ਮੱਛਰ ਤੇ ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਬੀਮਾਰੀਆਂ ਦੇ ਪ੍ਰਕੋਪ ਨੂੰ ਰੋਕਣ ਲਈ ਵਿਆਪਕ ਗਤੀਵਿਧੀਆਂ ਚਲਾਉਣ ਦੇ ਆਦੇਸ਼

ਡੀਸੀ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਫੌਗਿੰਗ ਕਰਨ ’ਤੇ ਜ਼ੋਰ

ਨਗਰ ਨਿਗਮ ਤੇ ਨਗਰ ਕੌਂਸਲਾਂ ਨੂੰ ਡੇਂਗੂ ਮੱਛਰ ਦਾ ਲਾਰਵਾ ਮਿਲਣ ’ਤੇ ਮਾਲਕਾਂ ਦੇ ਚਲਾਨ ਕੱਟਣ ਦੇ ਹੁਕਮ

ਨਬਜ਼-ਏ-ਪੰਜਾਬ, ਮੁਹਾਲੀ, 21 ਅਪਰੈਲ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਿਹਤ, ਨਗਰ ਨਿਗਮ, ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਮੁਹਾਲੀ ਜ਼ਿਲ੍ਹੇ ਵਿੱਚ ਮੱਛਰ ਅਤੇ ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਬੀਮਾਰੀਆਂ ਦੇ ਪ੍ਰਕੋਪ ਨੂੰ ਰੋਕਣ ਲਈ ਤੁਰੰਤ ਪ੍ਰਭਾਵ ਨਾਲ ਵਿਆਪਕ ਗਤੀਵਿਧੀਆਂ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਅੱਜ ਉਕਤ ਸਾਰੇ ਵਿਭਾਗਾਂ ਦੀ ਸਮੀਖਿਆ ਮੀਟਿੰਗ ਕੀਤੀ ਅਤੇ ਕਿਹਾ ਕਿ ਜ਼ਿਲ੍ਹੇ ਵਿੱਚ ਹਰ ਹਫ਼ਤੇ ਫੌਗਿੰਗ ਦੇ ਰੋਸਟਰ ਬਦਲੇ ਜਾਣ ਅਤੇ ਹੌਟਸਪੌਟ ਖੇਤਰਾਂ ਵਿੱਚ ਹਰ ਤੀਜੇ ਦਿਨ ਫੌਗਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਤੋਂ ਬਚਾਇਆ ਜਾ ਸਕੇ। ਇਸੇ ਤਰ੍ਹਾਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਪੀਣ ਵਾਲੇ ਪਾਣੀ ਅਤੇ ਆਊਟਲੈੱਟਸ ਤੋਂ ਨਿਕਲਦੇ ਪਾਣੀ ਦੇ ਨਮੂਨੇ ਲੈਣ ਤਾਂ ਜੋ ਲੋਕਾਂ ਨੂੰ ਪੇਚਸ਼ ਦੇ ਪ੍ਰਕੋਪ ਤੋਂ ਦੂਰ ਰੱਖਿਆ ਜਾ ਸਕੇ।
ਡੀਸੀ ਸ੍ਰੀਮਤੀ ਮਿੱਤਲ ਨੇ ਨਿਗਮ ਤੇ ਕੌਂਸਲ ਅਧਿਕਾਰੀਆਂ ਹਦਾਇਤ ਕੀਤੀ ਕਿ ਘਰਾਂ ਅਤੇ ਹੋਰਨਾਂ ਥਾਵਾਂ ’ਤੇ ਡੇਂਗੂ ਲਾਰਵਾ ਚੈੱਕ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇ ਅਤੇ ਡੇਂਗੂ ਲਾਰਵਾ ਮਿਲਣ ’ਤੇ ਸਬੰਧਤ ਮਾਲਕ ਦਾ ਚਲਾਨ ਕੱਟਿਆ ਜਾਵੇ, ਕਿਉਂਕਿ ਅਜਿਹੀ ਲਾਪਰਵਾਹੀ ਮਹਿੰਗੀ ਪੈ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਉਣ ਅਤੇ ਡੇਂਗੂ ਲਾਰਵੇ ਨੂੰ ਰੋਕਣ ਲਈ ਫ਼ਰਿਜਾਂ ਦੀਆਂ ਪਿਛਲੀਆਂ ਟਰੇਆਂ ਅਤੇ ਏਅਰ ਕੂਲਰਾਂ ਦੀਆਂ ਟੈਂਕੀਆਂ ਤੋਂ ਇਲਾਵਾ ਸਾਰੇ ਭਾਂਡੇ ਹਫ਼ਤੇ ਵਿੱਚ ਇੱਕ ਦਿਨ ਖਾਲੀ ਕਰਕੇ ਸੁਕਾਇਆ ਜਾਵੇ।
ਸਿਵਲ ਸਰਜਨ ਡਾ. ਸੰਗੀਤ ਜੈਨ ਨੇ ਡੀਸੀ ਨੂੰ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਰੋਕਥਾਮ ਉਪਾਵਾਂ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਨਰਸਿੰਗ ਵਿਦਿਆਰਥੀਆਂ ਨੂੰ ਡੇਂਗੂ ਲਾਰਵੇ ਦਾ ਪਤਾ ਲਗਾਉਣ ਲਈ ਜਾਣੂ ਕਰਵਾਇਆ ਗਿਆ ਹੈ। ਜਨਵਰੀ 2025 ਤੋਂ ਹੁਣ ਤੱਕ 7188 ਘਰਾਂ ਦਾ ਸਰਵੇਖਣ ਕੀਤਾ ਗਿਆ ਹੈ ਅਤੇ 21709 ਕੰਟੇਨਰਾਂ ਦੀ ਜਾਂਚ ਕੀਤੀ ਗਈ ਹੈ। ਜ਼ਿਲ੍ਹੇ ਵਿੱਚ ਹੁਣ ਤੱਕ 9 ਡੇਂਗੂ ਦੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ।
ਮੀਟਿੰਗ ਵਿੱਚ ਏਡੀਸੀ ਅਨਮੋਲ ਸਿੰਘ ਧਾਲੀਵਾਲ ਤੇ ਸੋਨਮ ਚੌਧਰੀ, ਡੀਡੀਪੀਓ ਬਲਜਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਮਹਾਂਮਾਰੀ ਰੋਕੂ ਅਫ਼ਸਰ ਡਾ. ਅਨਾਮਿਕਾ, ਐਕਸੀਅਨ ਗੁਰਪ੍ਰਕਾਸ਼ ਸਿੰਘ, ਸਿਹਤ ਅਧਿਕਾਰੀ ਡਾ. ਸੰਜੀਵ ਕੰਬੋਜ ਅਤੇ ਹੋਰ ਅਧਿਕਾਰੀ ਮੌਜੂਦ ਸਨ।

Load More Related Articles

Check Also

ਯੋਗ ਅਭਿਆਸ ਨਾਲ ਘੱਟ ਹੋ ਰਿਹਾ ਹੈ ਲੋਕਾਂ ਦਾ ਮਾਨਸਿਕ ਤਣਾਅ: ਪ੍ਰਤਿਮਾ ਡਾਵਰ

ਯੋਗ ਅਭਿਆਸ ਨਾਲ ਘੱਟ ਹੋ ਰਿਹਾ ਹੈ ਲੋਕਾਂ ਦਾ ਮਾਨਸਿਕ ਤਣਾਅ: ਪ੍ਰਤਿਮਾ ਡਾਵਰ ਮੁਹਾਲੀ ਵਿੱਚ ਰੋਜ਼ਾਨਾ ਵੱਖ-ਵੱਖ…