ਝੂਠੇ ਲਾਰਿਆਂ ਤੋਂ ਅੱਕੇ ਦਫ਼ਤਰੀ ਕਾਮਿਆਂ ਤੇ ਵਿਸ਼ੇਸ਼ ਅਧਿਆਪਕਾਂ ਵੱਲੋਂ ਸਿੱਖਿਆ ਭਵਨ ਦਾ ਘਿਰਾਓ ਕਰਨ ਦਾ ਐਲਾਨ
30 ਦਸੰਬਰ ਨੂੰ ਅਫ਼ਸਰ ਕਮੇਟੀ ਦੀ ਮੀਟਿੰਗ ਨਾ ਹੋਣ ਕਰਕੇ ਦਫ਼ਤਰੀ ਮੁਲਾਜ਼ਮਾਂ ਦਾ ਰੋਹ ਭਖਿਆ
ਦਫ਼ਤਰੀ ਕਾਮਿਆਂ ਦੀ ਕਲਮਛੋੜ ਹੜਤਾਲ 28ਵੇਂ ਦਿਨ ਅਤੇ ਲੜੀਵਾਰ ਧਰਨਾ 35ਵੇਂ ਦਿਨ ’ਚ ਦਾਖ਼ਲ
ਨਬਜ਼-ਏ-ਪੰਜਾਬ, ਮੁਹਾਲੀ, 31 ਦਸੰਬਰ:
ਸਰਵ ਸਿੱਖਿਆ ਅਭਿਆਨ ਮਿਡ-ਡੇਅ-ਮੀਲ ਦੇ ਦਫ਼ਤਰੀ ਕਾਮਿਆਂ ਅਤੇ ਵਿਸ਼ੇਸ਼ ਅਧਿਆਪਕਾਂ ਵੱਲੋਂ ਨਵੇਂ ਸਾਲ ਦੀ ਆਮਦ ’ਤੇ ਪਹਿਲੇ ਹੀ ਹਫ਼ਤੇ ਸੰਘਰਸ਼ ਨੂੰ ਤੇਜ਼ ਕਰਦਿਆਂ ਸਿੱਖਿਆ ਭਵਨ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਉਧਰ, ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨਾ ਅੱਜ 35ਵੇਂ ਦਿਨ ਅਤੇ ਕਲਮਛੋੜ ਹੜਤਾਲ 28ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ।
ਸਰਵ ਸਿੱਖਿਆ ਅਭਿਆਨ ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਅਤੇ ਵਿਸ਼ੇਸ਼ ਅਧਿਆਪਕ ਯੂਨੀਅਨ ਦੇ ਆਗੂ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਜਗਮੋਹਨ ਸਿੰਘ ਅਤੇ ਗੁਰਮੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਅਫ਼ਸਰਸ਼ਾਹੀ ਦਫ਼ਤਰੀ ਮੁਲਾਜ਼ਮਾਂ ਅਤੇ ਵਿਸ਼ੇਸ਼ ਅਧਿਆਪਕਾਂ ਦੀਆਂ ਹੱਕਾਂ ਮੰਗਾਂ ਮੰਨਣ ਲਈ ਸੁਹਿਰਦ ਨਹੀਂ ਹੈ। ਬੀਤੀ 26 ਦਸੰਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿੱਚ ਅਧਿਕਾਰੀਆਂ ਤੋਂ 30 ਦਸੰਬਰ ਤੱਕ ਸਟੇਟਸ ਰਿਪੋਰਟ ਮੰਗੀ ਗਈ ਸੀ ਪ੍ਰੰਤੂ ਬੀਤੇ ਕੱਲ੍ਹ ਅਫ਼ਸਰ ਕਮੇਟੀ ਨੇ ਕੋਈ ਮੀਟਿੰਗ ਨਹੀਂ ਕੀਤੀ ਅਤੇ ਨਾ ਹੀ ਅਗਲੀ ਮੀਟਿੰਗ ਦਾ ਸਮਾਂ ਦਿੱਤਾ ਗਿਆ। ਜਿਸ ਕਾਰਨ ਮੁਲਾਜ਼ਮਾਂ ਦਾ ਰੋਹ ਹੋਰ ਜ਼ਿਆਦਾ ਭਖ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਢਿੱਲ-ਮੱਠ ਖ਼ਿਲਾਫ਼ ਨਵੇਂ ਸਾਲ ਵਿੱਚ ਸੰਘਰਸ਼ ਨੂੰ ਤੇਜ਼ ਕਰਦਿਆਂ 2 ਜਨਵਰੀ ਨੂੰ ਸਿੱਖਿਆ ਭਵਨ ਦਾ ਘਿਰਾਓ ਕੀਤਾ ਜਾਵੇਗਾ ਅਤੇ 3 ਜਨਵਰੀ ਨੂੰ ਮੁੱਖ ਗੇਟ ਬੰਦ ਕੀਤੇ ਜਾਣਗੇ।
ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ 21 ਅਪਰੈਲ 2022 ਅਤੇ ਕੈਬਨਿਟ ਸਬ ਕਮੇਟੀ ਵੱਲੋਂ ਬੀਤੀ 14 ਮਾਰਚ ਨੂੰ ਦਫ਼ਤਰੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਸਹਿਮਤੀ ਦਿੱਤੀ ਸੀ ਅਤੇ ਵਿੱਤ ਮੰਤਰੀ ਦੇ ਕਹਿਣ ਮੁਤਾਬਕ ਜਥੇਬੰਦੀ ਵੱਲੋਂ ਡੀਜੀਐਸਈ ਨੂੰ ਹਲਫ਼ਨਾਮਾ ਦਿੱਤਾ ਗਿਆ ਸੀ ਪ੍ਰੰਤੂ ਇਸ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਫ਼ੈਸਲੇ ਤੋਂ ਬਾਅਦ ਕੈਬਨਿਟ ਸਬ ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖ਼ਾਹ ਕਟੌਤੀ ਫ਼ੈਸਲੇ ਲੈ ਕੇ 4 ਵਾਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਜਾ ਚੁੱਕੇ ਹਨ ਪਰ ਵਿੱਤ ਵਿਭਾਗ ਦੇ ਅਧਿਕਾਰੀ ਜਾਣਬੁੱਝ ਕੇ ਮਸਲੇ ਨੂੰ ਉਲਝਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਏਜੰਡਾ ਸੀ ਕਿ ਕੋਈ ਵੀ ਮੁਲਾਜ਼ਮ ਕੱਚਾ ਨਹੀਂ ਰਹਿਣ ਦੇਣਾ ਪ੍ਰੰਤੂ ਪਿਛਲੇ ਢਾਈ ਸਾਲਾਂ ਤੋਂ ਅਫ਼ਸਰਸ਼ਾਹੀ ਉਨ੍ਹਾਂ ਦਾ ਮਸਲਾ ਉਲਝਾ ਰਹੀ ਹੈ।