
‘ਅਪਰੇਸ਼ਨ ਨਾਈਟ ਡੋਮੀਨੇਸ਼ਨ’: ਡੀਆਈਜੀ ਭੁੱਲਰ ਤੇ ਐਸਐਸਪੀ ਦੀਪਕ ਪਾਰਿਕ ਰਾਤ ਨੂੰ ਸੜਕਾਂ ’ਤੇ ਡਟੇ
ਰਾਤ ਸਮੇਂ ਜਨ-ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਨਸ਼ਿਆਂ ਨਾਲ ਨਜਿੱਠਣ ਲਈ ‘ਅਪਰੇਸ਼ਨ ਨਾਈਟ ਡੋਮੀਨੇਸ਼ਨ’ ਸ਼ੁਰੂ
ਨਬਜ਼-ਏ-ਪੰਜਾਬ, ਮੁਹਾਲੀ, 12 ਅਪਰੈਲ:
ਰਾਤ ਸਮੇਂ ਜਨਤਕ ਸੁਰੱਖਿਆ ਨੂੰ ਵਧਾਉਣ ਤੇ ਮਜ਼ਬੂਤ ਬਣਾਉਣ ਅਤੇ ਕਾਨੂੰਨ ਵਿਵਸਥਾ ਸਖ਼ਤੀ ਨਾਲ ਲਾਗੂ ਕਰਨ ਲਈ ਰਣਨੀਤਕ ਕਦਮ ਚੁੱਕਦਿਆਂ ਜ਼ਿਲ੍ਹਾ ਪੁਲੀਸ ਨੇ ਰੂਪਨਗਰ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਐੱਸਐੱਸਪੀ ਦੀਪਕ ਪਾਰਿਕ ਦੀ ਨਿਗਰਾਨੀ ਹੇਠ ‘ਅਪਰੇਸ਼ਨ ਨਾਈਟ ਡੋਮੀਨੇਸ਼ਨ’ ਸ਼ੁਰੂ ਕੀਤਾ ਹੈ। ਇਸ ਤਹਿਤ ਰਾਤ ਨੂੰ ਆਵਾਜਾਈ ਦੀ ਲਗਾਤਾਰ ਨਿਗਰਾਨੀ ਲਈ ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਦੀਆਂ ਮੁੱਖ ਸੜਕਾਂ ਅਤੇ ਚੌਰਾਹਿਆਂ ’ਤੇ ਲਗਪਗ 20 ਨਾਕੇ (ਚੈੱਕ ਪੁਆਇੰਟ) ਸਥਾਪਿਤ ਕੀਤੇ ਗਏ ਸਨ। ਇਹ ਅਪਰੇਸ਼ਨ ਨਾ ਸਿਰਫ਼ ਆਮ ਲੋਕਾਂ ਲਈ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ’ਤੇ ਕੇਂਦਰਿਤ ਹੈ, ਸਗੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਨੂੰ ਠੱਲ੍ਹ ਪਾਉਣਾ ਯਕੀਨੀ ਬਣਾਉਂਦਾ ਹੈ।
ਡੀਆਈਜੀ ਭੁੱਲਰ ਨੇ ਦੱਸਿਆ ਕਿ ਇਹ ਯਤਨ ਪੰਜਾਬ ਵਿੱਚ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਜੁੜੇ ਹੋਏ ਹਨ, ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣਾ ਹੈ। ਇਸ ਅਪਰੇਸ਼ਨ ਦੌਰਾਨ ਨਸ਼ੇ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨਾਲ ਸਬੰਧਤ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਪਛਾਣ ਕਰਨ ਅਤੇ ਰੋਕਣ ਲਈ ਦੇਰ ਰਾਤ ਵਾਹਨਾਂ ਦੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ। ਡੀਆਈਜੀ ਨੇ ਜ਼ੋਰ ਦੇ ਕੇ ਆਖਿਆ ‘‘ਅਸੀਂ ਨਸ਼ਾ ਮੁਕਤ ਅਤੇ ਸੁਰੱਖਿਅਤ ਸਮਾਜ ਲਈ ਵਚਨਬੱਧ ਹਾਂ। ਅਪਰੇਸ਼ਨ ਨਾਈਟ ਡੋਮੀਨੇਸ਼ਨ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ, ਜਿਸ ਦਾ ਵਿਸ਼ੇਸ਼ ਧਿਆਨ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ ਅਤੇ ਨਾਗਰਿਕਾਂ ਲਈ ਸ਼ਾਂਤਮਈ ਰਾਤਾਂ ਯਕੀਨੀ ਬਣਾਉਣ ’ਤੇ ਹੈ।’’
ਐੱਸਐੱਸਪੀ ਦੀਪਕ ਪਾਰਿਕ ਨੇ ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਨੂੰ ਰਾਤ ਸਮੇਂ ਵਿਸ਼ੇਸ਼ ਚੈਕਿੰਗ ਦੌਰਾਨ ਪੁਲੀਸ ਮੁਲਾਜ਼ਮਾਂ ਨੂੰ ਸਹਿਯੋਗ ਦੇਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਰਿਪੋਰਟ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਪਰੇਸ਼ਨ ਨਾਈਟ ਡੋਮੀਨੇਸ਼ਨ ਸਵੇਰੇ 4 ਵਜੇ ਤੱਕ ਜਾਰੀ ਰਹੇਗਾ ਅਤੇ ਸਾਰੇ ਵਾਹਨਾਂ ਸਮੇਤ ਸਮੂਹ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਭੀੜ-ਭੜੱਕੇ ਵਾਲੀਆਂ ਪ੍ਰਮੁੱਖ ਥਾਵਾਂ ’ਤੇ ਇੱਕ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਅਪਰੇਸ਼ਨ ਨਾਈਟ ਡੋਮੀਨੇਸ਼ਨ’ ਦੌਰਾਨ ਸ਼ਹਿਰ ਦੀਆਂ ਸੜਕਾਂ ’ਤੇ ਡਿਊਟੀ ਪ੍ਰਤੀ ਸਮਰਪਣ ਅਤੇ ਮਾੜੇ ਅਨਸਰਾਂ ਨੂੰ ਸਪੱਸ਼ਟ ਸੰਦੇਸ਼ ਦਿੰਦੇ ਹੋਏ ਭਾਰੀ ਗਿਣਤੀ ਵਿੱਚ ਪੁਲੀਸ ਕਰਮਚਾਰੀਆਂ ਦੀ ਤਾਇਨਾਤੀ ਦੇਖੀ ਗਈ ਹੈ। ਇਹ ਸਿਲਸਿਲਾ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗਾ। ਇਸ ਮੌਕੇ ਡੀਐਸਪੀ ਹਰਸਿਮਰਨ ਸਿੰਘ ਬੱਲ, ਸਮੂਹ ਥਾਣਾ ਮੁਖੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।