
ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ‘ਨਿਵੇਸ਼ ਸਮਾਰੋਹ’ ਦਾ ਆਯੋਜਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਈ:
ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਵਿੱਚ ਅੱਜ ਵਿਸ਼ੇਸ਼ ਪ੍ਰਾਰਥਨਾ ਸਭਾ ਦੌਰਾਨ ‘ਨਿਵੇਸ਼ ਸਮਾਰੋਹ’ ਕਰਵਾਇਆ ਗਿਆ। ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਕਰਨਾ ਸੀ। ਇਸ ਮੌਕੇ ਚਾਰ ਸਾਹਿਬਜ਼ਾਦਿਆਂ ਦੇ ਨਾਂ ’ਤੇ ਵਿਦਿਆਰਥੀਆਂ ਦੇ ਚਾਰ ਹਾਊਸ ਬਣਾਏ ਗਏ। ਹਰੇਕ ਹਾਊਸ ਦਾ ਕਪਤਾਨ ਲੜਕਾ ਅਤੇ ਉਪ ਕਪਤਾਨ ਲੜਕੀ ਨੂੰ ਚੁਣਿਆ ਗਿਆ। ਇਸ ਦੌਰਾਨ ਐੱਨਸੀਸੀ ਦੇ ਵਿਦਿਆਰਥੀਆਂ ਨੇ ਮਾਰਚ ਪਾਸ ਕੀਤਾ ਅਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੂੰ ਸਲਾਮੀ ਦਿੱਤੀ। ਸਕੂਲ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਨੂੰ ਸਕੂਲ, ਪਰਿਵਾਰ ਅਤੇ ਸਮਾਜ ਪ੍ਰਤੀ ਆਪਣੇ ਕਰਤੱਵਾਂ ਨੂੰ ਸਮਝ ਕੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਨਿਭਾਉਣ ਲਈ ਪ੍ਰੇਰਿਆ ਗਿਆ। ਵਿਦਿਆਰਥੀਆਂ ਨੇ ਗੀਤ ਰਾਹੀਂ ਯੋਗਾ ਪੇਸ਼ ਕੀਤਾ।
ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਅਹੁਦੇ ਦੀ ਅਹਿਮੀਅਤ ਨੂੰ ਨਿਭਾਉਣ ਦੀ ਹਰ ਸੰਭਵ ਕੋਸ਼ਿਸ਼ ਕਰਨ। ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਸਕੂਲ ਦੇ ਮਾਣ-ਸਨਮਾਨ, ਗੌਰਵ ਅਤੇ ਅਨੁਸ਼ਾਸਨ ਨੂੰ ਕਾਇਮ ਰੱਖਣ ਲਈ ਪ੍ਰੇਰਿਆ। ਕੈਪਟਨ ਅਤੇ ਵਾਈਸ ਕੈਪਟਨ ਨੇ ਕਿਹਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। ਸਮਾਰੋਹ ਦੀ ਸਮਾਪਤੀ ਰਾਸ਼ਟਰੀ-ਗੀਤ ਨਾਲ ਹੋਈ।