Nabaz-e-punjab.com

ਮੁਹਾਲੀ ਪ੍ਰਸ਼ਾਸਨ ਨੂੰ ਰਾਸ਼ਨ ਸਬੰਧੀ ਮਿਲੀਆਂ 2762 ਸ਼ਿਕਾਇਤਾਂ ’ਚੋਂ 2400 ਦਾ ਨਿਪਟਾਰਾ: ਡੀਸੀ

ਅੱਜ 362 ਨਵੀਆਂ ਸ਼ਿਕਾਇਤਾਂ ਮਿਲੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਪਰੈਲ:
ਕਰੋਨਾਵਾਇਰਸ ਦੇ ਚੱਲਦਿਆਂ ਕਰਫਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਕੋਲ ਹੁਣ ਤੱਕ ਰਾਸ਼ਨ ਸਬੰਧੀ 2762 ਸ਼ਿਕਾਇਤਾਂ ਪੁੱਜੀਆਂ ਹਨ। ਜਿਨ੍ਹਾਂ ’ਚੋਂ 2400 ਸ਼ਿਕਾਇਤਾਂ ਦਾ ਨਿਬੇੜਾ ਕਰਦਿਆਂ ਜ਼ਰੂਰਤਮੰਦਾਂ ਨੂੰ ਲੋੜ ਅਨੁਸਾਰ ਰਾਸ਼ਨ ਅਤੇ ਤਿਆਰ ਖਾਣਾ ਮੁਹੱਈਆ ਕਰਵਾਇਆ ਗਿਆ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ 362 ਨਵੀਆਂ ਸ਼ਿਕਾਇਤਾਂ ਮਿਲੀਆਂ ਹਨ। ਜਿਨ੍ਹਾਂ ਦੇ ਹੱਲ ਲਈ ਸਬੰਧਤ ਵਿਅਕਤੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਲੋੜਵੰਦਾਂ ਨੂੰ ਖਾਣਾ ਅਤੇ ਰਾਸ਼ਨ ਮੁਹੱਈਆ ਕਰਵਾਉਣ ਦੇ ਮਾਮਲੇ ਵਿੱਚ ਬੀਤੇ ਦਿਨੀਂ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਨੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਐਸਐਸਪੀ ਕੁਲਦੀਪ ਸਿੰਘ ਚਾਹਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਸੀ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਸੀ ਕਿ ਉਹ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਮੁਹਾਲੀ, ਖਰੜ, ਅਤੇ ਡੇਰਾਬੱਸੀ ਇਲਾਕੇ ਵਿੱਚ ਰਹਿ ਰਹੇ ਅਰੁਣਾਚਲ ਪ੍ਰਦੇਸ਼ ਦੇ ਵਿਦਿਆਰਥੀਆਂ ਨੂੰ ਲੋੜ ਅਨੁਸਾਰ ਖਾਣਾ ਅਤੇ ਹੋਰ ਜ਼ਰੂਰੀ ਸਮਾਨ ਪੁੱਜਦਾ ਕੀਤਾ ਜਾ ਰਿਹਾ ਹੈ।
ਡੀਸੀ ਗਿਰੀਸ਼ ਦਿਆਲਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁਹਾਲੀ ਜ਼ਿਲ੍ਹੇ ਵਿੱਚ ਹਰੇਕ ਲੋੜਵੰਦ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਤਿਆਰ ਕੀਤਾ ਖਾਣਾ ਅਤੇ ਸੁੱਕਾ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਦੁੱਧ ਦੀ ਸਪਲਾਈ ਵੀ ਨਿਰਵਿਘਨ ਜਾਰੀ ਹੈ। ਇਸ ਤੋਂ ਇਲਾਵਾ ਨਿੱਤ ਵਰਤੋਂ ਦੀਆਂ ਹੋਰ ਜ਼ਰੂਰੀ ਵਸਤੂਆਂ ਲਈ ਵੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੜਾਅਵਾਰ ਹਰੇਕ ਲੋੜਵੰਦ ਨੂੰ ਰਾਸ਼ਨ ਮੁਹੱਈਆ ਕਰਵਾਉਣ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ ਅਤੇ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੈ ਕਿ ਕੋਈ ਵੀ ਵਿਅਕਤੀ ਭੁੱਖਾ ਨਾ ਰਹੇ।
ਬੀਡੀਪੀਓ-ਕਮ-ਨੋਡਲ ਅਫ਼ਸਰ ਹਿਤੇਨ ਕਪਿਲਾ ਨੇ ਦੱਸਿਆ ਕਿ ਕਰਫਿਊ ਦੌਰਾਨ ਹੁਣ ਤੱਕ ਲਗਭਗ 14 ਲੱਖ ਵਿਅਕਤੀਆਂ ਨੂੰ ਤਿਆਰ ਕੀਤਾ ਖਾਣਾ ਅਤੇ ਸੁੱਕਾ ਰਾਸ਼ਨ ਮੁਹੱਈਆ ਕਰਵਾਇਆ ਜਾ ਚੁੱਕਾ ਹੈ ਅਤੇ ਰੋਜ਼ਾਨਾ ਹੀ ਕਿਸੇ ਨਾ ਕਿਸੇ ਹਿੱਸੇ ਵਿੱਚ ਲੋੜਵੰਦਾਂ ਨੂੰ ਰਾਸ਼ਨ ਪੁੱਜਦਾ ਕੀਤਾ ਜਾ ਰਿਹਾ ਹੈ। ਫਿਰ ਵੀ ਜੇਕਰ ਕੋਈ ਵਿਅਕਤੀ ਰਾਸ਼ਨ ਮਿਲਣ ਤੋਂ ਵਾਂਝਾ ਰਹਿ ਗਿਆ ਹੈ ਤਾਂ ਉਹ ਸਿੱਧੇ ਤੌਰ ’ਤੇ ਪ੍ਰਸ਼ਾਸਨ ਨਾਲ ਤਾਲਮੇਲ ਕਰ ਸਕਦਾ ਹੈ ਅਤੇ ਜਾਣਕਾਰੀ ਮਿਲਣ ’ਤੇ ਸਬੰਧਤ ਵਿਅਕਤੀਆਂ ਨੂੰ ਲੋੜ ਅਨੁਸਾਰ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …