ਦਫ਼ਤਰੀ ਕਾਮਿਆ ਤੇ ਵਿਸ਼ੇਸ਼ ਅਧਿਆਪਕਾਂ ਵੱਲੋਂ ਮੁੱਖ ਗੇਟ ਬੰਦ ਕਰਕੇ ਸਿੱਖਿਆ ਭਵਨ ਦਾ ਘਿਰਾਓ

ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣੀ ਅਫ਼ਸਰ ਕਮੇਟੀ ਦੀ ਮੀਟਿੰਗ ਹੋਈ, ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਦਿੱਤਾ ਭਰੋਸਾ

ਸਿੱਖਿਆ ਭਵਨ ਦੇ ਬਾਹਰ ਦਫ਼ਤਰੀ ਕਾਮਿਆਂ ਦੀ ਕਲਮਛੋੜ ਹੜਤਾਲ 36ਵੇਂ ਦਿਨ ਅਤੇ ਧਰਨਾ 44ਵੇਂ ਦਿਨ ’ਚ ਦਾਖ਼ਲ

ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ:
ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀ ਪਿਛਲੇ ਲੰਮੇ ਸਮੇਂ ਤੋਂ ਰੈਗੂਲਰ ਹੋਣ ਲਈ ਸਮੇਂ ਦੀਆਂ ਸਰਕਾਰਾਂ ਦੇ ਹਾੜੇ ਕੱਢਦੇ ਆ ਰਹੇ ਹਨ ਲੇਕਿਨ ਪੱਕੇ ਹੋਣ ਦੀ ਉਡੀਕ ਲਗਾਤਾਰ ਲੰਮੀ ਹੁੰਦੀ ਜਾ ਰਹੀ ਹੈ। ਜਿਸ ਦੇ ਰੋਸ ਵਜੋਂ ਦਫ਼ਤਰੀ ਸਟਾਫ਼ ਅਤੇ ਵਿਸ਼ੇਸ਼ ਅਧਿਆਪਕਾਂ ਨੇ ਮੁੱਖ ਗੇਟ ਬੰਦ ਕਰਕੇ ਸਿੱਖਿਆ ਭਵਨ ਦਾ ਘਿਰਾਓ ਕਰਕੇ ਹੁਕਮਰਾਨਾਂ ਅਤੇ ਅਫ਼ਸਰਸ਼ਾਹੀ ਦਾ ਜ਼ਬਰਦਸਤ ਪਿੱਟ ਸਿਆਪਾ ਕੀਤਾ। ਬੁਲਾਰਿਆਂ ਨੇ ਕਿਹਾ ਕਿ ਅਫ਼ਸਰਸ਼ਾਹੀ ਸਰਕਾਰ ’ਤੇ ਭਾਰੂ ਪੈ ਰਹੀ ਹੈ ਅਤੇ ਹੁਕਮਰਾਨ ਬੇਵੱਸ ਦਿਖਾਈ ਦੇ ਰਹੇ ਹਨ। ਵਿੱਤ ਮੰਤਰੀ ਹਰਪਾਲ ਚੀਮਾ ਕਈ ਵਾਰ ਸਿੱਖਿਆ ਅਧਿਕਾਰੀਆਂ ਨੂੰ ਦਫ਼ਤਰੀ ਕਾਮਿਆਂ ਅਤੇ ਵਿਸ਼ੇਸ਼ ਅਧਿਆਪਕਾਂ ਦਾ ਮਸਲਾ ਹੱਲ ਕਰਨ ਦੇ ਹੁਕਮ ਦੇ ਚੁੱਕੇ ਹਨ ਲੇਕਿਨ ਅਧਿਕਾਰੀ ਜਾਣਬੁੱਝ ਕੇ ਮਸਲੇ ਨੂੰ ਉਲਝਾ ਰਹੇ ਹਨ। ਜਿਸ ਕਾਰਨ ਹੱਡ ਚੀਰਵੀਂ ਠੰਢ ਵਿੱਚ ਦਫ਼ਤਰੀ ਸਟਾਫ਼ ਅਤੇ ਵਿਸ਼ੇਸ਼ ਅਧਿਆਪਕਾਂ ਨੂੰ ਇਨਸਾਫ਼ ਲਈ ਸੜਕਾਂ ’ਤੇ ਰੁਲਣਾ ਪੈ ਰਿਹਾ ਹੈ।
ਸਰਵ ਸਿੱਖਿਆ ਅਭਿਆਨ ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਅਤੇ ਵਿਸ਼ੇਸ਼ ਅਧਿਆਪਕ ਯੂਨੀਅਨ ਦੇ ਆਗੂ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਜਗਮੋਹਨ ਸਿੰਘ, ਗੁਰਮੀਤ ਸਿੰਘ ਮਾਂਗਟ, ਪ੍ਰਵੀਨ ਸ਼ਰਮਾ, ਨਰਿੰਦਰ ਸਿੰਘ ਅਤੇ ਰਮੇਸ਼ ਸਹਾਰਨ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਮੀਟਿੰਗਾਂ ਕਰਕੇ ਮੁਲਾਜ਼ਮਾਂ ਦੇ ਮਸਲੇ ਨਿਬੇੜਨ ਦੇ ਯਤਨ ਕਰ ਰਹੀ ਹੈ ਪਰ ਦੂਜੇ ਪਾਸੇ ਅਫ਼ਸਰਸ਼ਾਹੀ ਗੱਲ ਕਿਸੇ ਕੱਢੇ ਨਹੀਂ ਲੱਗਣ ਦੇ ਰਹੀ।
ਜਿਸ ਕਾਰਨ ਅੱਜ ਦੁਖੀ ਹੋ ਕੇ ਉਨ੍ਹਾਂ ਨੂੰ ਮੁੜ ਤੋਂ ਸਿੱਖਿਆ ਭਵਨ ਦੇ ਮੁੱਖ ਗੇਟ ਬੰਦ ਕਰਕੇ ਸੂਬਾ ਪੱਧਰੀ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ ਹੈ।
ਇਸੇ ਦੌਰਾਨ ਦਫ਼ਤਰੀ ਕਾਮਿਆਂ ਅਤੇ ਵਿਸ਼ੇਸ਼ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਲਈ ਚੰਡੀਗੜ੍ਹ ਵੱਲ ਕੂਚ ਕਰਨ ਦਾ ਯਤਨ ਕੀਤਾ ਲੇਕਿਨ ਡੀਐਸਪੀ ਹਰਸਿਮਰਨ ਸਿੰਘ ਬੱਲ ਦੀ ਅਗਵਾਈ ਹੇਠ ਪੁਲੀਸ ਨੇ ਮੁਜ਼ਾਹਰਾਕਾਰੀਆਂ ਦਾ ਰਾਹ ਰੋਕ ਲਿਆ।
ਉਧਰ, ਸਿੱਖਿਆ ਭਵਨ ਦੇ ਬਾਹਰ ਦਫ਼ਤਰੀ ਕਾਮਿਆਂ ਦੀ ਕਲਮਛੋੜ ਹੜਤਾਲ ਅੱਜ 36ਵੇਂ ਦਿਨ ਅਤੇ ਧਰਨਾ 44ਵੇਂ ਦਿਨ ’ਚ ਦਾਖ਼ਲ ਹੋ ਗਿਆ ਅਤੇ ਉਹ ਉਦੋਂ ਤੱਕ ਵਾਪਸ ਘਰਾਂ ਨੂੰ ਨਹੀਂ ਮੁੜਦੇ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਨਹੀਂ ਕਰਦੀ ਅਤੇ ਬਾਕੀ ਹੋਰ ਜਾਇਜ਼ ਮੰਗਾਂ ਪ੍ਰਵਾਨ ਨਹੀਂ ਕਰਦੀ।
ਡੀਐਸਪੀ ਹਰਸਿਮਰਨ ਸਿੰਘ ਬੱਲ ਨੇ ਸ਼ਾਮ 4 ਵਜੇ ਜਥੇਬੰਦੀ ਦੇ ਮੋਹਰੀ ਆਗੂਆਂ ਦੀ ਅਫ਼ਸਰ ਕਮੇਟੀ ਦੀ ਮੀਟਿੰਗ ਨਾਲ ਕਰਵਾਉਣ ਦਾ ਭਰੋਸਾ ਦੇ ਕੇ ਸਿੱਖਿਆ ਭਵਨ ਦਾ ਗੇਟ ਖੁਲ੍ਹਵਾਇਆ ਗਿਆ ਤਾਂ ਸਿੱਖਿਆ ਅਧਿਕਾਰੀ ਅਤੇ ਹੋਰ ਕਰਮਚਾਰੀ ਛੁੱਟੀ ਤੋਂ ਬਾਅਦ ਆਪੋ-ਆਪਣੇ ਘਰਾਂ ਨੂੰ ਜਾ ਸਕੇ। ਇੰਜ ਦੇਰ ਸ਼ਾਮ ਮੁਲਾਜ਼ਮ ਆਗੂਆਂ ਦੀ ਅਫ਼ਸਰ ਕਮੇਟੀ ਨਾਲ ਮੀਟਿੰਗ ਹੋਈ। ਜਿਸ ਵਿੱਚ ਸਕੱਤਰ ਅਤੇ ਡੀਜੀਐਸਈ ਨੇ ਕੱਚੇ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਦੇ ਮਾਮਲੇ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਅਤੇ ਬਾਕੀ ਜਾਇਜ਼ ਮੰਗਾਂ ਵੀ ਛੇਤੀ ਪੂਰੀਆਂ ਕਰਨ ਦਾ ਭਰੋਸਾ ਦਿੱਤਾ। ਇਸ ਮਗਰੋਂ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਪੁਲੀਸ-ਪਬਲਿਕ ਮੀਟਿੰਗ: ਸ਼ਹਿਰ ਵਾਸੀਆਂ ਡੀਐਸਪੀ ਬੱਲ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਪੁਲੀਸ-ਪਬਲਿਕ ਮੀਟਿੰਗ: ਸ਼ਹਿਰ ਵਾਸੀਆਂ ਡੀਐਸਪੀ ਬੱਲ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਮੁਹਾਲੀ ਪੁਲੀਸ ਲੋਕ…