ਆਨਲਾਈਨ ਠੱਗੀ: ਥਾਣਾ ਮੁਖੀ ਦਾ ਫਰਜ਼ੀ ਫੇਸਬੁੱਕ ਅਕਾਊਂਟ ਬਣਾ ਕੇ ਲੋਕਾਂ ਨੂੰ ਠੱਗਣ ਦਾ ਯਤਨ

ਗੂਗਲ ਪੇਅ ਨੰਬਰ ’ਤੇ ਪੈਸੇ ਭੇਜਣ ਦੀ ਕੀਤੀ ਗਈ ਸੀ ਮੰਗ, ਮੁਲਜ਼ਮਾਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ

ਥਾਣਾ ਮੁਖੀ ਨੇ ਫੇਸਬੁੱਕ ਨੂੰ ਪੱਤਰ ਲਿਖ ਕੇ ਜਾਅਲੀ ਫੇਸਬੁੱਕ ਅਕਾਊਂਟ ਫੌਰੀ ਬੰਦ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਨਵੰਬਰ:
ਇੱਥੋਂ ਦੇ ਫੇਜ਼-1 ਥਾਣਾ ਦੇ ਐਸਐਚਓ ਇੰਸਪੈਕਟਰ ਮਨਫੂਲ ਸਿੰਘ ਦੇ ਨਾਂ ’ਤੇ ਫਰਜ਼ੀ ਫੇਸਬੁੱਕ ਅਕਾਊਂਟ ਬਣਾ ਕੇ ਉਨ੍ਹਾਂ ਦੇ ਜਾਣਕਾਰਾਂ ਨੂੰ ਠੱਗਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਆਨਲਾਈਨ ਠੱਗਾਂ ਨੇ ਫੇਸਬੁੱਕ ਆਈਡੀ ’ਤੇ ਇੰਸਪੈਕਟਰ ਮਨਫੂਲ ਸਿੰਘ ਦੀਆਂ ਫੋਟੋਆਂ ਅਪਲੋਡ ਕਰਕੇ ਉਨ੍ਹਾਂ ਦੇ ਜਾਣਕਾਰਾਂ ਨੂੰ ਮੈਸੇਜ ਭੇਜ ਕੇ ਕਿਹਾ ਗਿਆ ਕਿ ਉਹ ਬਹੁਤ ਮੁਸ਼ੀਬਤ ਵਿੱਚ ਹਨ ਅਤੇ ਠੱਗਾਂ ਨੇ ਬਾਕਾਇਦਾ ਇੱਕ ਗੂਗਲ ਪੇਅ ਨੰਬਰ ’ਤੇ ਪੈਸੇ ਭੇਜਣ ਦੀ ਮੰਗ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਮਿਲਣ ’ਤੇ ਥਾਣਾ ਮੁਖੀ ਮਨਫੂਲ ਸਿੰਘ ਨੇ ਤੁਰੰਤ ਉੱਚ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਅਤੇ ਇਸ ਉਪਰੰਤ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਥਾਣਾ ਫੇਜ਼-1 ਵਿੱਚ ਆਈਪੀਸੀ ਦੀ ਧਾਰਾ 420 ਅਤੇ ਆਈਟੀ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮੁਲਜ਼ਮਾਂ ਦੀ ਪੈੜ ਨੱਪਣ ਲਈ ਵਿਸ਼ੇਸ਼ ਟੀਮਾਂ ਬਣਾ ਕੇ ਕਾਰਵਾਈ ਤੇਜ਼ ਕਰ ਦਿੱਤੀ ਹੈ।
ਇੰਸਪੈਕਟਰ ਮਨਫੂਲ ਸਿੰਘ ਨੇ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ, ਦੋਸਤ-ਮਿੱਤਰਾਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਉਨ੍ਹਾਂ ਦੇ ਕਿਸੇ ਦੋਸਤ ਜਾਂ ਜਾਣਕਾਰ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਪੈਸਿਆਂ ਦੀ ਮੰਗ ਕੀਤੀ ਜਾਵੇ ਤਾਂ ਉਸ ਨੂੰ ਅਣਦੇਖਾ ਕੀਤਾ ਜਾਵੇ ਤਾਂ ਜੋ ਉਹ ਕਿਸੇ ਕਿਸਮ ਦੀ ਠੱਗੀ ਦਾ ਸ਼ਿਕਾਰ ਨਾ ਹੋਣ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸ਼ਰਾਰਤੀ ਅਨਸਰਾਂ ਨੇ ਉਸ ਦੇ ਨਾਂ ’ਤੇ ਫਰਜ਼ੀ ਫੇਸਬੁੱਕ ਅਕਾਊਂਟ ਬਣਾ ਕੇ ਬੀਮਾਰੀ ਦੇ ਇਲਾਜ ਲਈ ਤਰਲੇ ਕਰਦਿਆਂ ਉਸ ਦੇ ਮਿੱਤਰਚਾਰੇ ਤੋਂ ਪੈਸਿਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਉਨ੍ਹਾਂ ਨੇ ਫੇਸਬੁੱਕ ਨੂੰ ਪੱਤਰ ਲਿਖ ਕੇ ਉਨ੍ਹਾਂ ਦੀ ਜਾਅਲੀ ਫੇਸਬੁੱਕ ਅਕਾਊਂਟ ਫੌਰੀ ਤੌਰ ’ਤੇ ਬੰਦ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਕੁੱਝ ਦਸਤਾਵੇਜ਼ ਪੁਲੀਸ ਦੇ ਹੱਥ ਲੱਗੇ ਹਨ, ਜਿਸ ਤੋਂ ਇਹ ਪਤਾ ਚਲਦਾ ਹੈ ਕਿ ਮੁਲਜ਼ਮ ਬਿਹਾਰ ਅਤੇ ਰਾਜਸਥਾਨ ਇਲਾਕੇ ਤੋਂ ਫੇਸਬੁੱਕ ਅਪਰੇਟ ਕਰ ਰਹੇ ਹਨ। ਥਾਣਾ ਮੁਖੀ ਦੇ ਜਿਹੜੇ ਦੋਸਤਾਂ ਤੋਂ ਪੈਸਿਆਂ ਦੀ ਮੰਗ ਕੀਤੀ ਗਈ ਹੈ, ਉਹ ਇਕ ਦੋ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਮਿਲੇ ਸਨ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …