ਸੰਗਰੂਰ ਦੇ ਸਾਬਕਾ ਐਸਐਸਪੀ ਤੇ 4 ਹੋਰ ਪੁਲੀਸ ਅਧਿਕਾਰੀਆਂ ਵਿਰੁੱਧ ਜਬਰੀ ਵਸੂਲੀ ਦੇ ਦੋਸ਼ਾਂ ਦੀ ਵਿਜੀਲੈਂਸ ਜਾਂਚ ਦੇ ਹੁਕਮ

ਅਧਿਕਾਰੀਆਂ ਨੂੰ ਪੁਲੀਸ ਲਾਈਨ ’ਚ ਤਬਦੀਲ ਕੀਤਾ

ਚੰਡੀਗੜ੍ਹ ਵਿੱਚ ਐਸਐਸਪੀ ਲਾਉਣ ਲਈ ਭੇਜੇ ਪੈਨਲ ’ਚੋਂ ਸੰਗਰੂਰ ਦੇ ਸਾਬਕਾ ਪੁਲੀਸ ਮੁਖੀ ਦਾ ਨਾਮ ਕੱਢਿਆ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 11 ਅਪਰੈਲ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਦੇ ਸਾਬਕਾ ਪੁਲੀਸ ਮੁਖੀ ਸਮੇਤ ਪੰਜ ਪੁਲੀਸ ਅਧਿਕਾਰੀਆਂ ਵੱਲੋਂ ਦੋ ਕਿਸਾਨਾਂ ਪਾਸੋਂ ਜਬਰੀ ਵਸੂਲੀ ਕਰਨ ਦੇ ਕਥਿਤ ਦੋਸ਼ਾਂ ਦੀ ਵਿਜੀਲੈਂਸ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਜਾਂਚ ਮੁਕੰਮਲ ਹੋਣ ਤੱਕ ਪੰਜਾਂ ਪੁਲੀਸ ਅਧਿਕਾਰੀਆਂ ਨੂੰ ਪੁਲੀਸ ਲਾਈਨ ਵਿੱਚ ਬਦਲਣ ਦੇ ਹੁਕਮ ਵੀ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਵਿਜੀਲੈਂਸ ਦੀ ਪ੍ਰਵਾਨਗੀ ਸਬੰਧੀ ਹੋਏ ਬਦਲਾਅ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਐਸ.ਐਸ.ਪੀ. ਤਾਇਨਾਤ ਕਰਨ ਲਈ ਭੇਜੇ ਪੈਨਲ ਵਿੱਚੋਂ ਸੰਗਰੂਰ ਦੇ ਸਾਬਕਾ ਜ਼ਿਲ੍ਹਾ ਪੁਲੀਸ ਮੁਖੀ ਇੰਦਰਬੀਰ ਸਿੰਘ ਦਾ ਨਾਮ ਹਟਾਉਣ ਦੇ ਵੀ ਨਿਰਦੇਸ਼ ਦਿੱਤੇ ਹਨ।
ਇਸ ਸਬੰਧੀ ਮੰਗਲਵਾਰ ਨੂੰ ਇਕ ਅਖ਼ਬਾਰ ਵਿੱਚ ਛਪੀ ਖਬਰ ਪਿੱਛੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਨੇ ਵਿਜੀਲੈਂਸ ਦੀ ਜਾਂਚ ਵਿੱਚ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨੇ ਆਪਣੀ ਜ਼ਮੀਨ ਵੇਚ ਕੇ ਵਸੂਲੀ ਦੀ ਕੀਮਤ ਅਦਾ ਕੀਤੀ ਸੀ ਅਤੇ ਹੁਣ ਕਿਸਾਨਾਂ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਕਿਸਾਨਾਂ ਦੀ ਹਿਫਾਜ਼ਤ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਇਹ ਹੁਕਮ ਮੁਢਲੀ ਜਾਂਚ ਉਪਰੰਤ ਦਿੱਤੇ ਹਨ ਜਿਸ ਵਿੱਚ ਸੰਗਰੂਰ ਦੇ ਸਾਬਕਾ ਪੁਲੀਸ ਮੁਖੀ ਇੰਦਰਬੀਰ ਸਿੰਘ ਅਤੇ ਇਕ ਡੀ.ਐਸ.ਪੀ. ਸਮੇਤ ਚਾਰ ਪੁਲੀਸ ਅਧਿਕਾਰੀਆਂ ਦੀ ਦੋ ਕਿਸਾਨਾਂ ਨੂੰ ਕਤਲ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ ਉਨ੍ਹਾਂ ਪਾਸੋਂ ਵਸਲੂੀ ਲੈਣ ਵਿੱਚ ਸ਼ਮੂਲੀਅਤ ਦਾ ਜ਼ਿਕਰ ਕੀਤਾ ਗਿਆ ਹੈ।
ਸੰਗਰੂਰ ਦੇ ਜ਼ਿਲ੍ਹਾ ਪੁਲੀਸ ਮੁਖੀ ਨੇ ਇਸ ਮਾਮਲੇ ਵਿੱਚ ਐਫ.ਆਈ.ਆਰ. ਅਤੇ ਵਿਜੀਲੈਂਸ ਬਿਊਰੋ ਪਾਸੋਂ ਜਾਂਚ ਕਰਵਾਉਣ ਦੀ ਸਿਫਾਰਸ਼ ਕੀਤੀ ਹੈ। ਸ੍ਰੀ ਠੁਕਰਾਲ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨੂੰ ਢੁਕਵੇਂ ਕਦਮ ਚੁੱਕਣ ਦੀ ਹਦਾਇਤ ਕੀਤੀ ਹੈ ਤਾਂ ਕਿ ਇਸ ਮਾਮਲੇ ਨੂੰ ਕਾਨੂੰਨੀ ਤਹਿ ਤੱਕ ਲਿਜਾਣ ਲਈ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਜੇਕਰ ਕੋਈ ਅਧਿਕਾਰੀ ਕਿਸੇ ਕਿਸਮ ਦੀ ਅਣਗਹਿਲੀ ਜਾਂ ਸਾਜ਼ਿਸ਼ ਦਾ ਜ਼ਿੰਮੇਵਾਰ ਨਾ ਪਾਇਆ ਗਿਆ ਤਾਂ ਉਸ ਨੂੰ ਸਾਫ ਬਰੀ ਕੀਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ ਕਿਉਂ ਜੋ ਪਾਰਦਰਸ਼ੀ ਸ਼ਾਸਨ ਪ੍ਰਤੀ ਸਰਕਾਰ ਪੂਰਨ ਤੌਰ ’ਤੇ ਵਚਨਬੱਧ ਹੈ। ਮੀਡੀਆ ਰਿਪੋਰਟ ਮੁਤਾਬਕ ਦਵਿੰਦਰ ਸਿੰਘ ਉਰਫ ਬਬਲੀ ਰੰਧਾਵਾ ਦੀ ਅਗਵਾਈ ਵਿੱਚ ਪੰਜ ਗੈਂਗਸਟਰਾਂ ਨੇ ਲੰਘੇ ਫਰਵਰੀ ਮਹੀਨੇ ਵਿੱਚ 25 ਸਾਲਾ ਫਾਈਨਾਂਸਰ ਹਰਦੇਵ ਸਿੰਘ ਦੀ ਹੱਤਿਆ ਕਰ ਦਿੱਤੀ ਸੀ। ਇਸ ਘਟਨਾ ਮਗਰੋਂ ਉਨ੍ਹਾਂ ਨੇ ਕਤਲ ਦਾ ਜਸ਼ਨ ਮਨਾਉਂਦਿਆਂ ਦੀ ਵੀਡੀਓ ਵੀ ਅਪਲੋਡ ਕੀਤੀ ਸੀ।
ਪਿੰਡ ਕੋਟਰਾ ਅਮਰੂ ਦੇ ਧਨਵੰਤ ਸਿੰਘ ਅਤੇ ਪਿੰਡ ਧੁੱਗਾ ਦੇ ਹਰਜਿੰਦਰ ਸਿੰਘ ਨੇ ਦੋਸ਼ ਲਾਏ ਸਨ ਕਿ ਉਨ੍ਹਾਂ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਗਿਆ ਕਿਉਂਕਿ ਉਹ ਰੰਧਾਵਾ ਨੂੰ ਗੈਂਗਸਟਰ ਬਣਨ ਤੋਂ ਪਹਿਲਾਂ ਸਿਰਫ ਜਾਣਦੇ ਹੀ ਸਨ। ਕਿਸਾਨਾਂ ਨੇ ਦੋਸ਼ ਲਾਇਆ ਕਿ ਪੁਲੀਸ ਨੇ ਉਨ੍ਹਾਂ ਦੇ ਪਰਿਵਾਰਾਂ ਤੋਂ ਵਸੂਲੀ ਹਾਸਲ ਕੀਤੀ। ਕਿਸਾਨਾਂ ਨੇ ਹੋਰ ਪ੍ਰੇਸ਼ਾਨੀ ਹੋਣ ਦੇ ਡਰੋਂ ਸੁਰੱਖਿਆ ਦੀ ਮੰਗ ਕੀਤੀ ਹੈ। ਸੰਗਰੂਰ ਦੇ ਜ਼ਿਲ੍ਹਾ ਪੁਲੀਸ ਮੁਖੀ ਮਨਦੀਪ ਸਿੰਘ ਸਿੱਧੂ ਵੱਲੋਂ ਪਟਿਆਲਾ ਜ਼ੋਨ ਦੇ ਆਈ.ਜੀ. ਏ.ਐਸ.ਰਾਏ ਅਤੇ ਡੀ.ਆਈ.ਜੀ ਸੁਖਚੈਨ ਸਿੰਘ ਗਿੱਲ ਨੂੰ ਭੇਜੀ ਮੁੱਢਲੀ ਜਾਂਚ ਰਿਪੋਰਟ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਇਹ ਹੁਕਮ ਜਾਰੀ ਕੀਤੇ। ਇਸ ਰਿਪੋਰਟ ਵਿੱਚ ਸ੍ਰੀ ਸਿੱਧੂ ਨੇ ਸੰਗਰੂਰ ਦੇ ਸਾਬਕਾ ਪੁਲੀਸ ਮੁਖੀ ਇੰਦਰਬੀਰ ਸਿੰਘ, ਸੁਨਾਮ ਦੇ ਡੀ.ਐਸ.ਪੀ ਜਸ਼ਨਦੀਪ ਗਿੱਲ, ਲੌਂਗੋਵਾਲ ਥਾਣੇ ਦੇ ਮੁਖੀ ਇੰਸਪੈਕਟਰ ਸਿੰਕਦਰ ਸਿੰਘ, ਸੰਗਰੂਰ ਸਿਟੀ ਪੁਲੀਸ ਪੋਸਟ ਦੇ ਇੰਚਾਰਜ ਏ.ਐਸ.ਆਈ ਬਲਜਿੰਦਰ ਸਿੰਘ ਅਤੇ ਬਡਰੁੱਖਾਂ ਪੋਸਟ ਦੇ ਇੰਚਾਰਜ ਏ.ਐਸ.ਆਈ. ਗੁਰਮੇਲ ਸਿੰਘ ਦੇ ਨਾਵਾਂ ਦਾ ਜ਼ਿਕਰ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …