ਪਹਿਲਕਦਮੀ: ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਅੱਗੇ ਆਏ ਐਨਆਰਆਈਜ਼

ਐਨਆਰਆਈ ਵਿਅਕਤੀਆਂ ਨੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਕੀਤੀ ਅਹਿਮ ਮੀਟਿੰਗ

ਨਵਾਂ ਸ਼ਹਿਰ ਵਿੱਚ ਐਨਆਰਆਈ ਦਾਨੀ ਸੱਜਣਾਂ ਵੱਲੋਂ 10 ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਸਮਾਨ ਦੇਣ ਦਾ ਐਲਾਨ

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕ ਬਹੁਤ ਹੀ ਮਿਹਨਤੀ ਤੇ ਤਜ਼ੁਰਬੇਕਾਰ: ਕ੍ਰਿਸ਼ਨ ਕੁਮਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਫਰਵਰੀ:
ਸਿੱਖਿਆ ਵਿਭਾਗ ਪੰਜਾਬ ਵਿੱਚ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਯਤਨਸ਼ੀਲ ਹੈ। ਇਸ ਸਬੰਧੀ ਅਧਿਆਪਕਾਂ ਅਤੇ ਸਮਾਜ ਸੇਵੀ ਵਿਅਕਤੀਆਂ ਦੇ ਸਹਿਯੋਗ ਅਨੇਕਾਂ ਕਾਰਜ ਕੀਤੇ ਜਾ ਰਹੇ ਹਨ ਅਤੇ ਸਮੇਂ ਸਮੇਂ ਸਿਰ ਐਨਆਰਆਈਜ਼ ਨੂੰ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ। ਜਿਸ ਦੇ ਚੰਗੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ। ਅੱਜ ਐਨਆਰਆਈ ਸੱਜਣਾਂ ਨੇ ਸਿੱਖਿਆ ਭਵਨ ਵਿੱਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਮੁਲਾਕਾਤ ਕੀਤੀ ਅਤੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕ ਬਹੁਤ ਹੀ ਮਿਹਨਤੀ ਤੇ ਤਜ਼ੁਰਬੇਕਾਰ ਹਨ। ਪੰਜਾਬ ਵਿੱਚ ਲਗਭਗ 3 ਹਜ਼ਾਰ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਤਿਆਰ ਕੀਤਾ ਜਾ ਚੁੱਕਾ ਹੈ ਅਤੇ ਸੈਂਕੜੇ ਹੋਰ ਸਕੂਲਾਂ ਵਿੱਚ ਸਰਕਾਰ ਦੇ ਯਤਨਾਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਕੰਮ ਤਸੱਲੀਬਖ਼ਸ਼ ਚਲ ਰਿਹਾ ਹੈ। ਪਿਛਲੇ ਸਮੇਂ ਦੌਰਾਨ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੇ ਸਰਕਾਰੀ ਸਕੂਲਾਂ ਦੀ ਖੂਬਸੂਰਤ ਇਮਾਰਤਾਂ ਬਣਾਉਣ ਤੇ ਹੋਰ ਲੋੜੀਂਦੀਆਂ ਸਹੂਲਤਾਂ ਦੇਣ ਲਈ ਆਪਣੇ ਹੱਥ ਵਧਾਏ ਹਨ।
ਇਸ ਮੌਕੇ ਐਨਆਰਆਈ ਤਰਲੋਚਨ ਸਿੰਘ ਡੈਂਲਵਰ ਯੂਐਸਏ ਨੇ ਜ਼ਿਲ੍ਹਾ ਨਵਾਂ ਸ਼ਹਿਰ ਦੇ ਪੰਜ ਸਕੂਲਾਂ ਭਾਰਟਾ ਖੁਰਦ, ਭਾਰਟਾ ਕਲਾਂ, ਬਜ਼ੀਦ ਪੁਰ, ਗੁਰੂ ਨਾਨਕ ਪੁਰਾ, ਕੰਗ ਦੀ ਕਲਿਆ ਕਲਪ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨਾਲ ਗੁਰਚਰਨ ਸਿੰਘ ਬੜਿੰਗ ਰਿਚਮੰਡ ਹਿੱਲ ਨਿਊਯਾਰਕ ਵੀ ਸਨ।
ਸਿੱਖਿਆ ਸਕੱਤਰ ਨੇ ਇਨ੍ਹਾਂ ਐਨਆਰਆਈਜ਼ ਦਾ ਸਵਾਗਤ ਕਰਦਿਆਂ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਲੋੜੀਂਦੀਆਂ ਸਹੂਲਤਾਂ ਉਪਲਬਧ ਕਰਵਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਪ੍ਰਾਜੈਕਟ ਇੰਚਾਰਜ ਹਰਜੀਤ ਸਿੰਘ ਨੇ ਦੱਸਿਆ ਕਿ ਐਨਆਰਆਈ ਭਰਾਵਾਂ ਵੱਲੋਂ 13 ਫਰਵਰੀ ਨੂੰ ਨਵਾਂ ਸ਼ਹਿਰ ਵਿੱਚ ਇੱਕ ਪ੍ਰਭਾਵਸ਼ਾਲੀ ਸਮਾਗਮ ਕੀਤਾ ਜਾ ਰਿਹਾ ਹੈ। ਜਿਸ ਦੌਰਾਨ 10 ਸਕੂਲਾਂ ਨੂੰ ਸਮਾਰਟ ਬਣਾਉਣ ਸਬੰਧੀ ਲੋੜੀਂਦਾ ਸਮਾਨ ਦਿੱਤਾ ਜਾਵੇਗਾ। ਇਸ ਮੌਕੇ ਡੀਪੀਆਈ (ਸੈਕੰਡਰੀ) ਸੁਖਜੀਤਪਾਲ ਸਿੰਘ, ਪੜ੍ਹੋ ਪੰਜਾਬ ਤੇ ਪੜ੍ਹਾਓ ਪੰਜਾਬ ਦੇ ਸਟੇਟ ਕੋਅਰਡੀਨੇਟਰ ਡਾ. ਦਵਿੰਦਰ ਸਿੰਘ ਬੋਹਾ, ਜ਼ਿਲ੍ਹਾ ਸਮਾਰਟ ਸਕੂਲ ਮੈਂਟਰ ਲੁਧਿਆਣਾ ਤੋਂ ਮੰਜੂ ਭਾਰਦਵਾਜ ਅਤੇ ਹੁਸ਼ਿਆਰਪੁਰ ਤੋਂ ਸ਼ਲਿੰਦਰ ਸਿੰਘ ਤੇ ਐਨਆਰਆਈ ਸੱਜਣ ਮੌਜੂਦ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…