਆਪਣੇ ਪਿੰਡ ਨੇੜੇ ਇੱਕ ਮੈਗਾ ਹਾਊਸਿੰਗ ਦੇ ਪ੍ਰਬੰਧਕਾਂ ਨਾਲ ਤਾਲਮੇਲ ਕਰਕੇ ਸਾਲ 2011 ਵਿੱਚ ਤਿੰਨ ਪਲਾਟ ਖਰੀਦੇ ਸਨ। ਜਿਸ ਦੀ ਰਜਿਸਟਰੀ ਅਤੇ ਇੰਤਕਾਲ ਵੀ ਕਰਵਾ ਦਿੱਤੇ ਗਏ ਸੀ। ਪ੍ਰੰਤੂ ਜਦੋਂ ਐਨਆਰਆਈ ਭਰਾਵਾਂ ਨੇ ਆਪਣੇ ਪਲਾਟਾਂ ਦਾ ਕਬਜ਼ਾ ਲੈਣ ਦੀ ਕੋਸ਼ਿਸ਼ ਕੀਤੀ ਤਾਂ ਪਤਾ ਲੱਗਾ ਕਿ ਸਬੰਧਤ ਪਲਾਟਾਂ ਦਾ ਅਸਲ ਵਿੱਚ ਕੋਈ ਵਜੂਦ ਹੀ ਨਹੀਂ ਹੈ। ਬਿਲਡਰਾਂ ਨਾਲ ਝਗੜਾ ਪੈਣ ਤੋਂ ਬਾਅਦ ਉਨ੍ਹਾਂ ਨੇ ਇਨ੍ਹਾਂ ਪਲਾਟਾਂ ਬਦਲੇ ਉਨ੍ਹਾਂ ਨੂੰ ਸੈਕਟਰ-116 ਵਿੱਚ ਹੋਰ ਪਲਾਟ ਦੇਣ ਦੇ ਸੁਪਨੇ ਦਿਖਾ ਕੇ ਦੂਜੀ ਵਾਰ ਗਮਾਡਾ ਅਧਿਕਾਰੀਆਂ ਨਾਲ ਮਿਲ ਕੇ ਉਹ ਪਲਾਟ ਵੀ ਵੇਚ ਦਿੱਤੇ।
ਸ੍ਰੀ ਦਾਊਂ ਨੇ ਦੱਸਿਆ ਕਿ ਹਾਲਾਂਕਿ ਬਿਲਡਰਾਂ ਨੇ ਇਹ ਲਿਖ ਕੇ ਦਿੱਤਾ ਸੀ ਕਿ ਜੇਕਰ ਮਠਾੜੂ ਭਰਾਵਾਂ ਨੂੰ ਪਲਾਟਾਂ ਦਾ ਕਬਜ਼ਾ ਨਹੀਂ ਮਿਲਦਾ ਤਾਂ ਉਹ 90 ਲੱਖ ਰੁਪਏ ਹਰਜਾਨੇ ਦੇ ਰੂਪ ਵਿੱਚ ਦੇਣਗੇ ਪ੍ਰੰਤੂ ਹੁਣ ਤੱਕ ਪੀੜਤਾਂ ਨੂੰ ਪਲਾਟਾਂ ਦਾ ਕਬਜ਼ਾ ਨਹੀਂ ਮਿਲਿਆ ਅਤੇ ਉਹ ਪਿਛਲੇ ਅੱਠ ਸਾਲਾਂ ਤੋਂ ਆਪਣੇ ਪੈਸੇ ਵਾਪਸ ਲੈਣ ਲਈ ਬਿਲਡਰਾਂ ਅਤੇ ਪੁਲੀਸ ਅਧਿਕਾਰੀਆਂ ਦੇ ਤਰਲੇ ਕੱਢ ਰਹੇ ਹਨ। ਉਨ੍ਹਾਂ ਦੱਸਿਆ ਕਿ ਸੰਸਥਾ ਦੇ ਕਾਨੂੰਨੀ ਸੈੱਲ ਦੇ ਮੈਂਬਰ ਵਕੀਲ ਰਾਜਵਿੰਦਰ ਸਿੰਘ ਬੈਂਸ ਅਤੇ ਲਵਨੀਤ ਠਾਕੁਰ ਨੇ ਪੰਜਾਬ ਪੁਲੀਸ ਦੇ ਐਨਆਰਆਈ ਵਿੰਗ ਦੇ ਏਡੀਜੀਪੀ ਨੂੰ ਸ਼ਿਕਾਇਤ ਦੇ ਕੇ ਬਿਲਡਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਸੀ। ਇਸ ਮੌਕੇ ਵਕੀਲ ਤੇਜਿੰਦਰ ਸਿੰਘ ਸਿੱਧੂ, ਪੀਐਸ ਗਰੇਵਾਲ, ਗਮਦੂਰ ਸਿੰਘ, ਸੁਖਵਿੰਦਰ ਸਿੰਘ ਅਤੇ ਯੂਥ ਆਗੂ ਹਨੀ ਲਾਲੜੂ ਮੌਜੂਦ ਸਨ।
(ਬਾਕਸ ਆਈਟਮ)
ਪੰਜਾਬ ਅਗੇਂਸਟ ਕੁਰੱਪਸ਼ਨ ਸੰਸਥਾ ਦੇ ਚੇਅਰਮੈਨ ਡਾ. ਦਲੇਰ ਸਿੰਘ ਮੁਲਤਾਨੀ ਨੇ ਕਿਹਾ ਪੰਜਾਬ ਦੇ ਨੌਜਵਾਨ, ਬੇਰੁਜ਼ਗਾਰੀ, ਕਾਨੂੰਨ ਦੀ ਦੁਰਵਰਤੋਂ ਅਤੇ ਮਾਫੀਆ ਰਾਜ ਤੋਂ ਤੰਗ ਹੋ ਕੇ ਵਿਦੇਸ਼ਾਂ ਵਿੱਚ ਜਾ ਰਹੇ ਹਨ। ਵਿਦੇਸ਼ਾਂ ਵਿੱਚ ਆਰਥਿਕ ਤੌਰ ’ਤੇ ਮਜ਼ਬੂਤ ਹੋਣ ਅਤੇ ਬਾਕੀ ਸੁਪਨੇ ਪੂਰੇ ਕਰਨ ਤੋਂ ਬਾਅਦ ਵੀ ਉਹ ਆਪਣੀਆਂ ਮੋਹ ਦੀਆਂ ਤੰਦਾਂ ਪੰਜਾਬ ਨਾਲ ਜੋੜੀ ਰੱਖਦੇ ਹਨ। ਜਿਸਦਾ ਕਾਰਨ ਆਪਣੀ ਮਿੱਟੀ ਨਾਲ ਮੋਹ ਅਤੇ ਪੰਜਾਬ ਸਰਕਾਰ ਵੱਲੋਂ ਦਿਖਾਏ ਜਾਂਦੇ ਸਬਜ਼ਬਾਗ ਹਨ। ਜਿਸ ਕਾਰਨ ਐਨਆਰਆਈ ਭਾਈਚਾਰਾ ਸੂਬੇ ਵਿੱਚ ਪੂੰਜੀਨਿਵੇਸ਼ ਕਰਕੇ ਪੰਜਾਬ ਨੂੰ ਖੁਸ਼ਹਾਲ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਰਿਹਾ ਹੈ ਪ੍ਰੰਤੂ ਇਨ੍ਹਾਂ ’ਚੋਂ ਜ਼ਿਆਦਾਤਰ ਨਾਲ ਪੰਜਾਬ ਵਿੱਚ ਫੈਲੇ ਭ੍ਰਿਸ਼ਟਾਚਾਰ ਅਤੇ ਮਾਫੀਆ ਦੇ ਸਰਕਾਰੀ ਵਿਭਾਗਾਂ ਨਾਲ ਗੱਠਜੋੜ ਕਾਰਨ ਐਨਆਰਆਈ ਠੱਗੇ ਜਾ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…