ਅਮਨ ਅਰੋੜਾ ਵੱਲੋਂ ਪੁੱਡਾ ਦੀਆਂ ਸਾਰੀਆਂ ਆਨਲਾਈਨ ਸੇਵਾਵਾਂ ਸਮਾਂਬੱਧ ਢੰਗ ਨਾਲ ਪ੍ਰਦਾਨ ਕਰਨ ਦੇ ਆਦੇਸ਼

ਬਿਲਡਿੰਗ ਪਲਾਨ ਦੀ ਮਨਜ਼ੂਰੀ ਸਬੰਧੀ ਸੇਵਾ ਨੂੰ ਵੀ ਆਨਲਾਈਨ ਕਰਨ ਦੀ ਹਦਾਇਤ

ਕੈਬਨਿਟ ਮੰਤਰੀ ਅਮਨ ਅਰੋੜਾ ਨਾਗਰਿਕ ਸੇਵਾਵਾਂ ਦੇ ਬਕਾਇਆ ਮਾਮਲਿਆਂ ਦੀ ਨਿੱਜੀ ਤੌਰ ’ਤੇ ਖ਼ੁਦ ਕਰਨਗੇ ਨਿਗਰਾਨੀ

ਪੁੱਡਾ ਭਵਨ ਮੁਹਾਲੀ ਵਿਖੇ ਵਿਭਾਗ ਦੇ ਆਈਟੀ ਵਿੰਗ ਨਾਲ ਵਿਚਾਰ-ਚਰਚਾ ਦੌਰਾਨ ਅਧਿਕਾਰੀਆਂ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਸਤੰਬਰ:
ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਿਭਾਗੀ ਕੰਮਕਾਜ ਵਿੱਚ ਹੋਰ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਉਣ ਦੇ ਨਾਲ-ਨਾਲ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਦੇ ਮੰਤਵ ਨਾਲ ਲੋਕਾਂ ਨੂੰ ਸਾਰੀਆਂ ਸੇਵਾਵਾਂ ਸਮਾਂਬੱਧ ਢੰਗ ਨਾਲ ਆਨਲਾਈਨ ਮੁਹੱਈਆ ਕਰਵਾਈਆਂ ਜਾਣਗੀਆਂ। ਪੁੱਡਾ ਭਵਨ ਮੁਹਾਲੀ ਵਿਖੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਆਈਟੀ ਵਿੰਗ ਨਾਲ ਵਿਚਾਰ-ਚਰਚਾ ਦੌਰਾਨ ਅਮਨ ਅਰੋੜਾ ਨੇ ਸਮਰੱਥ ਆਨਲਾਈਨ ਸਿਸਟਮ ਤਿਆਰ ਕਰਨ ’ਤੇ ਜ਼ੋਰ ਦਿੱਤਾ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਨਾ ਲਗਾਉਣੇ ਪੈਣ ਅਤੇ ਸਾਰੀਆਂ ਸੇਵਾਵਾਂ ਸਮਾਂਬੱਧ ਢੰਗ ਨਾਲ ਆਨਲਾਈਨ ਪ੍ਰਦਾਨ ਕੀਤੀਆਂ ਜਾ ਸਕਣ।
ਅਮਨ ਅਰੋੜਾ ਨੇ ਕਿਹਾ ਕਿ ਉਹ ਪੁੱਡਾ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਾਰੀਆਂ ਨਾਗਰਿਕ ਸੇਵਾਵਾਂ ਦੇ ਬਕਾਇਆ ਮਾਮਲਿਆਂ ਦੀ ਖ਼ੁਦ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਵਿਭਾਗ ਇਸ ਦਿਸ਼ਾ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਂਦਿਆਂ ਅੱਗੇ ਵਧ ਰਿਹਾ ਹੈ।
ਅਧਿਕਾਰੀਆਂ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਸਾਰੀਆਂ ਸ਼ਹਿਰੀ ਵਿਕਾਸ ਅਥਾਰਟੀਆਂ ਵੱਲੋਂ ਨਾਗਰਿਕਾਂ ਨੂੰ ਪੁੱਡਾ ਦੀ ਅਧਿਕਾਰਤ ਵੈੱਬਸਾਈਟ https://www.puda.gov.in/ ਉੱਤੇ ਕਰੀਬ 25 ਸੇਵਾਵਾਂ ਆਨਲਾਈਨ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ 25 ਸੇਵਾਵਾਂ ਸਬੰਧੀ ਸਾਰੀਆਂ ਅਰਜ਼ੀਆਂ ’ਤੇ ਆਨਲਾਈਨ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਅਰਜ਼ੀਆਂ ਦੀ ਰੀਅਲ ਟਾਈਮ ਟਰੈਕਿੰਗ, ਡਿਜੀਟਲ ਦਸਖ਼ਤ ਵਾਲੇ ਸਰਟੀਫਿਕੇਟ ਜਾਰੀ ਕਰਨ ਅਤੇ ਐਸਐਮਐਸ ਅਲਰਟ ਰਾਹੀਂ ਜਾਣਕਾਰੀ ਦੇਣ ਵਰਗੀਆਂ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਅਮਨ ਅਰੋੜਾ ਨੇ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਅਜਿਹਾ ਸਿਸਟਮ ਬਣਾਉਣ ਜਿਸ ਨਾਲ ਲੋਕ ਬਿਲਡਿੰਗ ਪਲਾਨ ਦੀ ਮਨਜ਼ੂਰੀ ਸਬੰਧੀ ਸੇਵਾ ਦਾ ਵੀ ਆਨਲਾਈਨ ਲਾਭ ਉਠਾ ਸਕਣ। ਅਧਿਕਾਰੀਆਂ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਬਿਲਡਿੰਗ ਪਲਾਨ ਦੀ ਆਨਲਾਈਨ ਮਨਜ਼ੂਰੀ ਸਮੇਤ ਬਾਕੀ ਸੇਵਾਵਾਂ ਵੀ ਛੇਤੀ ਆਨਲਾਈਨ ਸ਼ੁਰੂ ਕਰ ਦਿੱਤੀਆਂ ਜਾਣਗੀਆਂ।
(ਬਾਕਸ ਆਈਟਮ)
ਮਲਕੀਅਤ ਦੀ ਤਬਦੀਲੀ, ਮਲਕੀਅਤ ਦੀ ਤਬਦੀਲੀ (ਮੌਤ ਦੇ ਕੇਸ ਵਿੱਚ ਗ਼ੈੈਰ-ਰਜਿਸਟਰਡ ਵਸੀਅਤ), ਮਲਕੀਅਤ ਦੀ ਤਬਦੀਲੀ (ਮੌਤ ਦੇ ਕੇਸ ਵਿੱਚ ਸਾਰੇ ਕਾਨੂੰਨੀ ਵਾਰਸਾਂ ਸਬੰਧੀ), ਮਲਕੀਅਤ ਦੀ ਤਬਦੀਲੀ (ਮੌਤ ਦੇ ਕੇਸ ਵਿੱਚ ਰਜਿਸਟਰਡ ਵਸੀਅਤ), ਸੀਡੀ ਜਾਰੀ ਕਰਨਾ, ਵਧਾਏ ਹੋਏ ਖੇਤਰ ਲਈ ਸੀ.ਡੀ. ਜਾਰੀ ਕਰਨਾ, ਐਨਓਸੀ ਜਾਰੀ ਕਰਨ ਸਬੰਧੀ, ਰੀ-ਅਲਾਟਮੈਂਟ ਪੱਤਰ ਜਾਰੀ ਕਰਨਾ, ਵਿਕਰੀ/ਤੋਹਫੇ/ਤਬਦੀਲੀ ਦੀ ਇਜਾਜ਼ਤ, ਗਹਿਣੇ ਰੱਖਣ ਦੀ ਇਜਾਜ਼ਤ, ਪੇਸ਼ੇਵਰ ਸਲਾਹ ਸਬੰਧੀ ਸੇਵਾਵਾਂ ਦੀ ਇਜਾਜ਼ਤ, ਲੈਟਰ ਆਫ ਇਨਟੈਂਟ (ਐਲ.ਓ.ਆਈ.) ਦਾ ਤਬਾਦਲਾ, ਸੀ.ਡੀ. ਤੋਂ ਪਹਿਲਾਂ ਤਬਾਦਲੇ ਦੀ ਇਜਾਜ਼ਤ,ਪਲਾਟ ਦੀ ਨਿਸ਼ਾਨਦੇਹੀ, ਮੁਕੰਮਲਤਾ ਸਰਟੀਫਿਕੇਟ/ਕਬਜ਼ੇ ਦਾ ਸਰਟੀਫਿਕੇਟ ਜਾਰੀ ਕਰਨਾ, ਮੁਕੰਮਲਤਾ ਸਰਟੀਫਿਕੇਟ/ਕਬਜ਼ੇ ਦਾ ਸਰਟੀਫਿਕੇਟ ਜਾਰੀ ਕਰਨਾ-ਪ੍ਰਾਈਵੇਟ ਜਾਇਦਾਦ, ਡੀ.ਪੀ.ਸੀ. ਜਾਰੀ ਕਰਨਾ -ਪ੍ਰਾਈਵੇਟ ਜਾਇਦਾਦਾਂ, ਡੀ.ਪੀ.ਸੀ. ਸਰਟੀਫਿਕੇਟ ਜਾਰੀ ਕਰਨਾ, ਅਸਟੇਟ ਏਜੰਟ ਵਜੋਂ ਰਜਿਸਟ੍ਰੇਸ਼ਨ ਸਰਟੀਫਿਕੇਟ, ਪ੍ਰਮੋਟਰ ਵਜੋਂ ਰਜਿਸਟ੍ਰੇਸ਼ਨ ਸਰਟੀਫਿਕੇਟ, ਆਰਕੀਟੈਕਟ ਵਜੋਂ ਰਜਿਸਟ੍ਰੇਸ਼ਨ, ਅਸਥਾਈ ਸੀਵਰੇਜ ਕੁਨੈਕਸ਼ਨ (ਨਿਰਮਾਣ ਉਦੇਸ਼ ਲਈ) ਜਾਰੀ ਕਰਨਾ, ਪਾਣੀ ਦੇ ਕੁਨੈਕਸ਼ਨ ਨੂੰ ਨਿਯਮਤ ਕਰਨਾ, ਸੀਵਰੇਜ ਕੁਨੈਕਸ਼ਨ ਅਤੇ ਜਲ ਸਪਲਾਈ ਲਈ ਮਨਜ਼ੂਰੀ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …