
‘ਆਪ’ ਦੇ ਬਿਨਾਂ ਸ਼ਰਤ ਸਮਰਥਨ ਤੋਂ ਬਾਅਦ ਵਿਰੋਧੀਆਂ ਦੇ ਹੋਸ ਉੱਡੇ: ਕੁਲਵੰਤ ਸਿੰਘ
ਸਾਬਕਾ ਮੇਅਰ ਵੱਲੋਂ ਆਜ਼ਾਦ ਗਰੁੱਪ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ:
ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਅੱਜ ਆਜ਼ਾਦ ਗਰੁੱਪ ਦੇ ਵੱਖ-ਵੱਖ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਵੱਲੋਂ ਬਿਨਾਂ ਸ਼ਰਤ ਆਜ਼ਾਦ ਗਰੁੱਪ ਨੂੰ ਸਮਰਥਨ ਦੇਣ ਅਤੇ ਚੋਣ ਪ੍ਰਚਾਰ ਦੀ ਮੁਹਿੰਮ ਨੂੰ ਆਪ ਲੀਡਰਸ਼ਿਪ ਨੇ ਆਪਣੇ ਹੱਥਾਂ ਵਿੱਚ ਲੈਣ ਕਾਰਨ ਵਿਰੋਧੀਆਂ (ਅਕਾਲੀ ਦਲ ਤੇ ਕਾਂਗਰਸ) ਦੇ ਹੋਸ ਉੱਡ ਗਏ ਹਨ। ਉਨ੍ਹਾਂ ਕਿਹਾ ਕਿ ਜਿੱਥੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨਗਰ ਨਿਗਮ ਦੇ ਕੰਮਾਂ ਨੂੰ ਆਪਣੀਆਂ ਪ੍ਰਾਪਤੀਆਂ ਦੱਸ ਕੇ ਸ਼ਹਿਰ ਵਾਸੀਆਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ, ਉੱਥੇ ਅਕਾਲੀ ਦਲ ਅਤੇ ਭਾਜਪਾ ਕੋਲ ਲੋਕਾਂ ਦੀ ਕਚਹਿਰੀ ਵਿੱਚ ਜਾਣ ਲਈ ਕੋਈ ਮੁੱਦਾ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਪਾਰਟੀਆਂ ਦੀ ਹਾਲਤ ਕੱਖੋਂ ਤੋਂ ਵੀ ਹੌਲੀ ਹੋਈ ਪਈ ਹੈ।
ਸਾਬਕਾ ਮੇਅਰ ਕੁਲਵੰਤ ਸਿੰਘ ਨੇ ਵਿਕਾਸ ਦੇ ਨਾਂ ’ਤੇ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਉਨ੍ਹਾਂ ਨੇ ਬਿਨਾਂ ਕਿਸੇ ਪੱਖਪਾਤ ਤੋਂ ਸਾਰੇ ਵਾਰਡਾਂ ਦਾ ਵਿਕਾਸ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਿਆਸਤ ਚਮਕਾਉਣ ਦੀ ਥਾਂ ਸਿਰਫ਼ ਵਿਕਾਸ ਨੂੰ ਹੀ ਤਰਜ਼ੀਹ ਦਿੱਤ ਜਾਵੇਗੀ ਅਤੇ ਸ਼ਹਿਰ ਵਾਸੀਆਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਅਤੇ ਨਿਗਮ ਦਫ਼ਤਰ ਵਿੱਚ ਲੋਕਾਂ ਦੀ ਖੱਜਲ-ਖੁਆਰੀ ਨਾ ਹੋਣ ਦੇਣਾ ਯਕੀਨੀ ਬਣਾਇਆ ਜਾਵੇਗਾ।