ਇਕ ਤਰਫਾ ਪਿਆਰ: ਨੌਜਵਾਨ ਵੱਲੋਂ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ, ਕੇਸ ਦਰਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਾਰਚ:
ਇੱਥੋਂ ਦੇ ਨਜ਼ਦੀਕੀ ਪਿੰਡ ਮੌਲੀ ਬੈਦਵਾਨ (ਸੈਕਟਰ-80) ਵਿੱਚ ਇੱਕ ਤਰਫਾ ਪਿਆਰ ਦੇ ਚੱਲਦਿਆਂ ਨੌਜਵਾਨ ਵੱਲੋਂ ਪੀੜਤ ਲੜਕੀ ਦੇ ਬਜ਼ੁਰਗ ਦਾ ਬੜੀ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਗਤਾਰ ਸਿੰਘ (62) ਵਜੋਂ ਹੋਈ ਹੈ। ਇਸ ਸਬੰਧੀ ਸੋਹਾਣਾ ਪੁਲੀਸ ਨੇ ਸਵਰਨ ਕੌਰ ਪਤਨੀ ਜਗਤਾਰ ਸਿੰਘ ਦੀ ਸ਼ਿਕਾਇਤ ’ਤੇ ਗੁਰਪ੍ਰਤਾਪ ਸਿੰਘ ਨਾਂ ਦੇ ਨੌਜਵਾਨ ਖ਼ਿਲਾਫ਼ ਧਾਰਾ 302 ਤਹਿਤ ਕਤਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰਤਾਪ ਸਿੰਘ ਵਾਸੀ ਮੌਲੀ ਬੈਦਵਾਨ ਕਾਫ਼ੀ ਸਮੇਂ ਤੋਂ ਆਪਣੇ ਪਿੰਡ ਦੀ ਬਾਰ੍ਹਵੀਂ ਜਮਾਤ ਵਿੱਚ ਪੜ੍ਹਦੀ ਲੜਕੀ ਨੂੰ ਕਥਿਤ ਤੌਰ ’ਤੇ ਪ੍ਰਪੋਜ ਕਰਦਾ ਆ ਰਿਹਾ ਸੀ। ਹਾਲਾਂਕਿ ਇਸ ਸਬੰਧੀ ਲੜਕੀ ਦੇ ਘਰਦਿਆਂ ਨੇ ਮੁਲਜ਼ਮ ਨੌਜਵਾਨ ਨੂੰ ਕਈ ਵਾਰ ਗੱਲੀਬਾਤੀ ਸਮਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਲੇਕਿਨ ਉਹ ਆਪਣੀ ਹਰਕਤਾਂ ਤੋਂ ਬਾਜ ਨਹੀਂ ਆਇਆ। ਐਤਵਾਰ ਨੂੰ ਗੁਰਪ੍ਰਤਾਪ ਸਿੰਘ ਨੇ ਸਾਰੀਆਂ ਹੱਦਾਂ ਪਾਰ ਦਿੱਤੀਆਂ। ਉਹ ਕੰਧ ਟੱਪ ਕੇ ਲੜਕੀ ਦੇ ਘਰ ਅੰਦਰ ਦਾਖ਼ਲ ਹੋ ਗਿਆ। ਜਦੋਂ ਘਰ ਦੇ ਬਜ਼ੁਰਗ ਜਗਤਾਰ ਸਿੰਘ ਨੇ ਇਸ ਗੱਲ ਦਾ ਵਿਰੋਧ ਕੀਤਾ ਤਾਂ ਗੁੱਸੇ ਵਿੱਚ ਨੱਕੋ ਨੱਕ ਭਰੇ ਮੁਲਜ਼ਮ ਨੌਜਵਾਨ ਨੇ ਜਗਤਾਰ ਸਿੰਘ ਦੀ ਛਾਤੀ ਵਿੱਚ ਮੁੱਕੇ ਮਾਰ ਮਾਰ ਕੇ ਉਸ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ। ਜਗਤਾਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੂਤਰ ਦੱਸਦੇ ਹਨ ਕਿ ਪੀੜਤ ਲੜਕੀ ਦੇ ਘਰਦਿਆਂ ਨੇ ਪਿੰਡ ਵਾਸੀਆਂ ਦੀ ਮਦਦ ਨਾਲ ਮੁਲਜ਼ਮ ਨੌਜਵਾਨ ਨੂੰ ਫੜ ਕੇ ਪੁਲੀਸ ਦੇ ਹਵਾਲੇ ਕਰ ਦਿੱਤਾ ਪ੍ਰੰਤੂ ਪੁਲੀਸ ਨੇ ਅਜੇ ਤਾਈਂ ਨੌਜਵਾਨ ਦੀ ਗ੍ਰਿਫ਼ਤਾਰੀ ਬਾਰੇ ਪੁਸ਼ਟੀ ਨਹੀਂ ਕੀਤੀ।
ਉਧਰ, ਸੋਹਾਣਾ ਥਾਣਾ ਦੇ ਐਸਐਚਓ ਗੁਰਚਰਨ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਨੌਜਵਾਨ ਗੁਰਪ੍ਰਤਾਪ ਸਿੰਘ ਦੇ ਖ਼ਿਲਾਫ਼ ਧਾਰਾ 302 ਅਧੀਨ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਹਵਾਲੇ ਨਾਲ ਦੱਸਿਆ ਕਿ ਗੁਰਪ੍ਰਤਾਪ ਸਿੰਘ ਅੱਜ ਕੰਧ ਟੱਪ ਕੇ ਉਨ੍ਹਾਂ ਦੇ ਘਰ ਵਿੱਚ ਦਾਖ਼ਲ ਹੋ ਗਿਆ ਸੀ ਅਤੇ ਜਦੋਂਕਿ ਪਰਿਵਾਰ ਨੇ ਇਸ ਗੱਲ ਦਾ ਬੁਰਾ ਮਨਾਇਆ ਤਾਂ ਨੌਜਵਾਨ ਨੇ ਜਗਤਾਰ ਸਿੰਘ ਦੀ ਬੜੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਜਦੋਂ ਥਾਣਾ ਮੁਖੀ ਨੂੰ ਮੁਲਜ਼ਮ ਨੌਜਵਾਨ ਦੀ ਗ੍ਰਿਫ਼ਤਾਰੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪੁਲੀਸ ਮੁਲਜ਼ਮ ਦੀ ਭਾਲ ਕਰ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …