ਲੜਾਈ ਝਗੜੇ ਵਿੱਚ ਇੱਕ ਗੰਭੀਰ ਜ਼ਖ਼ਮੀ, ਤਿੰਨ ਮੁਲਜ਼ਮ ਗ੍ਰਿਫ਼ਤਾਰ, 1 ਫ਼ਰਾਰ
ਮੁਲਜ਼ਮਾਂ ਕੋਲੋਂ ਤਲਵਾਰ ਤੇ ਹੋਰ ਤੇਜ਼ਧਾਰ ਹਥਿਆਰ ਕੀਤੇ ਵੀ ਬਰਾਮਦ
ਨਬਜ਼-ਏ-ਪੰਜਾਬ, ਮੁਹਾਲੀ, 3 ਫਰਵਰੀ:
ਮੁਹਾਲੀ ਪੁਲੀਸ ਨੇ ਗੁਰੂ ਨਾਨਕ ਕਲੋਨੀ ਜਗਤਪੁਰਾ ਵਿੱਚ ਲੜਾਈ ਝਗੜੇ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਮਾਰੂ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਇੱਥੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਹਿੰਮਤ ਸਿੰਘ ਵਾਸੀ ਮੁਹਾਲੀ ਪਿੰਡ, ਯੋਧ ਸਿੰਘ ਵਾਸੀ ਪਾਤੜਾਂ (ਪਟਿਆਲਾ) ਅਤੇ ਅਕਸ਼ੈ ਕੁਮਾਰ ਵਾਸੀ ਜਗਤਪੁਰਾ ਕਲੋਨੀ ਵਜੋਂ ਹੋਈ ਹੈ। ਜਦੋਂਕਿ ਇਨ੍ਹਾਂ ਦਾ ਇੱਕ ਸਾਥੀ ਰਵੀ ਕੁਮਾਰ ਹਾਲੇ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਉਸ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਡੀਐਸਪੀ ਬੱਲ ਨੇ ਦੱਸਿਆ ਕਿ ਇਸ ਸਬੰਧੀ ਪੀੜਤ ਰਮੇਸ਼ ਕੁਮਾਰ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਫੇਜ਼-11 ਥਾਣੇ ਵਿੱਚ ਬੀਐਸਐਨ ਦੀ ਧਾਰਾ 109, 115 (2), 126 (2), 135 (2) ਅਤੇ 304 ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਸ਼ਰ੍ਹੇਆਮ ਗੁੰਡਾਗਰਦੀ ਕਰਦੇ ਹੋਏ ਰਮੇਸ਼ ਕੁਮਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਰਮੇਸ਼ ਕੁਮਾਰ ਦੇ ਸਿਰ ਵਿੱਚ ਤਲਵਾਰ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸ ਨੂੰ ਤੁਰੰਤ ਸਰਕਾਰੀ ਹਸਪਤਾਲ ਫੇਜ਼-6 ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਗਈ ਹੈ।
ਫੇਜ਼-11 ਥਾਣਾ ਦੇ ਐਸਐਚਓ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਮੰਗਲਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਫ਼ਰਾਰ ਮੁਲਜ਼ਮ ਰਵੀ ਕੁਮਾਰ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਉਸ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ’ਚੋਂ ਤਲਵਾਰ ਅਤੇ ਹੋਰ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ। ਪੁਲੀਸ ਮੁਲਜ਼ਮਾਂ ਦੇ ਪਿਛੋਕੜ ਬਾਰੇ ਪਤਾ ਲਗਾ ਰਹੀ ਹੈ।