Nabaz-e-punjab.com

ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਸਾਂਝੇ ਯਤਨ ਕਰਨ: ਸਿੱਧੂ

ਮੁਹਾਲੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ’ਤੇ ਜ਼ੋਰ

ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਿਹਤ ਮੰਤਰੀ ਸਿੱਧੂ ਨੇ ਕੀਤੀ ਵੱਖ ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੁਲਾਈ:
ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਨ ਲਈ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਇਕ ਸਾਂਝੀ ਟੀਮ ਬਣ ਕੇ ਕੰਮ ਕਰਨ ਤਾਂ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਕਰਵਾਏ ਜਾ ਸਕਣ ਅਤੇ ਜਿੱਥੇ ਕਿਤੇ ਕੋਈ ਰੁਕਾਵਟ ਜਾਂ ਕਮੀ-ਪੇਸ਼ੀ ਨਜ਼ਰ ਆਉਂਦੀ ਹੈ, ਉਸ ਨੂੰ ਤੁਰੰਤ ਦੂਰ ਕੀਤਾ ਜਾ ਸਕੇ। ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪੈਲਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਐਸਐਸਪੀ ਹਰਚਰਨ ਸਿੰਘ ਭੁੱਲਰ ਵੀ ਮੌਜੂਦ ਸਨ।
ਸਿਹਤ ਮੰਤਰੀ ਨੇ ਮੀਟਿੰਗ ਵਿੱਚ ਬਰਸਾਤ ਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਡਰੇਨੇਜ ਵਿਭਾਗ, ਨਗਰ ਨਿਗਮ ਅਤੇ ਗਮਾਡਾ ਸਾਂਝੇ ਤੌਰ ’ਤੇ ਚੋਆਂ ਦੀ ਸਫ਼ਾਈ ਕਰਵਾਉਣ ਤਾਂ ਜੋ ਬਰਸਾਤੀ ਪਾਣੀ ਦੀ ਨਿਕਾਸੀ ਵਿੱਚ ਕੋਈ ਸਮੱਸਿਆ ਨਾ ਆਵੇ ਅਤੇ ਜਿੱਥੇ ਕਿਤੇ ਵੀ ਸੀਵਰੇਜ ਬਲਾਕ ਹੋਣ ਦੀ ਸਮੱਸਿਆ ਪੇਸ਼ ਆਉਂਦੀ ਹੈ, ਉਸ ਨੂੰ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਵੱਖ ਵੱਖ ਇਲਾਕਿਆਂ ਵਿੱਚ ਪੇਸ਼ ਆ ਰਹੀ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਨਾਜਾਇਜ਼ ਕਬਜ਼ੇ ਹਟਾਉਣ ਦੀ ਹਦਾਇਤ ਕੀਤੀ ਤਾਂ ਜੋ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਨਾਲ ਹੀ ਲਾਂਡਰਾਂ ਚੌਕ ਵਿੱਚ ਭੀੜ ਘੱਟ ਕਰਨ ਲਈ ਤੁਰੰਤ ਮੌਕਾ ਦੇਖ ਕੇ ਇਸ ਮਸਲੇ ਦਾ ਹੱਲ ਕਰਨ ਦੀ ਹਦਾਇਤ ਕੀਤੀ। ਆਟਾ-ਦਾਲ ਸਕੀਮ ਤਹਿਤ ਬਣਾਏ ਜਾ ਰਹੇ ਸਮਾਰਟ ਰਾਸ਼ਨ ਕਾਰਡਾਂ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਹਦਾਇਤ ਕੀਤੀ ਕਿ ਇਸ ਕੰਮ ਨੂੰ ਜਲਦੀ ਨੇਪਰੇ ਚਾੜ੍ਹਨ ਲਈ ਪਿੰਡ ਪੱਧਰ ’ਤੇ ਪਟਵਾਰੀ, ਬੀਡੀਪੀਓ ਅਤੇ ਜ਼ਿਲ੍ਹਾ ਫੂਡ ਐਂਡ ਸਪਲਾਈ ਵਿਭਾਗ ਦੇ ਕਰਮਚਾਰੀ ਦਾ ਇਕੋ ਥਾਂ ਹਾਜ਼ਰ ਹੋਣਾ ਯਕੀਨੀ ਬਣਾਇਆ ਜਾਵੇ। ਜ਼ਿਲ੍ਹੇ ਵਿੱਚ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਬਣਾਈ ਗਈ ਜ਼ਿਲ੍ਹਾ ਮਿਸ਼ਨ ਟੀਮ ਦੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ੇ ਦੇ ਦੈਂਤ ਤੋਂ ਬਚਾਉਣ ਲਈ ਜ਼ਿਲ੍ਹਾ ਮਿਸ਼ਨ ਟੀਮ ਦੇ ਐਕਸ਼ਨ ਪਲਾਨ ਨੂੰ ਠੋਸ ਤਰੀਕੇ ਨਾਲ ਲਾਗੂ ਕੀਤਾ ਜਾਵੇ।
ਕੈਬਨਿਟ ਮੰਤਰੀ ਨੇ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਸਖ਼ਤੀ ਨਾਲ ਨਜਿੱਠਣ ਦੇ ਹੁਕਮ ਦਿੰਦਿਆਂ ਕਿਹਾ ਕਿ ਆਪਣੇ ਪਾਲਤੂ ਪਸ਼ੂ ਸ਼ਹਿਰ ਵਿੱਚ ਛੱਡਣ ਵਾਲਿਆਂ ਦੇ ਚਲਾਨ ਕੱਟੇ ਜਾਣ ਤਾਂ ਜੋ ਸੜਕਾਂ ’ਤੇ ਅਵਾਰਾ ਪਸ਼ੂ ਛੱਡਣ ਵਾਲੇ ਲੋਕ ਖੁਦ ਆਪਣੇ ਪਸ਼ੂ ਸੰਭਾਲਣ ਅਤੇ ਇਨ੍ਹਾਂ ਕਾਰਨ ਵਾਪਰ ਰਹੇ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਪਾਰਕਾਂ ਦੀ ਸਫ਼ਾਈ ਦੇ ਕੰਮ ਦੀ ਸਮੀਖਿਆ ਕਰਦਿਆਂ ਉਨ੍ਹਾਂ ਨਗਰ ਨਿਗਮ ਨੂੰ ਹਦਾਇਤ ਕੀਤੀ ਕਿ ਹਰੇਕ ਸੈਕਟਰ ਵਿੱਚ 2 ਜਾਂ 3 ਪਾਰਕ ਮਾਡਲ ਪਾਰਕ ਵਜੋਂ ਵਿਕਸਤ ਕੀਤੇ ਜਾਣ। ਇਸ ਤੋਂ ਇਲਾਵਾ ਮੀਟਿੰਗ ਵਿੱਚ ਗਰੀਬ ਵਰਗ ਨੂੰ 5-5 ਮਰਲੇ ਦੇ ਪਲਾਟ ਦੇਣ, ਪੁਲਿਸ ਨਫਰੀ ਵਧਾਉਣ, ਰਾਤ ਨੂੰ ਪੁਲਿਸ ਦੇ ਨਾਕੇ ਲਾਉਣ ਸਮੇਤ ਸੈਕਟਰ 82 ਦੇ ਸਨਅਤੀ ਖੇਤਰ ਵਿੱਚ ਸੁਰੱਖਿਆ ਅਤੇ ਸਟਰੀਟ ਲਾਈਟਾਂ ਦਾ ਪ੍ਰਬੰਧ, ਪਿੰਡ ਦਾਊਂ ਦੀ ਖਸਤਾ ਹਾਲ ਲਿੰਕ ਰੋਡ, ਪਾਣੀ ਦੀ ਨਿਕਾਸੀ, ਫਲਾਈ ਓਵਰ ’ਤੇ ਕੱਟ ਨਾ ਛੱਡੇ ਜਾਣ ਕਾਰਨ ਲੋਕਾਂ ਨੂੰ ਆ ਰਹੀ ਪ੍ਰੇਸ਼ਾਨੀ ’ਤੇ ਵੀ ਵਿਚਾਰ ਕੀਤਾ ਗਿਆ। ਇਸ ਮੌਕੇ ਸਿਹਤ ਮੰਤਰੀ ਨੇ ਜਿੱਥੇ ਮੀਟਿੰਗ ਵਿੱਚ ਸ਼ਾਮਲ ਅਧਿਕਾਰੀਆਂ ਤੋਂ ਵੱਖ ਵੱਖ ਮਾਮਲਿਆਂ ਵਿੱਚ ਸੁਝਾਅ ਲਏ ਉਥੇ ਹਾਜ਼ਰ ਮੋਹਤਬਰਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿਵਾਇਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਸਾਕਸ਼ੀ ਸਾਹਨੀ, ਕਮਿਸ਼ਨਰ ਨਗਰ ਨਿਗਮ ਸ੍ਰੀ ਭੁਪਿੰਦਰਪਾਲ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਯਸ਼ਪਾਲ ਸ਼ਰਮਾ, ਐਸ.ਡੀ.ਐਮ. ਡੇਰਾਬੱਸੀ ਸ੍ਰੀਮਤੀ ਪੂਜਾ ਸਿਆਲ, ਐਸ.ਡੀ.ਐਮ. ਮੁਹਾਲੀ ਸ੍ਰੀ ਜਗਦੀਪ ਸਹਿਗਲ, ਐਸ.ਡੀ.ਐਮ. ਖਰੜ ਸ੍ਰੀ ਵਿਨੋਦ ਬਾਂਸਲ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ (ਡੀ.ਡੀ.ਪੀ.ਓ.) ਸ੍ਰੀ ਡੀ. ਕੇ. ਸਾਲਦੀ, ਕੈਬਨਿਟ ਮੰਤਰੀ ਸ. ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …