Nabaz-e-punjab.com

ਜ਼ਿਲ੍ਹਾ ਰੈੱਡ ਕਰਾਸ ਦੇ ਕੈਂਪ ਵਿੱਚ 211 ਅਧਿਕਾਰੀਆਂ ਤੇ ਕਰਮਚਾਰੀਆਂ ਨੇ ਕੀਤਾ ਖ਼ੂਨਦਾਨ

ਗਰਭਵਤੀ ਅੌਰਤਾਂ ਨੂੰ ਗਮਲੇ ਤੇ ਫਲਾਂ ਦੀਆਂ ਟੋਕਰੀਆਂ ਵੰਡੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਨਵੰਬਰ:
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੁਹਾਲੀ ਵੱਲੋਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਵਿਸ਼ਵਾਸ ਫਾਊਂਡੇਸ਼ਨ ਅਤੇ ਐਚਡੀਐਫ਼ਸੀ ਬੈਂਕ ਦੇ ਸਹਿਯੋਗ ਨਾਲ ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਸਾਕਸ਼ੀ ਸਾਹਨੀ ਅਤੇ ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ ਨੇ ਸਾਂਝੇ ਤੌਰ ’ਤੇ ਕੀਤਾ। ਸ੍ਰੀ ਸ਼ਰਮਾ ਨੇ ਖ਼ੁਦ ਵੀ ਖ਼ੂਨਦਾਨ ਕੀਤਾ ਅਤੇ ਪ੍ਰਸ਼ਾਸਨਿਕ ਅਦਾਰਿਆਂ ਦੇ ਕਰਮਚਾਰੀਆਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਪ੍ਰੇਰਿਆ। ਰੈੱਡ ਕਰਾਸ ਮੁਹਾਲੀ ਦੇ ਪੈਟਰਨ ਹਰਪ੍ਰੀਤ ਸਿੰਘ ਰੇਖੀ ਨੇ 55ਵੀਂ ਵਾਰ ਖ਼ੂਨਦਾਨ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਖ਼ੂਨਦਾਨ ਕੀਤਾ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ 211 ਵਿਅਕਤੀਆਂ ਨੇ ਖੂਨਦਾਨ ਕੀਤਾ ਹੈ। ਉਂਜ 308 ਵਿਅਕਤੀਆਂ ਨੇ ਖ਼ੂਨਦਾਨ ਲਈ ਰਜਿਸਟਰੇਸ਼ਨ ਕਰਵਾਈ ਪਰ ਕਿਸੇ ਕਾਰਨ 97 ਵਿਅਕਤੀਆਂ ਦੇ ਖ਼ੂਨ ਦੇ ਯੂਨਿਟ ਨਹੀਂ ਲਏ ਜਾ ਸਕੇ ਹਨ। ਪੀਜੀਆਈ ਬਲੱਡ ਬੈਂਕ ਦੀ ਡਾ. ਅਨੀਤਾ ਤੇ ਡਾ. ਨਿਪੁੰਨ ਪਰਿੰਜਾ ਦੀ ਅਗਵਾਈ ਵਾਲੀ ਮੈਡੀਕਲ ਟੀਮ ਨੇ ਖ਼ੂਨ ਦੇ ਯੂਨਿਟ ਇਕੱਤਰ ਕੀਤੇ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਖਦੀਪ ਸਿੰਘ ਨੇ ਦੱਸਿਆ ਕਿ ਇਸ ਮੌਕੇ ਪੋਸ਼ਣ ਅਭਿਆਨ ਤਹਿਤ ਗਰਭਵਤੀ ਅੌਰਤਾਂ ਨੂੰ ਹਰੀਆਂ ਸਬਜ਼ੀਆਂ ਉਗਾਉਣ ਲਈ 40 ਗਮਲੇ ਅਤੇ ਬੀਜ ਦਿੱਤੇ ਗਏ ਤਾਂ ਜੋ ਉਨ੍ਹਾਂ ਨੂੰ ਪੌਸ਼ਟਿਕ ਆਹਾਰ ਮਿਲਣ ਵਿੱਚ ਕੋਈ ਦਿੱਕਤ ਨਾ ਆਵੇ। ਇਸ ਤੋਂ ਇਲਾਵਾ ਗਰਭਵਤੀ ਅੌਰਤਾਂ ਨੂੰ ਫਲਾਂ ਦੀਆਂ ਟੋਕਰੀਆਂ ਵੀ ਦਿੱਤੀਆਂ ਗਈਆਂ। ਗਰਭਵਤੀ ਅੌਰਤਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਵੀ ਕੀਤਾ ਗਿਆ। ਕੈਂਪ ਵਿੱਚ ਪਹੁੰਚੇ ਖੂਨਦਾਨੀਆਂ ਨੂੰ ਲੰਚ ਬਾਕਸ ਅਤੇ ਵਿਸ਼ੇਸ਼ ਸਰਟੀਫਿਕੇਟ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਕਮਲੇਸ਼ ਕੁਮਾਰ ਕੌਸ਼ਲ, ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀਮਤੀ ਰੁਪਿੰਦਰ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ ਰਾਹੀ, ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਪੀਐਸ ਵਿਰਦੀ, ਵਿਸ਼ਵਾਸ ਫਾਊਂਡੇਸ਼ਨ ਤੋਂ ਸਾਧਵੀ ਨੀਲਿਮਾ ਵਿਸ਼ਵਾਸ, ਐਚਡੀਐਫ਼ਸੀ ਬੈਂਕ ਤੋਂ ਨਿਤਿਨ ਕੁਮਾਰ ਤੇ ਹੋਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…