nabaz-e-punjab.com

ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਰਤੀਆਂ ਦੇ ਪੈਂਡਿੰਗ ਕੇਸਾਂ ਦਾ ਤੁਰੰਤ ਨਿਬੇੜਾ ਕਰਨ ਦੇ ਆਦੇਸ਼

ਕਿਰਤ ਮੰਤਰੀ ਸਿੱਧੂ ਵੱਲੋਂ ਮਾਡਲ ਵੈੱਲਫੇਅਰ ਸੈਂਟਰ ਵਿੱਚ ਕਿਰਤ ਵਿਭਾਗ ਦੇ ਅਧਿਕਾਰੀਆਂ ਨਾਲ ਸੂਬਾ ਪੱਧਰੀ ਮੀਟਿੰਗ
25 ਕਿਰਤ ਇੰਸਪੈਕਟਰਾਂ ਦੀ ਨਵੀਂ ਭਰਤੀ ਲਈ ਸਪੈਸ਼ਲ ਕੇਸ ਤਿਆਰ ਕਰਕੇ ਸਰਕਾਰ ਨੂੰ ਭੇਜਿਆ ਜਾਵੇਗਾ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਕਤੂਬਰ:
ਕਿਰਤ ਵਿਭਾਗ ਪੰਜਾਬ ਵਿੱਚ ਕਿਰਤ ਇੰਸਪੈਕਟਰਾਂ ਦੀਆਂ ਖਾਲੀ ਪਈਆਂ 25 ਅਸਾਮੀਆਂ ਨੂੰ ਭਰਨ ਲਈ ਜਲਦੀ ਹੀ ਸਪੈਸ਼ਲ ਤਿਆਰ ਕਰਕੇ ਪ੍ਰਵਾਨਗੀ ਲਈ ਸੂਬਾ ਸਰਕਾਰ ਨੂੰ ਭੇਜਿਆ ਜਾਵੇਗਾ। ਕਿਉਂਕਿ ਮੌਜੂਦਾ ਸਮੇਂ ਵਿੱਚ ਇਹ ਅਸਾਮੀਆਂ ਖਾਲੀ ਹੋਣ ਕਾਰਨ ਵਿਭਾਗੀ ਕੰਮ ਪ੍ਰਭਾਵਿਤ ਹੋ ਰਿਹਾ ਹੈ। ਸਰਕਾਰ ਦੀ ਹਰੀ ਝੰਡੀ ਮਿਲਣ ਤੋਂ ਬਾਅਦ ਕਿਰਤ ਇੰਸਪੈਕਟਰਾਂ ਦੀ ਨਵੀਂ ਭਰਤੀ ਕੀਤੀ ਜਾਵੇਗੀ। ਇਹ ਗੱਲ ਕਿਰਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਆਖੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮੁਹਾਲੀ ਸਥਿਤ ਕਿਰਤੀ ਕਾਮਿਆਂ ਲਈ ਬਣਾਏ ਮਾਡਲ ਵੈੱਲਫੇਅਰ ਸੈਂਟਰ ਵਿੱਚ ਕਿਰਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸੂਬਾ ਪੱਧਰੀ ਮੀਟਿੰਗ ਕਰਕੇ ਕਿਰਤੀ ਕਾਮਿਆਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ।
ਸ੍ਰੀ ਸਿੱਧੂ ਨੇ ਕਿਹਾ ਕਿ ਕਿਰਤ ਵਿਭਾਗ ਦੇ ਕੰਮ ਨੂੰ ਤਸੱਲੀਬਖ਼ਸ਼ ਬਣਾਉਣ ਲਈ ਵਿਆਪਕ ਤਬਦੀਲੀਆਂ ਲਿਆਂਦੀਆਂ ਜਾਣਗੀਆਂ ਅਤੇ ਕਿਰਤ ਵਿਭਾਗ ਦੇ ਸਾਰੇ ਦਫ਼ਤਰਾਂ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਦਫ਼ਤਰ ਵਿੱਚ ਕੰਪਿਊਟਰ ਨਹੀਂ ਹਨ, ਉੱਥੇ ਕੰਪਿਊਟਰਾਂ ਦੇ ਨਾਲ-ਨਾਲ ਕੰਪਿਊਟਰ ਅਪਰੇਟਰ ਤਾਇਨਾਤ ਕੀਤੇ ਜਾਣਗੇ ਤਾਂ ਜੋ ਕਿਰਤੀਆਂ ਲਈ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਨੂੰ ਸਮੇਂ ਸਿਰ ਉਨ੍ਹਾਂ ਤੱਕ ਪੁੱਜਦੀਆਂ ਕਰਨਾ ਯਕੀਨੀ ਬਣਾਇਆ ਜਾ ਸਕੇ। ਮੰਤਰੀ ਨੇ ਕਿਰਤੀਆਂ ਦੇ ਬਕਾਇਆ ਕੇਸਾਂ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਸਾਰੇ ਪੈਂਡਿੰਗ ਕੇਸਾਂ ਦਾ ਤੁਰੰਤ ਪ੍ਰਭਾਵ ਨਾਲ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਕਿਰਤ ਇੰਸਪੈਕਟਰਾਂ ਦੇ ਕੰਮਾਂ ਦੀ ਹਰ ਮਹੀਨੇ ਸਮੀਖਿਆ ਕੀਤੀ ਜਾਵੇਗੀ। ਚੰਗਾ ਕੰਮ ਕਰਨ ਵਾਲੇ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਕਿਰਤ ਵਿਭਾਗ ਦੇ ਪੋਰਟਲ ਵਿੱਚ ਤਰੁੱਟੀਆਂ ਨੂੰ ਤੁਰੰਤ ਦੂਰ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।
ਇਸ ਮੌਕੇ ਕਿਰਤ ਵਿਭਾਗ ਦੇ ਪ੍ਰਮੁੱਖ ਸਕੱਤਰ ਆਰ ਵੈਕਟਰਤਨਮ ਨੇ ਅਧਿਕਾਰੀਆਂ ਨੂੰ ਭਲਾਈ ਸਕੀਮਾਂ ਨੂੰ ਕਿਰਤੀ ਕਾਮਿਆਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿਭਾਗੀ ਕੰਮ ਵਿੱਚ ਪਾਰਦਰਸ਼ਤਾ ਅਤੇ ਤੇਜੀ ਲਿਆਉਣ ਲਈ ਸਰਕਲ ਪੱਧਰ ’ਤੇ ਕੰਪਿਊਟਰ ਅਪਰੇਟਰ ਨਿਯੁਕਤ ਕੀਤੇ ਜਾਣਗੇ। ਕਿਰਤ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਕਿਰਤ ਵਿਭਾਗ ਵੱਲੋਂ ਪੰਜਾਬ ਲੇਬਰ ਐਂਡ ਅਦਰ ਕੰਸਟਰਕਸ਼ਨ ਵੈੱਲਫੇਅਰ ਬੋਰਡ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਕਿਰਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਸਮੇਤ ਸਮੂਹ ਜ਼ਿਲਿਆਂ ਦੇ ਸਹਾਇਕ ਕਿਰਤ ਕਮਿਸ਼ਨਰ, ਡਿਪਟੀ ਡਾਇਰੈਕਟਰ, ਸਹਾਇਕ ਡਾਇਰੈਕਟਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…