ਉਪ ਮੁੱਖ ਮੰਤਰੀ ਓਪੀ ਸੋਨੀ ਵੱਲੋਂ ਸਰਕਾਰੀ ਹਸਪਤਾਲ ਮੁਹਾਲੀ ਦਾ ਦੌਰਾ, ਪ੍ਰਬੰਧਾਂ ਦਾ ਜਾਇਜ਼ਾ ਲਿਆ

ਓਪੀ ਸੋਨੀ ਨੇ ਡੇਂਗੂ ਵਾਰਡ ਦਾ ਨਿਰੀਖਣ, ਹਸਪਤਾਲ ਦੇ ਅਹਾਤੇ ਵਿੱਚ ਸਫ਼ਾਈ ਵਿਵਸਥਾ ਯਕੀਨੀ ਬਣਾਉਣ ਦੇ ਆਦੇਸ਼

ਮਰੀਜ਼ਾਂ ਨਾਲ ਸਿੱਧੀ ਗੱਲ ਕਰਕੇ ਪ੍ਰਬੰਧਾਂ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਪੁੱਛ-ਪੜਤਾਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਕਤੂਬਰ:
ਸੂਬੇ ਦੇ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਬੁੱਧਵਾਰ ਨੂੰ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਬਾਰੇ ਜ਼ਮੀਨੀ ਹਕੀਕਤ ਦਾ ਜਾਇਜ਼ਾ ਲਿਆ ਅਤੇ ਜੇਰੇ ਇਲਾਜ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸ੍ਰੀ ਸੋਨੀ ਨੇ ਡੇਂਗੂ ਵਾਰਡ ਦਾ ਸਪੈਸ਼ਲ ਦੌਰਾ ਕੀਤਾ ਅਤੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਪ੍ਰਬੰਧਾਂ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਪੁੱਛ-ਪੜਤਾਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਡੇਂਗੂ ਪੀੜਤ ਅਤੇ ਸ਼ੱਕੀ ਮਰੀਜ਼ਾਂ ਲਈ ਹਸਪਤਾਲ ਦੀ ਤੀਜੀ ਮੰਜ਼ਲ ’ਤੇ 80 ਬਿਸਤਰਿਆਂ ਵਾਲਾ ਵਿਸ਼ੇਸ਼ ਵਾਰਡ ਬਣਾਇਆ ਗਿਆ ਹੈ, ਜਿੱਥੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮੱਛਰਦਾਨੀ ਵਾਲੇ ਬੈੱਡਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਉਨ੍ਹਾਂ ਐਮਰਜੈਂਸੀ ਵਾਰਡ ਵਿੱਚ ਮਰੀਜ਼ਾਂ ਦੀ ਵਧ ਰਹੀ ਗਿਣਤੀ ਦੇ ਮੱਦੇਨਜ਼ਰ ਹੋਰ ਡਾਕਟਰਾਂ ਅਤੇ ਨਰਸਾਂ ਨੂੰ ਤਾਇਨਾਤ ਕਰਨ ਅਤੇ ਹਸਪਤਾਲ ਦੇ ਸਾਰੇ ਵਾਰਡਾਂ ਸਮੇਤ ਪੂਰੇ ਕੰਪਲੈਕਸ ਦੀ ਸਫ਼ਾਈ ਵਿਵਸਥਾ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਸਬੰਧੀ ਕਿਸੇ ਕਿਸਮ ਦੀ ਲਾਪਰਵਾਹੀ ਅਤੇ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਸਬੰਧੀ ਦਫ਼ਤਰੀ ਇੰਚਾਰਜ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਪ ਮੁੱਖ ਮੰਤਰੀ ਨੇ ਕਿਹਾ ਕਿ ਕਰੋਨਾ ਮਹਾਮਾਰੀ ਤੋਂ ਬਾਅਦ ਲਗਾਤਾਰ ਡੇਂਗੂ ਦਾ ਪ੍ਰਕੋਪ ਵਧ ਰਿਹਾ ਹੈ ਅਤੇ ਮਰੀਜ਼ਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਹਸਪਤਾਲ ਵਿੱਚ ਦਵਾਈਆਂ ਦੇ ਸਟਾਕ ਰੂਮ ਦਾ ਵੀ ਦੌਰਾ ਕੀਤਾ ਅਤੇ ਦਵਾਈਆਂ ਦੇ ਉਪਲਬਧ ਸਟਾਕ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਡੇਂਗੂ ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਅਤੇ ਆਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ। ਇਸ ਮੌਕੇ ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ, ਐਸਐਚਓ ਡਾ. ਵਿਜੈ ਭਗਤ ਅਤੇ ਹੋਰ ਅਧਿਕਾਰੀ ਅਤੇ ਡਾਕਟਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…