
ਘਰ-ਘਰ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕਰਨ ਤੇ ਦਵਾਈ ਦਾ ਛਿੜਕਾਅ ਕਰਨ ਦੇ ਆਦੇਸ਼
ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਕੋਵਿਡ ਵੈਕਸੀਨੇਸ਼ਨ ਕਰਾਉਣ ’ਤੇ ਜ਼ੋਰ
ਏਡੀਸੀ ਸ੍ਰੀਮਤੀ ਬਰਾੜ ਨੇ ਸਿਹਤ ਵਿਭਾਗ ਤੇ ਹੋਰਨਾਂ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੂਨ:
ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਲੋਕਾਂ ਦੀ ਸਿਹਤ ਸੰਭਾਲ ਨਾਲ ਸਬੰਧਤ ਸਕੀਮਾਂ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ। ਸ੍ਰੀਮਤੀ ਬਰਾੜ ਨੇ ਕਿਹਾ ਕਿ ਕੋਵਿਡ ਮਹਾਮਾਰੀ ਨੂੰ ਠੱਲ੍ਹ ਪੈਣ ਤੋਂ ਬਾਅਦ ਹੁਣ ਕੋਵਿਡ ਦੇ ਨਵੇਂ ਵੈਰੀਐਂਟ ਸਾਹਮਣੇ ਆ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਜਾ ਕੇ ਕੋਵਿਡ ਵੈਕਸੀਨੇਸ਼ਨ ਜ਼ਰੂਰ ਕਰਵਾਉਣ। ਇਹ ਸਹੂਲਤ ਰੋਜ਼ਾਨਾ ਮੁਫ਼ਤ ਉਪਲਬਧ ਕਰਵਾਈ ਜਾਂਦੀ ਹੈ।
ਸ੍ਰੀਮਤੀ ਬਰਾੜ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਵਾਸੀਆ ਦੀ ਸਿਹਤ ਸੰਭਾਲ ਨਾਲ ਸਬੰਧਤ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਪਹੁੰਚਾਉਣ ਦੇ ਆਦੇਸ਼ ਦੇਣ ਸਮੇਤ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਘਰ-ਘਰ ਜਾ ਕੇ ਡੇਂਗੂ ਦੇ ਲਾਰਵੇ ਦੀ ਬਰੀਕੀ ਨਾਲ ਜਾਂਚ ਕਰਨ ਅਤੇ ਜਿੱਥੇ ਵੀ ਡੇਂਗੂ ਦਾ ਲਾਰਵਾ ਮਿਲਦਾ ਹੈ, ਉੱਥੇ ਤੁਰੰਤ ਦਵਾਈ ਦਾ ਛਿੜਕਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ, ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਵੀ ਡੇਂਗੂ ਦੇ ਲਾਰਵੇ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਫੌਗਿਗ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਡੇਂਗੂ ਵਰਗੀ ਜਾਨਲੇਵਾ ਬਿਮਾਰੀ ਤੋਂ ਬਚਾਅ ਹੋ ਸਕੇ।

ਏਡੀਸੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਅਤੇ ਮਲੇਰੀਆ ਵਿਰੁੱਧ ਲੜਾਈ ਵਿੱਚ ਸਹਿਯੋਗ ਦੇਣ ਕਿਉਂਕਿ ਡੇਂਗੂ ਲਈ ਜ਼ਿੰਮੇਵਾਰ ਏਡੀਜ਼ ਮੱਛਰ ਸਿਰਫ਼ ਤਾਜ਼ੇ ਅਤੇ ਸਾਫ਼ ਪਾਣੀ ਵਿੱਚ ਪਨਪਦਾ ਹੈ ਅਤੇ ਦਿਨ ਵੇਲੇ ਹੀ ਕੱਟਦਾ ਹੈ। ਉਨ੍ਹਾਂ ਕਿਹਾ ਕਿ ਕੂਲਰਾਂ, ਫਰਿੱਜਾਂ ਦੀਆਂ ਟਰੇਆਂ, ਗਮਲਿਆਂ ਅਤੇ ਘਰਾਂ ਦੀਆਂ ਛੱਤਾਂ ’ਤੇ ਪਏ ਟਾਇਰਾਂ ਅਤੇ ਟੁੱਟੀਆਂ ਫੁੱਟੀਆਂ ਵਸਤੂਆਂ ਵਿੱਚ ਮੱਛਰਾਂ ਦਾ ਵੱਧ ਪ੍ਰਜਨਨ ਹੁੰਦਾ ਹੈ। ਇਸ ਲਈ ਇਨ੍ਹਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਇਸ ਮੌਕੇ ਐਸਡੀਐਮ ਹਰਬੰਸ ਸਿੰਘ, ਐਸਡੀਐਮ ਖਰੜ ਰਵਿੰਦਰ ਸਿੰਘ, ਐਸਡੀਐਮ ਡੇਰਾਬੱਸੀ ਹਿੰਮਾਸ਼ੂ ਗੁਪਤਾ, ਸਿਵਲ ਸਰਜਨ ਸ੍ਰੀਮਤੀ ਆਦਰਸ਼ਪਾਲ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।