
ਓਪਨ ਸਕੂਲ ਪ੍ਰਣਾਲੀ: ਵਿਦਿਆਰਥੀਆਂ ਲਈ ਦਾਖ਼ਲੇ ਦੀਆਂ ਤਰੀਕਾਂ ਵਿੱਚ ਵਾਧਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਫਰਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2020-21 ਦੌਰਾਨ ਪੰਜਾਬ ਓਪਨ ਸਕੂਲ ਪ੍ਰਣਾਲੀ ਅਧੀਨ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਦਾਖ਼ਲੇ ਦੀਆਂ ਮਿਤੀਆਂ ਵਿੱਚ ਵਾਧਾ ਕੀਤਾ ਗਿਆ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸਿੱਖਿਆ ਬੋਰਡ ਵੱਲੋਂ ਪੰਜਾਬ ਓਪਨ ਸਕੂਲ ਪ੍ਰਣਾਲੀ ਅਧੀਨ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਵਿੱਚ ਦਾਖ਼ਲਾ ਲੈਣ ਦੇ ਇੱਛੁਕ ਵਿਦਿਆਰਥੀ, ਜੋ ਪਹਿਲਾਂ ਕਿਸੇ ਕਾਰਨ ਆਪਣਾ ਦਾਖ਼ਲਾ ਭਰਨ ਤੋਂ ਵਾਂਝੇ ਰਹਿ ਗਏ ਸਨ। ਉਨ੍ਹਾਂ ਲਈ ਦਾਖ਼ਲਾ ਭਰਨ ਦੀਆਂ ਮਿਤੀਆਂ ਵਿੱਚ ਪਹਿਲੀ ਮਾਰਚ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ।
ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਅਜਿਹੇ ਵਿਦਿਆਰਥੀ ਦਾਖ਼ਲਾ ਫੀਸ ਤੋਂ ਇਲਾਵਾ 10 ਹਜ਼ਾਰ ਰੁਪਏ ਲੇਟ ਫੀਸ ਭਰ ਕੇ ਆਨਲਾਈਨ ਵਿਧੀ ਰਾਹੀਂ ਦਾਖ਼ਲਾ ਲੈ ਸਕਣਗੇ। ਵਿਦਿਆਰਥੀਆਂ ਨੂੰ ਦਾਖ਼ਲਾ ਲੈਣ ਦੇ ਇੱਕ ਹਫ਼ਤੇ ਦੇ ਅੰਦਰ-ਅੰਦਰ ਆਪਣਾ ਦਾਖ਼ਲਾ-ਕਮ-ਪ੍ਰੀਖਿਆ ਫਾਰਮ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਫੇਜ਼-8 ਵਿਖੇ ਜਮ੍ਹਾਂ ਕਰਵਾਉਣਾ ਲਾਜ਼ਮੀ ਹੋਵੇਗਾ। ਪੰਜਾਬ ਓਪਨ ਸਕੂਲ ਪ੍ਰਣਾਲੀ ਅਧੀਨ ਦਾਖ਼ਲਾ ਲੈਣ ਸਬੰਧੀ ਲੋੜੀਂਦੀ ਵਿਸਥਾਰਪੂਰਵਕ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਉਪਲਬਧ ਕਰਵਾਈ ਗਈ ਹੈ।