
ਵਿਧਾਇਕ ਬਲਬੀਰ ਸਿੱਧੂ ਦੇ ਘਰ ਦੇ ਬਾਹਰ ਭੁੱਖ-ਹੜਤਾਲ ’ਤੇ ਬੈਠੇ ਦਫ਼ਤਰੀ ਕੱਚੇ ਮੁਲਾਜ਼ਮ
ਸਿੱਧੂ ਨੇ ਧਰਨਾਕਾਰੀਆਂ ਤੋਂ ਮੰਗ ਪੱਤਰ ਲੈ ਕੇ ਮੌਕੇ ’ਤੇ ਹੀ ਪ੍ਰਮੁੱਖ ਸਕੱਤਰ ਨਾਲ ਗੱਲ ਕਰਕੇ ਫਾਈਲ ਪਾਸ ਲਈ ਕਿਹਾ
ਜੇ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਦਫ਼ਤਰੀ ਮੁਲਾਜ਼ਮ ਪੱਕੇ ਨਾ ਕੀਤੇ ਤਾਂ ਘਰ-ਘਰ ਜਾ ਕੇ ਕੀਤਾ ਜਾਵੇਗਾ ਭੰਡੀ ਪ੍ਰਚਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜਨਵਰੀ:
ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕੇ ਸਰਵ ਸਿੱਖਿਆ ਅਭਿਆਨ/ਮਿਡ-ਡੇਅ-ਮੀਲ ਦਫ਼ਤਰੀ ਕੱਚੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਵੇਰੇ ਸਾਬਕਾ ਸਿਹਤ ਮੰਤਰੀ ਤੇ ਸਥਾਨਕ ਬਲਬੀਰ ਸਿੰਘ ਸਿੱਧੂ ਦੇ ਘਰ ਬਾਹਰ ਭੁੱਖ-ਹੜਤਾਲ ’ਤੇ ਬੈਠ ਗਏ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਉਧਰ, ਸਿੱਖਿਆ ਭਵਨ ਦੇ ਬਾਹਰ ਦਫ਼ਤਰੀ ਕੱਚੇ ਕਾਮਿਆਂ ਦਾ ਲੜੀਵਾਰ ਧਰਨਾ ਅੱਜ 43ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਲੇਕਿਨ ਹੁਣ ਤੱਕ ਸਰਕਾਰ ਨੇ ਉਨ੍ਹਾਂ ਦੀ ਸਾਰ ਨਹੀਂ ਲਈ।
ਸਰਵ ਸਿੱਖਿਆ ਅਭਿਆਨ/ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂ ਅਸ਼ੀਸ਼ ਜੁਲਾਹਾ, ਰਜਿੰਦਰ ਸਿੰਘ ਸੰਧਾ, ਚਮਕੌਰ ਸਿੰਘ, ਦਵਿੰਦਰਜੀਤ ਸਿੰਘ, ਰਮਨ ਕੁਮਾਰ ਅਤੇ ਯੁਵਰਾਜ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਉਹ ਵੱਖ-ਵੱਖ ਢੰਗ ਤਰੀਕੇ ਅਪਣਾ ਕੇ ਰੋਸ ਪ੍ਰਦਰਸ਼ਨ ਕਰ ਕੇ ਸਰਕਾਰ ਦੇ ਕੰਨਾਂ ਤੱਕ ਆਪਣੀ ਆਵਾਜ਼ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਅੰਨ੍ਹੀ ਬੋਲੀ ਸਰਕਾਰ ਨੂੰ ਨਾ ਕੁੱਝ ਦਿਖਦਾ ਹੈ ਅਤੇ ਨਾ ਕੁੱਝ ਸੁਣਦਾ ਹੈ।
ਆਗੂਆਂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਸੁਹਿਰਦ ਹਨ ਤਾਂ ਨਿੱਜੀ ਦਖ਼ਲ ਦੇ ਕੇ ਵਿੱਤ ਵਿਭਾਗ ਤੋਂ ਫਾਈਲ ਪਾਸ ਕਰਵਾ ਕੇ ਪੰਜਾਬ ਕੈਬਨਿਟ ਦੀ ਪੱਕੀ ਮੋਹਰ ਲਗਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਦਫ਼ਤਰੀ ਮੁਲਾਜ਼ਮਾਂ ਨੂੰ ਪੱਕੇ ਨਾ ਕੀਤਾ ਗਿਆ ਤਾਂ ਚੋਣਾਂ ਦੌਰਾਨ ਸ਼ਹਿਰਾਂ ਅਤੇ ਪਿੰਡਾਂ ਵਿੱਚ ਘਰ-ਘਰ ਜਾ ਕੇ ਸਰਕਾਰ ਵਿਰੁੱਧ ਭੰਡੀ ਪ੍ਰਚਾਰ ਕੀਤਾ ਜਾਵੇਗਾ।
ਉਧਰ, ਇਸੇ ਦੌਰਾਨ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਧਰਨਾਕਾਰੀਆਂ ਤੋਂ ਮੰਗ ਪੱਤਰ ਲੈ ਕੇ ਮੌਕੇ ’ਤੇ ਹੀ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨਾਲ ਫੋਨ ’ਤੇ ਗੱਲ ਕਰਕੇ ਦਫ਼ਤਰੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਬਾਰੇ ਫਾਈਲ ਵਿੱਤ ਵਿਭਾਗ ਤੋਂ ਪਾਸ ਕਰਵਾਉਣ ਦੀ ਅਪੀਲ ਕੀਤੀ। ਇਸ ਮਗਰੋਂ ਕਰਮਚਾਰੀਆਂ ਨੇ ਸਿੱਧੂ ਦੇ ਘਰ ਦੇ ਬਾਹਰ ਭੁੱਖ-ਹੜਤਾਲ ਖ਼ਤਮ ਕਰਨ ਦਾ ਐਲਾਨ ਕੀਤਾ ਅਤੇ ਉਹ ਸਾਰੇ ਵਾਪਸ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨੇ ’ਤੇ ਜਾ ਕੇ ਬੈਠ ਗਏ।