
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਪੀੜਤਾਂ ਦੇ ਹੱਕ ’ਚ ਮਾਰਿਆ ਹਾਅ ਦਾ ਨਾਅਰਾ
ਬਲਬੀਰ ਸਿੱਧੂ ਦੇ ਬੇਟੇ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਵੱਲੋਂ ਮੁਫ਼ਤ ਕੇਸ ਲੜਨ ਦਾ ਐਲਾਨ
ਨਬਜ਼-ਏ-ਪੰਜਾਬ, ਮੁਹਾਲੀ, 16 ਨਵੰਬਰ:
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪਿੰਡ ਕੁੰਭੜਾ ਵਿੱਚ ਪ੍ਰਵਾਸੀ ਵਿਅਕਤੀਆਂ ਵੱਲੋਂ ਪੰਜਾਬੀ ਨੌਜਵਾਨ ਦਮਨਪ੍ਰੀਤ ਸਿੰਘ (17) ਦੇ ਕਤਲ ਮਾਮਲੇ ਵਿੱਚ ਪੀੜਤ ਪਰਿਵਾਰ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਹਮਲਾਵਰਾਂ ਨੂੰ ਮਿਸ਼ਾਲੀ ਸਜ਼ਾਵਾਂ ਦੇਣ ਦੀ ਮੰਗ ਕੀਤੀ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਿਣਾਉਣੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਸੂਬੇ ਦੇ ਹਰ ਕੋਨੇ ਵਿੱਚ ਆਏ ਦਿਨ ਲੁੱਟਾਂ-ਖੋਹਾਂ ਅਤੇ ਕਤਲ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਜਿਸ ਤੋਂ ਇੰਜ ਜਾਪਦਾ ਹੈ ਕਿ ਅਪਰਾਧੀਆਂ ਨੂੰ ਪੁਲੀਸ ਦਾ ਕੋਈ ਖ਼ੌਫ਼ ਨਹੀਂ ਹੈ।
ਸ੍ਰੀ ਬਾਜਵਾ ਨੇ ਕਿਹਾ ਕਿ ਮੁਹਾਲੀ ਵਰਗੇ ਵੀਆਈਪੀ ਸ਼ਹਿਰ ਵਿੱਚ ਪ੍ਰਵਾਸੀ ਵਿਅਕਤੀਆਂ ਦੀ ਟੋਲੀ ਵੱਲੋਂ ਮਾਮੂਲੀ ਜਿਹੀ ਬਹਿਸ ਤੋਂ ਬਾਅਦ ਸ਼ਰ੍ਹੇਆਮ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਪੰਜਾਬੀ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦੇਣਾ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸਮੇਂ ਦੀਆਂ ਸਰਕਾਰਾਂ ਨੂੰ ਜੁਰਮ ਨੂੰ ਠੱਲ੍ਹ ਪਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੀੜਤ ਪਵਿਰਾਰ ਦੇ ਨਾਲ ਚਟਾਨ ਵਾਂਗ ਖੜੀ ਹੈ ਅਤੇ ਪਰਿਵਾਰ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।
ਇਸ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਪੁੱਤਰ ਅਤੇ ਸੀਨੀਅਰ ਯੂਥ ਆਗੂ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਜਾਹਰ ਕਰਦਿਆਂ ਭਰੋਸਾ ਦਿੱਤਾ ਕਿ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਉਹ ਅਦਾਲਤ ਵਿੱਚ ਮੁਫ਼ਤ ਕੇਸ ਲੜਨ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦਮਨਪ੍ਰੀਤ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧਤ ਹੈ। ਉਸ ਦੇ ਪਿਤਾ ਸਬਜ਼ੀ ਵੇਚ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਹਨ। ਅਜਿਹੇ ਵਿੱਚ ਪਰਿਵਾਰ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਲੋੜ ਹੈ।