
ਉਪਿੰਦਰਪ੍ਰੀਤ ਕੌਰ ਗਿੱਲ ਨੇ ਚੋਣ ਦਫ਼ਤਰ ਖੋਲ੍ਹਿਆ, ਸਾਬਕਾ ਮੇਅਰ ਨੇ ਕੀਤਾ ਉਦਘਾਟਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ:
ਇੱਥੋਂ ਦੇ ਵਾਰਡ ਨੰਬਰ-18 ਤੋਂ ਆਜ਼ਾਦ ਗਰੁੱਪ ਦੇ ਬੈਨਰ ਹੇਠ ਚੋਣ ਲੜ ਰਹੀ ਨਗਰ ਨਿਗਮ ਦੀ ਸਾਬਕਾ ਕੌਂਸਲਰ ਬੀਬੀ ਉਪਿੰਦਰਪ੍ਰੀਤ ਕੌਰ ਗਿੱਲ ਨੇ ਆਪਣਾ ਚੋਣ ਦਫ਼ਤਰ ਖੋਲ੍ਹ ਲਿਆ ਹੈ। ਜਿਸ ਦਾ ਉਦਘਾਟਨ ਮੁਹਾਲੀ ਦੇ ਸਾਬਕਾ ਮੇਅਰ ਅਤੇ ਆਜ਼ਾਦ ਗਰੁੱਪ ਦੇ ਮੁਖੀ ਕੁਲਵੰਤ ਸਿੰਘ ਨੇ ਕੀਤਾ। ਸਾਬਕਾ ਮੇਅਰ ਨੇ ਬੀਬੀ ਗਿੱਲ ਦੀ ਚੋਣ ਮੁਹਿੰਮ ਦੀ ਰਸਮੀ ਆਗਾਜ਼ ਕਰਦਿਆਂ ਕਿਹਾ ਕਿ ਆਜ਼ਾਦ ਗਰੁੱਪ ਵੱਲੋਂ ਇਹ ਚੋਣਾਂ ਸਿਰਫ਼ ਵਿਕਾਸ ਦੇ ਮੁੱਦੇ ’ਤੇ ਹੀ ਲੜੀ ਜਾ ਰਹੀ ਹੈ ਅਤੇ ਉਨ੍ਹਾਂ ਵੱਲੋਂ ਆਪਣੇ ਸਾਥੀਆਂ ਦੀ ਮਦਦ ਨਾਲ ਪਿਛਲੇ 5 ਸਾਲਾਂ ਵਿੱਚ ਬਿਨਾਂ ਕਿਸੇ ਪੱਖਪਾਤ ਤੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਤਰਜ਼ੀਹ ਦਿੱਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਨੂੰ ਪਹਿਲ ਦਿੱਤੀ ਜਾਵੇਗੀ।
ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਆਜ਼ਾਦ ਗਰੁੱਪ ਦੇ ਮੈਂਬਰ ਸਾਫ਼ ਸੁਥਰੀ ਛਵੀ ਵਾਲੇ ਹਨ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਆਜ਼ਾਦ ਗਰੁੱਪ ਵੱਲੋਂ ਹੂੰਝਾਫੇਰ ਜਿੱਤ ਹਾਸਲ ਕਰਕੇ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰੱਖੇ ਜਾਣਗੇ। ਅਖੀਰ ਵਿੱਚ ਬੀਬੀ ਉਪਿੰਦਰਪ੍ਰੀਤ ਕੌਰ ਗਿੱਲ ਨੇ ਸਾਬਕਾ ਮੇਅਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਲਈ ਇਹ ਬੜੀ ਖੁਸ਼ੀ ਤੇ ਮਾਣ ਵਾਲੀ ਗੱਲ ਹੈ ਕਿ ਆਜ਼ਾਦ ਗਰੁੱਪ ਨੇ ਇਸ ਵਾਰ ਉਨ੍ਹਾਂ ਦੀ ਕਾਬਲੀਅਤ ’ਤੇ ਭਰੋਸਾ ਕਰਕੇ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਆਪਣੇ ਵਾਰਡ ਦੇ ਵਿਕਾਸ ਅਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਇਸ ਮੌਕੇ ਅਮਰਜੀਤ ਸਿੰਘ, ਸਾਬਕਾ ਕੌਂਸਲਰ ਸੁਖਮਿੰਦਰ ਸਿੰਘ ਬਰਨਾਲਾ ਅਤੇ ਬੀਬੀ ਗਿੱਲ ਦੇ ਵੱਡੀ ਗਿਣਤੀ ਸਮਰਥਕ ਹਾਜ਼ਰ ਸਨ।