
ਬੰਦੀ ਸਿੰਘਾਂ ਦੀ ਰਿਹਾਈ ਤੇ ਹੋਰ ਮੁੱਦਿਆਂ ’ਤੇ ਸਿੱਖਾਂ ਵੱਲੋਂ ਮੁਹਾਲੀ-ਚੰਡੀਗੜ੍ਹ ਦੀ ਹੱਦ ’ਤੇ ਪੱਕਾ ਮੋਰਚਾ ਸ਼ੁਰੂ
ਮੁੱਖ ਮੰਤਰੀ ਦੇ ਓਐਸਡੀ ਨਵਰਾਜ ਸਿੰਘ ਨੇ ਪ੍ਰਦਰਸ਼ਨਕਾਰੀ ਸਿੱਖਾਂ ਤੋਂ ਮੰਗ ਪੱਤਰ ਹਾਸਲ ਕੀਤਾ
ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਤੇ ਐੱਸਐੱਸਪੀ ਡਾ. ਸੰਦੀਪ ਗਰਗ ਨੇ ਸੁਰੱਖਿਆ ਦਾ ਮੋਰਚਾ ਸੰਭਾਲਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜਨਵਰੀ:
ਕੌਮੀ ਇਨਸਾਫ਼ ਮੋਰਚਾ ਮੁਹਾਲੀ-ਚੰਡੀਗੜ੍ਹ, ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦੇ ਸਾਂਝੇ ਬੈਨਰ ਹੇਠ ਅੱਜ ਵੱਡੀ ਗਿਣਤੀ ਵਿੱਚ ਸਿੱਖਾਂ ਨੇ ਹੱਡ ਚੀਰਵੀਂ ਠੰਢ ਦੇ ਬਾਵਜੂਦ ਆਪਣੇ ਗਲਾਂ ਵਿੱਚ ਲੋਹੇ ਦੀਆਂ ਜ਼ੰਜੀਰਾਂ ਪਾ ਕੇ ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਇਸ ਰੋਸ ਮੁਜ਼ਾਹਰੇ ਵਿੱਚ ਮਨੁੱਖ ਅਧਿਕਾਰ ਸੰਗਠਨਾਂ, ਪੰਥ ਦਰਦੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਇਨਸਾਫ਼ ਪਸੰਦ ਲੋਕਾਂ ਨੇ ਸ਼ਮੂਲੀਅਤ ਕੀਤੀ।
ਅੱਜ ਸਵੇਰੇ ਹੀ ਪੰਜਾਬ ਸਮੇਤ ਦਿੱਲੀ ਅਤੇ ਹਰਿਆਣਾ ’ਚੋਂ ਸਿੱਖ ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਪਹੁੰਚਣੇ ਸ਼ੁਰੂ ਹੋ ਗਏ ਸੀ ਅਤੇ ਦੁਪਹਿਰ 12 ਵਜੇ ਤੱਕ ਵੱਡੀ ਭੀੜ ਜਮ੍ਹਾਂ ਹੋ ਗਈ। ਇੱਥੇ ਵੱਖ-ਵੱਖ ਆਗੂਆਂ ਨੇ ਸਿੱਖ ਮਸਲਿਆਂ ’ਤੇ ਖੁੱਲ੍ਹ ਕੇ ਵਿਚਾਰਾਂ ਕੀਤੀਆਂ। ਉਪਰੰਤ ਦੋ ਵਜੇ ਸਿੱਖਾਂ ਨੇ ਜੈਕਾਰੇ ਛੱਡ ਕੇ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ। ਹਾਲਾਂਕਿ ਮੁਹਾਲੀ ਪੁਲੀਸ ਨੇ ਬੈਰੀਕੇਡ ਲਗਾ ਕੇ ਸਿੱਖਾਂ ਨੂੰ ਰੋਕਣ ਦਾ ਯਤਨ ਕੀਤਾ ਪ੍ਰੰਤੂ ਸਿੱਖ ਅੱਗੇ ਲੰਘਣ ਵਿੱਚ ਸਫਲ ਹੋ ਗਏ ਲੇਕਿਨ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਯੂਟੀ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਦਾ ਰਾਹ ਡੱਕ ਲਿਆ। ਜਿਸ ਕਾਰਨ ਰੋਹ ਵਿੱਚ ਆਏ ਸਿੱਖ ਅਤੇ ਹੋਰ ਪ੍ਰਦਰਸ਼ਨਕਾਰੀ ਉੱਥੇ ਹੀ ਸੜਕ ਉੱਤੇ ਧਰਨਾ ਲਗਾ ਕੇ ਬੈਠ ਗਏ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਸਮੇਂ ਜਥੇਬੰਦੀਆਂ ਦੇ ਮੈਂਬਰਾਂ ਅਤੇ ਪੁਲੀਸ ਵਿਚਾਲੇ ਖਿੱਚ ਧੂਹ ਵੀ ਹੋਈ ਪ੍ਰੰਤੂ ਟਕਰਾਅ ਤੋਂ ਬਚਾਅ ਰਿਹਾ।
ਵਾਈਪੀਐਸ ਚੌਕ ਨੇੜੇ ਰੂਪਨਗਰ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਤੇ ਮੁਹਾਲੀ ਦੇ ਐੱਸਐੱਸਪੀ ਡਾ. ਸੰਦੀਪ ਗਰਗ ਨੇ ਸੁਰੱਖਿਆ ਸਬੰਧੀ ਖ਼ੁਦ ਮੋਰਚਾ ਸੰਭਾਲਿਆ ਹੋਇਆ ਸੀ ਅਤੇ ਪੁਲੀਸ ਵੱਲੋਂ ਹਰ ਪਹਿਲੂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਸੀ।
ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਸਿੱਖਾਂ ਨਾਲ ਸਬੰਧਤ ਚਾਰ ਕੌਮੀ ਮੁੱਦਿਆਂ ’ਤੇ ਇਨਸਾਫ਼ ਲਈ ਪੱਕਾ ਮੋਰਚਾ ਲਾਉਣ ਆਏ ਹਨ ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਸਰਕਾਰਾਂ ਸਿੱਖਾਂ ਦੀਆਂ ਭਾਵਨਾਵਾਂ ਦੀ ਅਣਦੇਖੀ ਕਰਦੀਆਂ ਆ ਰਹੀਆ ਹਨ। ਇਕਬਾਲ ਸਿੰਘ ਦਿੱਲੀ, ਰਜਿੰਦਰ ਸਿੰਘ ਬਾਲੀ ਅਤੇ ਹੋਰ ਸਿੱਖ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ ਅਤੇ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਸਜਾਵਾਂ ਨਹੀਂ ਦਿੱਤੀਆਂ ਜਾਂਦੀਆਂ ਉਦੋਂ ਤੱਕ ਲੜੀਵਾਰ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮਹੀਨਾ ਪਹਿਲਾਂ ਹੀ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਸੀ ਅਤੇ ਸਰਕਾਰ ਨੇ ਪੰਜ ਮੰਤਰੀਆਂ ਨੂੰ ਗੱਲਬਾਤ ਲਈ ਭੇਜਣ ਦਾ ਭਰੋਸਾ ਦਿੱਤਾ ਸੀ ਲੇਕਿਨ ਹੁਣ ਤੱਕ ਕੋਈ ਕਾਰਵਾਈ ਨਹੀ। ਜਿਸ ਕਾਰਨ ਸਿੱਖਾਂ ਨੂੰ ਕੜਾਕੇ ਦੀ ਠੰਢ ਵਿੱਚ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ।

ਜਗਮੋਹਨ ਸਿੰਘ ਕਾਹਲੋਂ ਨੇ ਕਿਹਾ ਕਿ ਪੰਜਾਬ ਦੇ ਭਲੇ ਲਈ ਲੋਕਾਂ ਨੂੰ ਮਨੁੱਖਤਾ ਦੀ ਰਾਖੀ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬੇਅਦਬੀ ਦੇ ਮਾਮਲੇ ਸਾਹਮਣੇ ਆ ਰਹੇ ਹਨ, ਇਸ ਸਬੰਧੀ ਲੋਕਾਂ ਨੂੰ ਅੱਗੇ ਆ ਕੇ ਅਜਿਹੇ ਮੁੱਦੇ ਸਰਕਾਰ ਕੋਲ ਚੁੱਕਣੇ ਚਾਹੀਦੇ ਹਨ। ਬੁਲਾਰਿਆਂ ਨੇ ਕਿਹਾ ਕਿ ਪੱਤਰਕਾਰ ਦੇ ਕਾਤਲ, ਜਬਰ ਜਨਾਹ ਅਤੇ ਬੇਅਦਬੀ ਲਈ ਜ਼ਿੰਮੇਵਾਰ ਅਖੌਤੀ ਸਾਧ ਨੂੰ ਤਾਂ ਜਦੋਂ ਮਰਜ਼ੀ ਸਰਕਾਰ ਚਾਹੇ ਪੈਰੋਲ ’ਤੇ ਬਾਹਰ ਭੇਜ ਦਿੰਦੀ ਹੈ ਪ੍ਰੰਤੂ ਜਿਹੜੇ ਸਿੱਖ ਕੈਦੀ ਕਾਨੂੰਨ ਮੁਤਾਬਕ ਆਪਣੀਆਂ ਸਜਾਵਾਂ ਭੁਗਤ ਚੁੱਕੇ ਹਨ, ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਇਹ ਸਿੱਖਾਂ ਨਾਲ ਸਿਰੇ ਦੀ ਬੇਇਨਸਾਫ਼ੀ ਹੈ। ਉਧਰ, ਮੁੱਖ ਮੰਤਰੀ ਦੇ ਓਐਸਡੀ ਨਵਰਾਜ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਪ੍ਰਦਰਸ਼ਨਕਾਰੀ ਸਿੱਖਾਂ ਤੋਂ ਮੰਗ ਪੱਤਰ ਹਾਸਲ ਕੀਤਾ ਅਤੇ ਸਿੱਖਾਂ ਦੀਆਂ ਭਾਵਨਾਵਾਂ ਬਾਰੇ ਮੁੱਖ ਮੰਤਰੀ ਨੂੰ ਦੱਸਣ ਅਤੇ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ। ਲੇਕਿਨ ਸਿੱਖਾਂ ਦਾ ਧਰਨਾ ਜਾਰੀ ਸੀ।