ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕੇ ਦਫ਼ਤਰੀ ਕਾਮਿਆਂ ਵੱਲੋਂ ਸਿੱਖਿਆ ਭਵਨ ਦਾ ਘਿਰਾਓ

ਵਿੱਤ ਮੰਤਰੀ ਦੀ ਲਿਖਤੀ ਮਨਜ਼ੂਰੀ ਦੇ ਬਾਵਜੂਦ ਦਫ਼ਤਰੀ ਸਟਾਫ਼ ਨੂੰ ਰੈਗੂਲਰ ਨਾ ਕਰਨ ਵਿਰੁੱਧ ਸੜਕਾਂ ’ਤੇ ਉੱਤਰੇ ਮੁਲਾਜ਼ਮ

ਦਫ਼ਤਰੀ ਸਟਾਫ਼ ਨੂੰ ਪੱਕਾ ਕਰਨ ਤੇ ਹੋਰ ਜਾਇਜ਼ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਕੰਮ ਠੱਪ ਕਰਕੇ ਪੱਕਾ ਧਰਨਾ ਲਾਉਣ ਦੀ ਧਮਕੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਕਤੂਬਰ:
ਪੰਜਾਬ ਵਿੱਚ ਸਿੱਖਿਆ ਵਿਭਾਗ ਨੂੰ ਦੇਸ਼ ਭਰ ’ਚੋ ਪਹਿਲੇ ਨੰਬਰ ’ਤੇ ਲਿਆਉਣ ਲਈ ਦਿਨ-ਰਾਤ ਸਖ਼ਤ ਮਿਹਨਤ ਕਰਨ ਵਾਲਾ ਦਫ਼ਤਰੀ ਸਟਾਫ਼ ਸਰਕਾਰ ਦੀ ਅਣਦੇਖੀ ਤੋਂ ਬੇਹੱਦ ਦੁਖੀ ਹੈ। ਸਰਵ ਸਿੱਖਿਆ ਅਭਿਆਨ/ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂ ਅਸੀਸ ਜੁਲਾਹਾ, ਰਜਿੰਦਰ ਸਿੰਘ ਸੰਧਾ, ਵਿਕਾਸ ਕੁਮਾਰ, ਪ੍ਰਵੀਨ ਸ਼ਰਮਾ, ਚਮਕੌਰ ਸਿੰਘ, ਸਰਬਜੀਤ ਸਿੰਘ, ਹਰਪ੍ਰੀਤ ਸਿੰਘ ਅਤੇ ਦਵਿੰਦਰਜੀਤ ਸਿੰਘ ਦੀ ਸਾਂਝੀ ਅਗਵਾਈ ਹੇਠ ਅੱਜ ਇੱਥੇ ਦਫ਼ਤਰੀ ਕਾਮਿਆਂ ਨੇ ਸਿੱਖਿਆ ਭਵਨ ਦੇ ਬਾਹਰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਦਿਆਂ ਹੁਕਮਰਾਨਾਂ ਅਤੇ ਸਿੱਖਿਆ ਅਧਿਕਾਰੀਆਂ ਨੂੰ ਰੱਜ ਕੇ ਕੋਸਿਆ।
ਸਰਕਾਰ ਪ੍ਰਤੀ ਰੋਸ ਪ੍ਰਗਟ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਸਰਵ ਸਿੱਖਿਆ ਅਭਿਆਨ ਤਹਿਤ 2005 ਤੋਂ ਭਰਤੀ ਸ਼ੁਰੂ ਹੋਈ ਸੀ ਜੋ ਲਗਾਤਾਰ 2011 ਤੱਕ ਜਾਰੀ ਰਹੀ। ਸਰਕਾਰੀ ਨੇਮਾਂ ਅਤੇ ਸ਼ਰਤਾਂ ਅਨੁਸਾਰ ਲਿਖਤੀ ਪ੍ਰੀਖਿਆ ਦੇ ਕੇ ਨੌਕਰੀ ਵਿੱਚ ਆਏ ਦਫ਼ਤਰੀ ਮੁਲਾਜ਼ਮਾਂ ਦੀ ਸਿੱਖਿਆ ਵਿਭਾਗ ਅਤੇ ਸਮੇਂ ਦੀਆਂ ਸਰਕਾਰਾਂ ਨੇ ਬਾਂਹ ਨਹੀਂ ਫੜੀ। ਪਿਛਲੇ ਕਰੀਬ ਡੇਢ ਦਹਾਕੇ ਤੋਂ ਨੌਕਰੀ ਕਰ ਰਹੇ ਦਫ਼ਤਰੀ ਸਟਾਫ਼ ਨੇ ਆਪਣੇ ਹੱਥੀ ਅਨੇਕਾਂ ਅਧਿਆਪਕਾਂ ਨੂੰ ਭਰਤੀ ਕੀਤਾ ਅਤੇ ਰੈਗੂਲਰ ਕਰਨ ਦੇ ਹੁਕਮ ਵੀ ਟਾਈਪ ਕੀਤੇ ਹਨ ਪ੍ਰੰਤੂ ਉਹ ਸ਼ੁਰੂ ਤੋਂ ਦਫ਼ਤਰੀ ਸਟਾਫ਼ ਨੂੰ ਰੈਗੂਲਰ ਕਰਨ ਸਮੇਤ ਹੋਰ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਦੇ ਹਾੜੇ ਕੱਢ ਰਹੇ ਹਨ।
ਬੁਲਾਰਿਆ ਨੇ ਕਿਹਾ ਕਿ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ 8886 ਅਧਿਆਪਕਾਂ ਨੂੰ ਕਾਂਗਰਸ ਸਰਕਾਰ ਵੱਲੋਂ 1 ਅਪਰੈਲ 2018 ਨੂੰ ਰੈਗੂਲਰ ਕੀਤਾ ਗਿਆ ਪਰ ਅਧਿਆਪਕਾਂ ਤੋਂ ਪਹਿਲਾਂ ਕੰਮ ਕਰ ਰਹੇ ਦਫ਼ਤਰੀ ਮੁਲਾਜ਼ਮਾਂ ਨੂੰ ਬਿਲਕੁਲ ਵਿਸਾਰ ਦਿੱਤਾ। ਹਾਲਾਂਕਿ ਪਿਛਲੇ ਸਮੇਂ ਦੌਰਾਨ ਦਫ਼ਤਰੀ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕਰਨ ਮਗਰੋਂ ਉਨ੍ਹਾਂ ਨੂੰ ਅਧਿਆਪਕਾਂ ਦੀ ਤਰਜ਼ ’ਤੇ ਰੈਗੂਲਰ ਕਰਨ ਦਾ ਕੇਸ ਵਿੱਤ ਵਿਭਾਗ ਨੂੰ ਭੇਜਿਆ ਗਿਆ ਸੀ ਅਤੇ ਵਿੱਤ ਵਿਭਾਗ ਵੱਲੋਂ 16 ਦਸੰਬਰ 2019 ਨੂੰ ਵਿੱਤੀ ਪ੍ਰਵਾਨਗੀ ਦੇ ਕੇ ਪੰਜਾਬ ਕੈਬਨਿਟ ਦੀ ਮਨਜ਼ੂਰੀ ਲਈ ਵਿਭਾਗ ਨੂੰ ਲਿਖਿਆ ਗਿਆ ਸੀ ਲੇਕਿਨ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਜਿਸ ਕਾਰਨ ਦਫ਼ਤਰੀ ਸਟਾਫ਼ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਸਰਵ ਸਿੱਖਿਆ ਅਭਿਆਨ ਅਧੀਨ ਕੰਮ ਕਰਦੇ ਦਫ਼ਤਰੀ ਮੁਲਾਜ਼ਮ ਅੱਜ ਸਵੇਰੇ 11 ਵਜੇ ਫੇਜ਼-7 ਲਾਲ ਬੱਤੀ ਚੌਕ ਨੇੜੇ ਪੁੱਡਾ ਗਰਾਉਂਡ ਵਿੱਚ ਪਹੁੰਚਣੇ ਸ਼ੁਰੂ ਹੋ ਗਏ ਅਤੇ ਦੁਪਹਿਰ 1 ਵਜੇ ਤੱਕ ਵੱਡੀ ਭੀੜ ਜਮ੍ਹਾ ਹੋ ਗਈ। ਉਨ੍ਹਾਂ ਨੇ ਇੱਥੇ ਦਫ਼ਤਰੀ ਸਟਾਫ਼ ਦੀਆਂ ਮੰਗਾਂ ’ਤੇ ਚਰਚਾ ਕਰਨ ਮਗਰੋਂ ਬਾਅਦ ਦੁਪਹਿਰ ਸਿੱਖਿਆ ਭਵਨ ਤੱਕ ਰੋਸ ਮਾਰਚ ਕੀਤਾ। ਜਿੱਥੇ ਐਸਪੀ ਹਰਬੀਰ ਸਿੰਘ ਅਟਵਾਲ, ਡੀਐਸਪੀ ਸੁਖਜੀਤ ਸਿੰਘ ਵਿਰਕ ਅਤੇ ਸੈਂਟਰਲ ਥਾਣਾ ਫੇਜ਼-8 ਦੇ ਐਸਐਚਓ ਰਾਜੇਸ਼ ਅਰੋੜਾ ਦੀ ਅਗਵਾਈ ਹੇਠ ਬੈਰੀਕੇਟ ਲਗਾ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸੀ। ਪੁਲੀਸ ਨੇ ਦਫ਼ਤਰੀ ਸਟਾਫ਼ ਨੂੰ ਸਿੱਖਿਆ ਭਵਨ ਦੇ ਅੰਦਰ ਨਹੀਂ ਜਾਣ ਦਿੱਤਾ।

ਉਧਰ, ਮੁਹਾਲੀ ਪ੍ਰਸ਼ਾਸਨ ਵੱਲੋਂ ਨਿੱਜੀ ਦਖ਼ਲ ਦਿੰਦਿਆਂ ਸਰਵ ਸਿੱਖਿਆ ਅਭਿਆਨ ਯੂਨੀਅ ਦੇ ਮੋਹਰੀ ਆਗੂਆਂ ਦੀ ਭਲਕੇ 26 ਅਕਤੂਬਰ ਨੂੰ ਦੁਪਹਿਰ 12 ਵਜੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਨਾਲ ਮੀਟਿੰਗ ਤੈਅ ਕਰਵਾਈ ਗਈ। ਇਸ ਮਗਰੋਂ ਦੇਰ ਸ਼ਾਮ ਦਫ਼ਤਰੀ ਸਟਾਫ਼ ਨੇ ਧਰਨਾ ਪ੍ਰਦਰਸ਼ਨ ਖ਼ਤਮ ਕਰਨ ਦਾ ਐਲਾਨ ਕੀਤਾ। ਯੂਨੀਅਨ ਆਗੂ ਰਜਿੰਦਰ ਸਿੰਘ ਸੰਧਾ ਨੇ ਕਿਹਾ ਕਿ ਹੁਣ ਉਹ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ। ਜੇਕਰ ਸਿੱਖਿਆ ਮੰਤਰੀ ਨੇ ਮਸਲੇ ਦਾ ਪੱਕਾ ਹੱਲ ਨਹੀਂ ਕੀਤਾ ਤਾਂ ਦੀਵਾਲੀ ਤੋਂ ਬਾਅਦ ਮੁਹਾਲੀ ਵਿੱਚ ਲੜੀਵਾਰ ਧਰਨਾ ਸ਼ੁਰੂ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …