ਨਗਰ ਨਿਗਮ ਤੇ ਸਮੂਹ ਨਗਰ ਕੌਂਸਲਾਂ ਨੂੰ ਸ਼ਹਿਰੀ ਖੇਤਰ ਦੇ ਵਿਕਾਸ ਕੰਮ ਛੇਤੀ ਮੁਕੰਮਲ ਕਰਨ ਦੇ ਆਦੇਸ਼

ਏਡੀਸੀ ਦਮਨਜੀਤ ਮਾਨ ਐੱਸਟੀਪੀ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਨਬਜ਼-ਏ-ਪੰਜਾਬ, ਮੁਹਾਲੀ, 7 ਸਤੰਬਰ:
ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਮੁਹਾਲੀ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜ ਜਲਦ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿਆ ਦੌਰਾਨ ਏਡੀਸੀ ਦਮਨਜੀਤ ਮਾਨ ਨੇ ਵੱਖ-ਵੱਖ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਮੁਹਾਲੀ ਨਗਰ ਨਿਗਮ ਸਮੇਤ ਸਮੂਹ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਆਪੋ-ਆਪਣੇ ਇਲਾਕੇ ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਵੱਲ ਉਚੇਚਾ ਧਿਆਨ ਦੇਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਪਾਣੀ ਦੀ ਸਪਲਾਈ ਲਈ ਵੱਖੋ-ਵੱਖ ਟਿਊਬਵੈੱਲ ਪ੍ਰਾਜੈਕਟ ਛੇਤੀ ਨੇਪਰੇ ਚਾੜ੍ਹੇ ਜਾਣ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਵਿਕਾਸ ਕੰਮਾਂ ਵਿੱਚ ਲੇਟ-ਲਤੀਫ਼ੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਏਡੀਸੀ ਮਾਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਸੀਵਰੇਜ ਟਰੀਟਮੈਂਟ ਪਲਾਂਟ (ਐੱਸਟੀਪੀ) ਲਗਾਉਣ ਦੀ ਪ੍ਰਕਿਰਿਆ ਜਾਰੀ ਹੈ ਅਤੇ ਇਨ੍ਹਾਂ ਪ੍ਰਾਜੈਕਟਾਂ ਨੂੰ ਜ਼ਮੀਨੀ ਪੱਧਰ ’ਤੇ ਤਿਆਰ ਕਰਵਾਉਣ ਬਾਬਤ ਜੋ ਵੀ ਕਾਰਜ ਲੋੜੀਂਦੇ ਹਨ, ਉਹ ਪੂਰੇ ਕੀਤੇ ਜਾ ਰਹੇ ਹਨ। ਤੈਅ ਪ੍ਰਾਜੈਕਟਾਂ ਦੀ ਪੂਰਤੀ ਨਾਲ ਨਾ ਕੇਵਲ ਸੀਵਰੇਜ ਦੇ ਪਾਣੀ ਦਾ ਢੁਕਵਾਂ ਪ੍ਰਬੰਧਨ ਹੋਵੇਗਾ ਸਗੋਂ ਹੜ੍ਹਾਂ ਵਰਗੀ ਸਥਿਤੀ ਨੂੰ ਨਜਿੱਠਣ ਵਿੱਚ ਵੀ ਮਦਦ ਮਿਲੇਗੀ। ਸੋਧਿਆ ਹੋਇਆ ਪਾਣੀ ਸਿੰਜਾਈ ਤੇ ਹੋਰਨਾਂ ਕਾਰਜਾਂ ਲਈ ਵਰਤਿਆ ਜਾਵੇਗਾ।
ਏਡੀਸੀ ਮਾਨ ਨੇ ਮੌਨਸੂਨ ਨੂੰ ਦੇਖਦੇ ਹੋਏ ਸ਼ਹਿਰਾਂ ਦੀ ਸਾਫ਼-ਸਫ਼ਾਈ ਅਤੇ ਹੜ੍ਹਾਂ ਤੋਂ ਬਚਾਅ ਲਈ ਅਗੇਤੇ ਪ੍ਰਬੰਧ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਸੌਲਿਡ ਵੇਸਟ ਮੈਨੇਜਮੈਂਟ ਦੇ ਪ੍ਰਾਜੈਕਟਾਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ‘ਬਲਕ ਵੇਸਟ ਜਨਰੇਟਰਜ਼’ ਦੇ ਪ੍ਰਬੰਧਾਂ ਲਈ ਵੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਲਾਵਾਰਿਸ ਪਸ਼ੂਆਂ ਦੀ ਸਾਂਭ-ਸੰਭਾਲ ਲਈ ਇੱਕ-ਇੱਕ ਐਂਬੂਲੈਂਸ ਹਾਇਰ ਕਰਨ ਜਾਂ ਖਰੀਦੀ ਜਾਵੇ ਤਾਂ ਜੋ ਲੋੜ ਪੈਣ ’ਤੇ ਉਸ ਦੀ ਵਰਤੋਂ ਕੀਤੀ ਜਾ ਸਕੇ। ਇਸ ਤੋਂ ਇਲਾਵਾ ਸਰਕਾਰੀ ਗਊਸ਼ਾਲਾ ਲਾਲੜੂ ਵਿੱਚ ਲੋੜੀਂਦੇ ‘ਐਨਕਲੋਜ਼ਰ’ ਬਣਾਉਣ ਲਈ ਵੀ ਕਿਹਾ। ਏਡੀਸੀ ਨੇ ਕਿਹਾ ਕਿ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਅਤੇ ਚੈਕਿੰਗ ਯਕੀਨੀ ਬਣਾ ਕੇ ਕਾਨੂੰਨ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…