ਮੁਹਾਲੀ ਨਗਰ ਨਿਗਮ ’ਤੇ ਕਾਬਜ਼ ਧਿਰ ਲੋਕਾਂ ਦਾ ਧਿਆਨ ਭਟਕਾਉਣ ਲਈ ਕਰ ਰਹੀ ਹੈ ਡਰਾਮਾ: ਅਕਾਲੀ ਦਲ

ਮੁਹਾਲੀ ਦੀਆਂ ਸਮੱਸਿਆਵਾਂ ਹੱਲ ਕਰਨ ਜਾਂ ਅਹੁਦੇ ਛੱਡਣ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ: ਬੈਦਵਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜੁਲਾਈ:
ਮੁਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੂੰ ਪਾਰਟੀ ’ਚੋਂ ਕੱਢੇ ਜਾਣ ਮਗਰੋਂ ਉਨ੍ਹਾਂ ਵੱਲੋਂ ਖ਼ੁਦ ਨੂੰ ਆਜ਼ਾਦ ਦੱਸ ਕੇ ਕਾਂਗਰਸੀ ਕੌਂਸਲਰਾਂ ਦੀ ਹਮਾਇਤ ਦਾ ਡਰਾਮਾ ਕੀਤਾ ਜਾ ਰਿਹਾ ਹੈ, ਅਜਿਹਾ ਮੁਹਾਲੀ ਦੇ ਅਹਿਮ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ।
ਅਕਾਲੀ ਆਗੂ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਸ਼ਹਿਰ ਕਈ ਵੱਡੀਆਂ ਮੁਸ਼ਕਲਾਂ ’ਚੋਂ ਗੁਜ਼ਰ ਰਿਹਾ ਹੈ। ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਈ ਇਲਾਕੇ ਪਾਣੀ ਵਿੱਚ ਡੁੱਬੇ ਰਹੇ ਹਨ ਅਤੇ ਲੋਕਾਂ ਦੇ ਘਰਾਂ ਵਿੱਚ ਪਾਣੀ ਦਾਖ਼ਲ ਹੋਣ ਨਾਲ ਲੋਕਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਕਾਬਜ਼ ਧਿਰ ਜਲ ਨਿਕਾਸੀ ਦੇ ਕੁ-ਪ੍ਰਬੰਧਾਂ ਲਈ ਜ਼ਿੰਮੇਵਾਰ ਹੈ ਪ੍ਰੰਤੂ ਕਾਬਜ਼ ਧਿਰ ਆਪਣੀ ਨੈਤਿਕ ਜ਼ਿੰਮੇਵਾਰੀ ਤੋਂ ਬਚਣ ਲਈ ਹੀ ਲੋਕਾਂ ਦਾ ਧਿਆਨ ਅਜਿਹੇ ਸਿਆਸੀ ਘਟਨਾਕ੍ਰਮ ਵੱਲ ਉਲਝਾਇਆ ਜਾ ਰਿਹਾ ਹੈ।
ਸ੍ਰੀ ਬੈਦਵਾਨ ਨੇ ਕਿਹਾ ਕਿ ਮੁਹਾਲੀ ਵਿੱਚ ਸੜਕਾਂ ਦੀ ਹਾਲਤ ਖਸਤਾ ਹੋ ਗਈ ਹੈ, ਸਫ਼ਾਈ ਦਾ ਮਾੜਾ ਹਾਲ ਹੈ ਜਦੋਂਕਿ ਬਰਸਾਤ ਦੇ ਮੌਸਮ ਵਿੱਚ ਸਫ਼ਾਈ ਬਹੁਤ ਜ਼ਰੂਰੀ ਹੈ ਤਾਂ ਜੋ ਬੀਮਾਰੀਆਂ ਨਾ ਫੈਲ ਸਕਣ ਪਰ ਨਿਗਮ ਇਸ ਪਾਸੇ ਧਿਆਨ ਨਹੀਂ ਦੇ ਰਹੀ। ਸ਼ਹਿਰ ਵਿੱਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਹੈ। ਉਨ੍ਹਾਂ ਕਿਹਾ ਕਿ ਕਾਬਜ਼ ਧਿਰ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ। ਲਿਹਾਜ਼ਾ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੂੰ ਆਪਣੇ ਅਹੁਦਿਆਂ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ।

Load More Related Articles

Check Also

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ ਬਾਜਵਾ ਨੇ ਆਪਣੇ ਵਕ…