
ਵਿਰੋਧੀਆਂ ਕੋਲ ‘ਆਪ’ ਸਰਕਾਰ ਵਿਰੁੱਧ ਬੋਲਣ ਲਈ ਕੋਈ ਠੋਸ ਮੁੱਦਾ ਨਹੀਂ: ਕੁਲਵੰਤ ਸਿੰਘ
‘ਆਪ’ ਵਿਧਾਇਕ ਨੇ ਪਿੰਡ ਕੰਬਾਲੀ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂਨ:
ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਕੰਬਾਲੀ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਰ ਕੋਨੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਮੁਹਾਲੀ ਹਲਕੇ ਵਿੱਚ ਉਹ ਖ਼ੁਦ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਹੋਣ ਵਾਲੇ ਵਿਕਾਸ ਕੰਮਾਂ ਬਾਰੇ ਵਿਸਥਾਰ ਰਿਪੋਰਟ ਤਿਆਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ, ਦਲਿਤਾਂ, ਵਿਦਿਆਰਥੀ ਵਰਗ, ਮਜ਼ਦੂਰ ਕਿਰਤੀ-ਕਾਮੇ, ਵਪਾਰੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਮੌਕੇ ’ਤੇ ਹਾਜ਼ਰ ਅਧਿਕਾਰੀਆਂ ਨੂੰ ਪਿੰਡ ਵਾਸੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਛੇਤੀ ਹੱਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਸਾਰੇ ਵਰਗਾਂ ਦੀ ਭਲਾਈ ਲਈ ਨਵੀਆਂ ਸਕੀਮਾਂ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਪੜਾਅਵਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਕੋਲ ਆਪ ਸਰਕਾਰ ਵਿਰੁੱਧ ਬੋਲਣ ਲਈ ਕੋਈ ਠੋਸ ਮੁੱਦਾ ਨਹੀਂ ਹੈ।
ਇਸ ਮੌਕੇ ਮੁਹਾਲੀ ਨਿਗਮ ਦੇ ਕਮਿਸ਼ਨਰ ਨਵਜੋਤ ਕੌਰ, ਐਸਈ ਨਰੇਸ਼ ਬੱਤਾ, ਹਰਸ਼ਪ੍ਰੀਤ ਕੰਬਾਲੀ, ਗੱਗੂ ਕੰਬਾਲੀ, ਅਮਨਦੀਪ ਕੰਬਾਲੀ, ਦਵਿੰਦਰ ਸਿੰਘ ਕੰਬਾਲੀ, ਬਹਾਦਰ ਸਿੰਘ ਕੰਬਾਲੀ, ਅਮਰਜੀਤ ਸਿੰਘ, ਕੁਲਦੀਪ ਸਿੰਘ ਦੂੰਮੀ, ਆਰਪੀ ਸ਼ਰਮਾ, ਹਰਮੇਸ਼ ਸਿੰਘ ਕੁੰਭੜਾ, ਕੈਪਟਨ ਕਰਨੈਲ ਸਿੰਘ, ਡਾ. ਰਵਿੰਦਰ ਸਿੰਘ ਸਮੇਤ ਗਮਾਡਾ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।