nabaz-e-punjab.com

ਸਰਕਾਰੀ ਸਕੂਲਾਂ ਦੇ ਸੈਂਟਰ ਹੈੱਡ ਟੀਚਰਾਂ ਦੀ ਤੀਜੇ ਗੇੜ ਦੀ ਦੋ ਰੋਜ਼ਾ ਓਰੀਐਂਟੇਸ਼ਨ ਵਰਕਸ਼ਾਪ ਸਮਾਪਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਕਤੂਬਰ:
ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸੈਂਟਰ ਹੈੱਡ ਟੀਚਰਾਂ ਦੀ ਤੀਜੇ ਗੇੜ ਦੀ ਦੋ ਰੋਜ਼ਾ ਓਰੀਐਂਟੇਸ਼ਨ ਵਰਕਸ਼ਾਪ ਅੱਜ ਸਮਾਪਤ ਹੋ ਗਈ। ਖੇਤਰੀ ਸਹਿਕਾਰੀ ਪ੍ਰਬੰਧਨ ਸੰਸਥਾਨ ਆਯੋਜਿਤ ਇਸ ਵਰਕਸ਼ਾਪ ਦੌਰਾਨ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਉੱਚਾ ਚੁੱਕਣ ਦੇ ਨਾਲ-ਨਾਲ ਜਮਾਤ ਅਨੁਸਾਰ ਨਿਰਧਾਰਿਤ ਸਿੱਖਣ ਪਰਿਣਾਮਾਂ ਬਾਰੇ ਚਰਚਾ ਕੀਤੀ ਗਈ।
ਓਰੀਐਂਟੇਸ਼ਨ ਵਰਕਸ਼ਾਪ ਦੌਰਾਨ ਸੈਂਟਰ ਹੈੱਡ ਟੀਚਰਾਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਉੱਚਾ ਚੁੱਕਣਾ ਅਧਿਆਪਕਾਂ ਦਾ ਮੁੱਢਲਾ ਫਰਜ਼ ਹੈ ਅਤੇ ਬਹੁਤ ਸਾਰੇ ਅਧਿਆਪਕ ਸਕੂਲਾਂ ਦੀ ਦਿੱਖ ਨੂੰ ਸੁਧਾਰਨ ਵਿੱਚ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ, ਪੰਜਾਬ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਦੇਖਣ ਨੂੰ ਮਿਲ ਰਿਹਾ ਹੈ ਕਿ ਅਧਿਆਪਕਾਂ ਵੱਲੋਂ ਵਿਭਾਗ ਦੇ ਕਦਮ ਨਾਲ ਕਦਮ ਮਿਲ ਕੇ ਚੱਲਣ ਕਾਰਨ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਨੁਹਾਰ ਬਦਲੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਇਨ੍ਹਾਂ ਸਿਖਲਾਈ ਪ੍ਰੋਗਰਾਮਾਂ ਦਾ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਫਾਇਦਾ ਮਿਲਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਵਿਦਿਆਰਥੀ ਜੀਵਨ ਵਿੱਚ ਸਫਲਤਾ ਪ੍ਰਾਪਤ ਕਰ ਸਕਣ।
ਐੱਸਸੀਈਆਰਟੀ ਦੇ ਡਾਇਰੈਕਟਰ ਇੰਦਰਜੀਤ ਸਿੰਘ ਨੇ ਕਿਹਾ ਕਿ ਪਾਠਕ੍ਰਮ ਨੂੰ ਕਰਵਾਉਣ ਲਈ ਅਧਿਆਪਕਾਂ ਨੂੰ ਨਵੀਆਂ ਸਿੱਖਣ-ਸਿਖਾਉਣ ਦੀਆਂ ਵਿਧੀਆਂ ਅਤੇ ਸਿੱਖਣ ਸਹਾਇਕ ਸਮੱਗਰੀ ਦੀ ਵਰਤੋਂ ਬਾਰੇ ਸਮੇਂ-ਸਮੇਂ ’ਤੇ ਜਾਣਕਾਰੀ ਦਿੱਤੀ ਜਾ ਰਹੀ ਹੈ। ਜਿਸ ਦੇ ਆਉਣ ਵਾਲੇ ਸਮੇਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ।
ਸੈਂਟਰ ਹੈੱਡ ਟੀਚਰ ਸਤਿੰਦਰ ਸਿੰਘ ਅਲੂਣਾ ਨੇ ਕਿਹਾ ਕਿ ਉਨ੍ਹਾਂ ਨੇ ਜੋ ਵੀ ਜਾਣਕਾਰੀ ਵਰਕਸ਼ਾਪ ਦੌਰਾਨ ਪ੍ਰਾਪਤ ਕੀਤੀ ਹੈ। ਉਸ ਨੂੰ ਉਹ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਲਾਗੂ ਕਰਨਗੇ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਵਿਕਾਸ ਲਈ ਜੋ ਮੋਟੀਵੇਸ਼ਨਲ ਵਰਕਸ਼ਾਪਾਂ ਵੱਖ-ਵੱਖ ਜ਼ਿਲ੍ਹਿਆਂ ਅੰਦਰ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਦਾ ਅਸਰ ਸਕੂਲ ਮੁਖੀਆਂ ’ਤੇ ਦੇਖਣ ਨੂੰ ਮਿਲ ਰਿਹਾ ਹੈ। ਅਧਿਆਪਕਾਂ ਨੇ ਆਪਣੇ ਸਾਥੀਆਂ ਦੇ ਸਕੂਲਾਂ ਤੋਂ ਵੱਖੋ-ਵੱਖਰੇ ਵਿਚਾਰ ਲੈ ਕੇ ਸਕੂਲਾਂ ਦੀ ਕਾਇਆ ਕਲਪ ਕਰਨੀ ਸ਼ੁਰੂ ਕਰ ਦਿੱਤੀ ਹੈ।
ਸੈਂਟਰ ਹੈੱਡ ਟੀਚਰ ਮਨਜੀਤ ਸਿੰਘ ਲੁਧਿਆਣਾ ਨੇ ਦੱਸਿਆ ਕਿ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਖੇਡ ਮਹਿਲ ਸ਼ੁਰੂ ਕਰਨ ਨਾਲ ਵਿਦਿਆਰਥੀਆਂ ਦੀ ਗਿਣਤੀ ਵਿੱਚ ਵਾਧਾ ਤਾਂ ਹੋਇਆ ਹੀ ਹੈ,ਨਾਲ ਹੀ ਸਰਕਾਰੀ ਸਕੂਲਾਂ ਪ੍ਰਤੀ ਮਾਪਿਆਂ ਦਾ ਵਿਸ਼ਵਾਸ ਵੀ ਵਧਿਆ ਹੈ। ਇਸ ਮੌਕੇ ਸਹਾਇਕ ਡਾਇਰੈਕਟਰ (ਟਰੇਨਿੰਗਾਂ) ਡਾ. ਜਰਨੈਲ ਸਿੰਘ ਕਾਲੇਕੇ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਸਟੇਟ ਕੋਆਰਡੀਨੇਟਰ ਡਾ. ਦਵਿੰਦਰ ਸਿੰਘ ਬੋਹਾ ਅਤੇ ਹੋਰ ਰਿਸੋਰਸ ਪਰਸਨਾਂ ਨੇ ਵੀ ਓਰੀਐਂਟੇਸ਼ਨ ਵਰਕਸ਼ਾਪ ਵਿੱਚ ਸੈਂਟਰ ਹੈੱਡ ਟੀਚਰਾਂ ਨੂੰ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…