ਗਿਣਤੀ ਕੇਂਦਰਾਂ ਦੇ 100 ਮੀਟਰ ਘੇਰੇ ਵਿੱਚ ਦੁਕਾਨਾਂ ਬੰਦ ਰੱਖਣ, ਆਵਾਜਾਈ ’ਤੇ ਵੀ ਪੂਰਨ ਪਾਬੰਦੀ ਦੇ ਹੁਕਮ

10 ਮਾਰਚ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਸਮੂਹ ਗਿਣਤੀ ਕੇਂਦਰਾਂ ਦੇ ਆਲੇ ਦੁਆਲੇ ਲਾਗੂ ਹੋਣਗੇ ਤਾਜ਼ਾ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਾਰਚ:
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਚੋਣ ਨਤੀਜਿਆਂ ਦੀ ਤਰੀਕ ਨੇੜੇ ਆਉਣ ਨਾਲ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦੇ ਦਿਲ ਦੀਆਂ ਧੜਕਣਾ ਤੇਜ਼ ਹੋ ਗਈਆਂ ਹਨ ਅਤੇ ਐਗਜ਼ਿਟ ਪੋਲ ਸਮੇਤ ਉਮੀਦਵਾਰਾਂ ਵੱਲੋਂ ਗਿਣਤੀ ਮਿੰਨਤੀ ਸ਼ੁਰੂ ਕਰ ਦਿੱਤੀ ਹੈ। 10 ਮਾਰਚ ਨੂੰ ਚੋਣਾਂ ਦਾ ਨਤੀਜਾ ਐਲਾਨਿਆ ਜਾਣਾ ਹੈ।
ਮੁਹਾਲੀ ਦੇ ਜ਼ਿਲ੍ਹਾ ਮੈਜਿਸਟਰੇਟ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਨੇ ਅੱਜ ਦੇਰ ਸ਼ਾਮ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੀ ਗਿਣਤੀ ਦੇ ਮੱਦੇਨਜ਼ਰ ਮੁਹਾਲੀ ਜ਼ਿਲ੍ਹੇ ਦੀ ਹੱਦ ਅੰਦਰ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ 10 ਮਾਰਚ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਸਾਰੇ ਗਿਣਤੀ ਕੇਂਦਰਾਂ ਦੇ 100 ਮੀਟਰ ਘੇਰੇ ਵਿੱਚ ਦੁਕਾਨਾਂ ਅਤੇ ਬਾਜ਼ਾਰ ਬੰਦ ਰੱਖਣ, ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਆਵਾਜਾਈ ਉੱਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਥਾਵਾਂ ’ਤੇ ਵੋਟਾਂ ਦੀ ਗਿਣਤੀ ਕੀਤੀ ਜਾਣੀ ਹੈ, ਉਸ ਏਰੀਆ ਵਿੱਚ ਪੈਦਲ ਚੱਲਣ ਦੀ ਹੀ ਇਜਾਜ਼ਤ ਹੋਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 10 ਮਾਰਚ ਨੂੰ ਮੁਹਾਲੀ ਵਿਧਾਨ ਸਭਾ ਹਲਕੇ ਲਈ ਪਈਆਂ ਵੋਟਾਂ ਦੀ ਗਿਣਤੀ ਖੇਡ ਸਟੇਡੀਅਮ ਸੈਕਟਰ-78 ਵਿਖੇ ਬਣਾਏ ਗਏ ਗਿਣਤੀ ਕੇਂਦਰ ਵਿੱਚ ਕੀਤੀ ਜਾਵੇਗੀ ਜਦੋਂਕਿ ਡੇਰਾਬੱਸੀ ਅਤੇ ਖਰੜ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਇੱਥੋਂ ਦੇ ਰਤਨ ਪ੍ਰੋਫੈਸ਼ਨਲ ਕਾਲਜ ਸੋਹਾਣਾ ਵਿੱਚ ਹੋਵੇਗੀ। ਇਸ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਵੋਟਾਂ ਦੀ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਦੇ 100 ਮੀਟਰ ਦੇ ਏਰੀਆ ਵਿੱਚ ਬਾਜ਼ਾਰ ਅਤੇ ਦੁਕਾਨਾਂ ਬੰਦ ਕਰਨ, ਦੋ ਪਹੀਆ ਅਤੇ ਚਾਰ ਪਹੀਆ ਵਾਹਨ ਚਲਾਉਣ ’ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਵੋਟਾਂ ਦੀ ਗਿਣਤੀ ਦਾ ਕੰਮ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਚੱਪੇ ਚੱਪੇ ’ਤੇ ਪੰਜਾਬ ਪੁਲੀਸ ਅਤੇ ਪੈਰਾ ਮਿਲਟਰੀ ਫੋਰਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ ਅਤੇ ਅੱਗ ਬੁਝਾਉਣ ਸਮੇਤ ਹਰ ਕਿਸਮ ਦੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

Load More Related Articles
Load More By Nabaz-e-Punjab
Load More In General News

Check Also

ਬੀਬੀ ਭਾਨੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

ਬੀਬੀ ਭਾਨੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 27 ਫਰਵਰੀ: ਇੱਥੋਂ…