
ਵਿਸਾਖੀ ਮੌਕੇ ਧਾਰਮਿਕ ਅਸਥਾਨਾਂ ’ਤੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਲਈ ਪ੍ਰਚਾਰ ਕਰਨਗੇ ਅਧਿਆਪਕ
ਸ੍ਰੀ ਦਰਬਾਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ ਤੇ ਹੋਰ ਪ੍ਰਮੁੱਖ ਸਥਾਨਾਂ ’ਤੇ ਲੱਗਣਗੀਆਂ ਪ੍ਰਚਾਰ ਸਟਾਲਾਂ
ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਲਈ ਅਧਿਆਪਕਾਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਅਧਿਕਾਰੀਆਂ ਵਿੱਚ ਭਾਰੀ ਉਤਸ਼ਾਹ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਪਰੈਲ:
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਵੇਂ ਸੈਸ਼ਨ-2021-22 ਲਈ ਦਾਖ਼ਲੇ ਸ਼ੁਰੂ ਹੋ ਚੁੱਕੇ ਹਨ। ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਦੇਖਰੇਖ ਵਿੱਚ ਨਵੇਂ ਦਾਖ਼ਲਿਆਂ ਲਈ ਜਾਰੀ ਦਾਖ਼ਲਾ ਮੁਹਿੰਮ ‘ਈਚ ਵਨ ਬਰਿੰਗ ਵਨ’ ਤਹਿਤ ਅਧਿਆਪਕਾਂ, ਸਕੂਲ ਮੁਖੀਆਂ, ਸਕੂਲ ਮੈਨੇਜਮੈਂਟ ਕਮੇਟੀਆਂ, ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਮੁੱਖ ਦਫ਼ਤਰ ਦੇ ਉੱਚ-ਅਧਿਕਾਰੀਆਂ ਵੱਲੋਂ ਤਨਦੇਹੀ ਨਾਲ ਕਾਰਜ ਕੀਤਾ ਜਾ ਰਿਹਾ ਹੈ। ਮੌਜੂਦਾ ਸਮੇਂ ਵਿੱਚ ਪਿੰਡਾਂ ਦੀਆਂ ਸੱਥਾਂ ਵਿੱਚ ਜਾਗਰੂਕਤਾ ਦਾ ਹੋਕਾ ਦਿੱਤਾ ਜਾ ਰਿਹਾ ਹੈ।
ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਸਾਖੀ ਦੇ ਦਿਹਾੜੇ ਮੌਕੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ ਅਗਵਾਈ ਹੇਠ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰਦੁਆਰਾ ਦੁਖ ਨਿਵਾਰਨ ਸਾਹਿਬ ਪਟਿਆਲਾ ਸਮੇਤ ਹੋਰਨਾਂ ਪ੍ਰਮੁੱਖ ਧਾਰਮਿਕ ਥਾਵਾਂ ’ਤੇ ਲੱਗਣ ਵਾਲੇ ਵਿਸਾਖੀ ਮੇਲਿਆਂ ਦੇ ਮੌਕੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਾਖ਼ਲਾ ਦਰ ਵਧਾਉਣ ਲਈ ਪ੍ਰਚਾਰ ਸਟਾਲਾਂ ਅਤੇ ਕਨੋਪੀਆਂ ਲਗਾਉਣ ਦਾ ਨਿਵੇਕਲਾ ਉਪਰਾਲਾ ਕੀਤਾ ਜਾ ਰਿਹਾ ਹੈ। ਇਨ੍ਹਾਂ ਸਟਾਲਾਂ ’ਤੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦੀਆਂ ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ, ਸਕੂਲਾਂ ਦੇ ਸਮਾਰਟ ਕਲਾਸ-ਰੂਮ ਦੀਆਂ ਝਲਕੀਆਂ, ਸਮਾਰਟ ਟੈਕਨਾਲੋਜੀ ਦੀ ਵਰਤੋਂ ਨਾਲ ਕਰਵਾਈ ਜਾਣ ਵਾਲੀ ਪੜ੍ਹਾਈ ਦੀਆਂ ਤਸਵੀਰਾਂ ਵੀ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ।
ਇਨ੍ਹਾਂ ਥਾਵਾਂ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਅਤੇ ਐਲੀਮੈਂਟਰੀ ਸਿੱਖਿਆ ਆਪਣੇ ਜ਼ਿਲ੍ਹੇ ਦੀਆਂ ਟੀਮਾਂ ਵੱਲੋਂ ਵਿਸਾਖੀ ਮੌਕੇ ਗੁਰੂ ਘਰਾਂ ਵਿੱਚ ਮੱਥਾ ਟੇਕਣ ਆਉਣ ਵਾਲੀਆਂ ਸੰਗਤਾਂ ਨੂੰ ਪਾਫਲੈਟ ਵੰਡੇ ਜਾਣਗੇ ਅਤੇ ਆਡੀਓ ਤੇ ਵੀਡੀਓ ਰਾਹੀਂ ਸਕੂਲਾਂ ਦੀ ਬਦਲੀ ਨੁਹਾਰ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਇਸ ਸਬੰਧੀ ਐਨਰੋਲਮੈਂਟ ਬੂਸਟਰ ਟੀਮ ਦੇ ਸਟੇਟ ਕੋਆਰਡੀਨੇਟਰ ਸਤਿੰਦਰਬੀਰ ਸਿੰਘ ਨੇ ਕਿਹਾ ਕਿ ਵਿਸਾਖੀ ਮੇਲਿਆਂ ਮੌਕੇ ਰੇਹੜੀ-ਰਿਕਸ਼ਾ ਰਾਹੀਂ ਅਨਾਉਂਸਮੈਂਟਾਂ ਅਤੇ ਮੇਲਿਆਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਦੀਆਂ ਨੁੱਕੜ ਨਾਟਕ ਟੀਮਾਂ ਰਾਹੀਂ ਵੀ ਖੂਬ ਪ੍ਰਚਾਰ ਕੀਤਾ ਜਾਵੇਗਾ। ਇਸ ਲਈ ਵੱਖ-ਵੱਖ ਜ਼ਿਲ੍ਹਿਆਂ ਦੀਆਂ ਨੁੱਕੜ ਨਾਟਕ ਟੀਮਾਂ ਤਿਆਰ ਕੀਤੀਆਂ ਗਈਆਂ ਹਨ।