
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਆਦਰਸ਼ ਚੋਣ ਜਾਬਤਾ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ
ਤਿੰਨ ਵਿਧਾਨ ਸਭਾ ਹਲਕਿਆ ਵਿੱਚ ਕੁੱਲ 7,83,228 ਵੋਟਰ ਕਰਨਗੇ ਆਪਣੇ ਜਮਹੂਰੀ ਹੱਕ ਦੀ ਵਰਤੋਂ: ਈਸ਼ਾ ਕਾਲੀਆ
ਸਿਆਸੀ ਰੈਲੀਆਂ ਤੇ ਇਕੱਠਾ ਉੱਤੇ 15 ਜਨਵਰੀ ਤੱਕ ਮੁਕੰਮਲ ਪਾਬੰਦੀ ਯਕੀਨੀ ਬਣਾਉਣ ’ਤੇ ਜ਼ੋਰ
ਕੋਵਿਡ ਪ੍ਰੋਟੋਕਾਲ ਦੀ ਉਲੰਘਣਾ ਕਰਨ ਵਾਲਿਆ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਨੂੰਨੀ ਕਾਰਵਾਈ
ਚੋਣਾਂ ਦੇ ਮੱਦੇਨਜ਼ਰ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ 70 ਫੀਸਦੀ ਹਥਿਆਰ ਥਾਣਿਆਂ ਵਿੱਚ ਕੀਤੇ ਜਮ੍ਹਾ: ਐਸਐਸਪੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜਨਵਰੀ:
ਭਾਰਤ ਦੇ ਚੋਣ ਕਮਿਸ਼ਨ ਵੱਲੋ ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਣ ਕੀਤੇ ਜਾਣ ਮਗਰੋਂ ਜ਼ਿਲ੍ਹਾ ਮੁਹਾਲੀ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਸ਼ਖਤੀ ਨਾਲ ਲਾਗੂ ਕਰ ਦਿੱਤਾ ਗਿਆ ਹੈ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰ ਮਿਲਣੀ ਦੌਰਾਨ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵਿਧਾਨ ਸਭਾ ਚੋਣਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਕੀਤੇ ਗਏ ਪ੍ਰਬੰਧਾ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਐਸਐਸਪੀ ਨਵਜੋਤ ਸਿੰਘ ਮਾਹਲ ਅਤੇ ਏਡੀਸੀ ਸ੍ਰੀਮਤੀ ਕੋਮਲ ਮਿੱਤਲ ਵੀ ਹਾਜ਼ਰ ਸਨ।
ਪੱਤਰਕਾਰ ਮਿਲਣੀ ਦੌਰਾਨ ਜ਼ਿਲ੍ਹਾ ਚੋਣ ਅਫ਼ਸਰਓਕਮ ਓਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਵਿੱਚ ਤਿੰਨ ਵਿਧਾਨ ਸਭਾ ਹਲਕਿਆ ਵਿੱਚ ਕੁੱਲ 7,83,228 ਵੋਟਰ ਕਰਨਗੇ ਆਪਣੇ ਜ਼ਮਹੂਰੀ ਹੱਕ ਦੀ ਵਰਤੋ ਕਰਨਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 902 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਚੋਣ ਸਮਾ ਸਾਰਣੀ ਅਨੁਸਾਰ ਜਿਲ੍ਹੇ ਵਿੱਚ 21 ਜਨਵਰੀ ਨੂੰ ਨੋਟੀਫ਼ਿਕੇਸ਼ਨ ਹੋਵੇਗਾ। ਜਿਸ ਪਿੱਛੋ 28 ਜਨਵਰੀ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। 29 ਜਨਵਰੀ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 31 ਜਨਵਰੀ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 14 ਫਰਵਰੀ ਨੂੰ ਤਿੰਨੋ ਵਿਧਾਨ ਸਭਾ ਹਲਕਿਆ ਵਿੱਚ ਵੋਟਾਂ ਪੈਣਗੀਆਂ ਅਤੇ 10 ਮਾਰਚ 2022 ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 410318 ਮਰਦ ਵੋਟਰ ਹਨ ਜਦਕਿ 372867 ਅੌਰਤਾਂ ਅਤੇ 43 ਟ੍ਰਾਸਜੈਂਡਰ ਵੋਟਰ ਵਜੋ ਰਿਜ਼ਸਟਰ ਹਨ।
ਸ੍ਰੀਮਤੀ ਈਸ਼ਾ ਕਾਲੀਆ ਨੇ ਸ਼ਪੱਸਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾ ਮੁਤਾਬਿਕ ਜ਼ਿਲ੍ਹੇ ਦੀ ਹੱਦ ਅੰਦਰ 15 ਜਨਵਰੀ ਤੱਕ ਕੋਈ ਰੋਡ ਸ਼ੋਅ, ਪਦਯਾਤਰਾ, ਸਾਈਕਲ, ਬਾਈਕ, ਵਾਹਨ ਰੈਲੀ ਅਤੇ ਜਲੂਸ ਕੱਢਣ ’ਤੇ ਮੁਕੰਮਲ ਰੋਕ ਲਗਾਈ ਗਈ ਹੈ। ਇਸ ਦੇ ਨਾਲ ਹੀ ਸਮੂਹ ਰਾਜਨੀਤਕ ਪਾਰਟੀਆਂ ਵੱਲੋਂ ਕੀਤੀਆਂ ਜਾਣ ਵਾਲੀਆਂ ਸੰਭਾਵੀ ਰੈਲੀਆਂ ’ਤੇ ਵੀ 15 ਜਨਵਰੀ ਤੱਕ ਰੋਕ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋ 15 ਜਨਵਰੀ ਨੂੰ ਸਥਿਤੀ ਦੀ ਸਮੀਖਿਆ ਕੀਤੇ ਜਾਣ ਉਪਰੰਤ ਅਗਲੇ ਨਿਰਦੇਸ਼ ਜਾਰੀ ਕੀਤੇ ਜਾਣਗੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣਾਂ ਦਾ ਅਮਲ ਕਿਸੇ ਭੈਅ, ਡਰ, ਜਾ ਲਾਲਚ ਤੋਂ ਮੁਕਤ ਕਰਾ ਕੇ ਨਿਰਪੱਖ ਢੰਗ ਨਾਲ ਨੇਪਰੇ ਚਾੜਨ ਲਈ ਜਿਲ਼੍ਹੇ ਵਿੱਚ ਸਟੈਟਿਕ ਸਰਵਲੈਸ ਟੀਮਾ, ਵੀਡੀਓ ਟੀਮਾ ਅਤੇ ਫਲਾਇੰਗ ਸੁਕਾਇਡ ਟੀਮਾਂ ਸਥਾਪਿਤ ਕੀਤੀਆਂ ਗਈਆ ਹਨ। ਜਿਨ੍ਹਾਂ ਨੇ ਤੁਰੰਤ ਪ੍ਰਭਾਵ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਚੋਣ ਅਮਲ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਸੀ.ਵਿਜਲ ਐਪ ਜਾਰੀ ਕੀਤਾ ਗਿਆ ਹੈ ਜਿਸ ਨੂੰ ਕੋਈ ਵੀ ਵੋਟਰ ਆਪਣੇ ਮੋਬਾਈਲ ਫੋਨ ਵਿੱਚ ਡਾਉਂਨਲੋਡ ਕਰ ਕੇ ਚੋਣਾ ਦੋਰਾਨ ਹੁੰਦੀ ਗੜਬੜੀ ਦੀ ਰਿਪੋਰਟ ਨੂੰ ਤਸਵੀਰ ਰਾਹੀ ਭੇਜ ਸਕਦਾ ਹੈ। ਜਿਸ ਉੱਤੇ ਪ੍ਰਸ਼ਾਸਨ ਵੱਲੋਂ 90 ਮਿੰਟ ਦੇ ਅੰਦਰ ਅੰਦਰ ਕਾਰਵਾਈ ਕੀਤੀ ਜਾਵੇਗੀ।
ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਇਸ ਵਾਰ ਦੀਆਂ ਵਿਧਾਨ ਸਭਾ ਚੋਣਾ ਦੌਰਾਨ ਕੋਵਿਡ ਮਾਹਾਮਾਰੀ ਦੇ ਪ੍ਰਕੋਪ ਦੇ ਮੱਦੇਨਜ਼ਰ ਵੱਖਰੇ ਪ੍ਰਬੰਧ ਵੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮੂਹ ਰਾਜਸੀ ਪਾਰਟੀਆਂ ਨੂੰ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ਸੈਕਟਰ ਹੈਲਥ ਰੈਗੂਲੇਟਰ ਨਿਯੁਕਤ ਕੀਤੇ ਗਏ ਹਨ ਜੋ ਸਿਆਸੀ ਪਾਰਟੀਆਂ ਵੱਲੋ ਕੋਵਿਡ ਪ੍ਰੋਟੋਕਾਲ ਦੀ ਕੀਤੀ ਜਾ ਰਹੀ ਪਾਲਣਾ ਨੂੰ ਯਕੀਨੀ ਬਣਾਉਂਣਗੇ। ਉਨ੍ਹਾਂ ਦੱਸਿਆ ਕਿ ਚੋਣ ਅਮਲੇ ਦੀ 100 ਫੀਸਦੀ ਵੈਕਸੀਨੇਸ਼ਨ ਯਕੀਨੀ ਬਣਾਈ ਜਾਵੇਗੀ ਅਤੇ ਸਿਆਸੀ ਪਾਰਟੀਆਂ ਨੂੰ ਵੀ ਇਹ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਵੱਲੋ ਨਿਯੁਕਤ ਕੀਤੇ ਜਾਣ ਵਾਲੇ ਏਜੰਟਾ ਅਤੇ ਵਰਕਰਾਂ ਦੀ 100 ਫੀਸਦੀ ਵੈਕਸੀਨੇਸ਼ਨ ਯਕੀਨੀ ਬਣਾਈ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋ ਲਗਾਏ ਗਏ ਇਸ਼ਤਿਹਾਰ, ਹੋਰਡਿੰਗ, ਬੈਨਰ ਆਦਿ ਫੋਰੀ ਤੌਰ ਤੇ ਹਟਾਏ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਸ ਦੌਰਾਨ ਐਸਐਸਪੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਜਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦੇ ਅਗਨ ਸ਼ਾਸਤਰ, ਅਸਲਾ, ਵਿਸਫੋਟਕ, ਜਲਨਸੀਲ ਵਸਤਾ ਅਤੇ ਤੇਜ਼ਧਾਰ ਹਥਿਆਰ ਜਿਵੇ ਬਰਛਾ ਤ੍ਰਿਸ਼ੂਲ ਆਦਿ ਲੈ ਕੇ ਚੱਲਣ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਅਸਲਾ ਧਾਰਕਾ ਨੂੰ ਆਪਣਾ ਅਸਲਾ ਥਾਣਿਆਂ ਅਤੇ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੁਹਾਲੀ ਜ਼ਿਲ੍ਹੇ ਵਿੱਚ ਮੌਜੂਦ ਕੁੱਲ ਅਸਲਾ ਧਾਰਕਾ ’ਚੋਂ 70 ਫੀਸਦੀ ਵਿਅਕਤੀਆਂ ਨੇ ਆਪਣਾ ਅਸਲਾ ਸਬੰਧਤ ਥਾਣਿਆਂ ਵਿੱਚ ਜਮ੍ਹਾ ਕਰਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਾਜਾਇਜ ਸ਼ਰਾਬ, ਨਗਦੀ ਅਤੇ ਗੁਆਂਢੀ ਸੂਬਿਆ ਤੋਂ ਗੈਰ ਕਾਨੂੰਨੀ ਅਨਸਰਾਂ ਦੀ ਆਮਦ ਨੂੰ ਰੋਕਣ ਲਈ 48 ਅੰਤਰਰਾਜੀ ਨਾਕੇ ਲਗਾਏ ਗਏ ਹਨ ਅਤੇ ਜ਼ਿਲ੍ਹੇ ਵਿੱਚ ਹੋਰਨਾ ਥਾਵਾਂ ਤੇ ਵੀ ਪੁਲੀਸ ਦੀ ਚੌਕਸੀ ਅਤੇ ਗਸ਼ਤ ਵਧਾ ਦਿੱਤੀ ਗਈ ਹੈ।