
ਪੰਜਾਬ ਵਿਧਾਨ ਸਭਾ ਦੇ ਬਾਹਰ ਅਕਾਲੀ ਵਿਧਾਇਕਾਂ ਨੇ ਬਜਟ ਦੀਆਂ ਕਾਪੀਆਂ ਸਾੜੀਆਂ
ਮਜੀਠੀਆ ਦੀ ਅਗਵਾਈ ਹੇਠ ਅਕਾਲੀ ਵਿਧਾਇਕਾਂ ਨੇ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਾਰਚ:
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਬੁੱਧਵਾਰ ਨੂੰ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਦੇ ਬਾਹਰ ਬਜਟ ਦੀਆਂ ਕਾਪੀਆਂ ਸਾੜ ਕੇ ਸਰਕਾਰ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਅਕਾਲੀ ਵਿਧਾਇਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਬਜਟ ਨੂੰ ਪੰਜਾਬ ਤੇ ਲੋਕ ਵਿਰੋਧੀ ਦੱਸਦਿਆਂ ਕਿਹਾ ਕਿ ਮੋਤੀਆਂ ਵਾਲੀ ਸਰਕਾਰ ਦਾ ਇਹ ਅਖੀਰਲਾ ਬਜਟ ਮਹਿਜ਼ ਲੌਲੀਪੌਪ ਹੈ।
ਇਸ ਮੌਕੇ ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਬੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਅਤੇ ਬਜਟ ਵਿੱਚ ਮੁਲਾਜ਼ਮਾਂ ਨੂੰ ਫੁੱਟੀ ਕੌੜੀ ਤੱਕ ਨਹੀਂ ਦਿੱਤੀ ਗਈ ਹੈ। ਉਨ੍ਹਾਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ’ਤੇ ਲੋਕਾਂ ਨੂੰ ਗੁਮਰਾਹ ਕਰਨ ਦਾ ਦੋਸ਼ ਵੀ ਲਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਚਾਰ ਸਾਲਾਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ, ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੇ ਮਾਮਲੇ ਵਿੱਚ ਫੇਲ ਸਾਬਤ ਹੋਈ ਹੈ। ਮੌਜੂਦਾ ਸਮੇਂ ਵਿੱਚ ਜਿੱਥੇ ਨਸ਼ਿਆਂ ਦਾ ਕਾਰੋਬਾਰ ਪਹਿਲਾਂ ਨਾਲੋਂ ਜ਼ਿਆਦਾ ਵਧ ਫੁਲ ਰਿਹਾ ਹੈ, ਉੱਥੇ ਕਿਸਾਨਾਂ ਦੇ ਸਿਰ ਕਰਜ਼ੇ ਦੀ ਪੰਡ ਹੋਰ ਵੱਡੀ ਹੋ ਗਈ ਹੈ। ਵਿਕਾਸ ਕੰਮ ਬੰਦ ਪਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਕੋਈ ਆਸ ਨਹੀਂ ਹੈ। ਸਰਕਾਰ ਦੀ ਚੋਰੀ ਬਜਾਰੀ ਕਰਕੇ ਰੈਵਨਿਊ ਕਾਫੀ ਘਟ ਗਿਆ ਹੈ। ਪੰਜਾਬ ਵਿੱਚ ਸਭ ਤੋਂ ਮਹਿੰਗੀ ਬਿਜਲੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਉਸ ਦੇ ਸਾਥੀ ਮੰਤਰੀਆਂ ਨੇ ਸਾਰੇ ਵਰਗਾਂ ਦੀਆਂ ਚੀਕਾ ਕੱਢਾ ਕੇ ਰੱਖ ਦਿੱਤੀਆਂ ਹਨ। ਇਸ ਮੌਕੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਅਕਾਲੀ ਵਿਧਾਇਕ ਐਨਕੇ ਸ਼ਰਮਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਸਮੇਤ ਹੋਰ ਵਿਧਾਇਕ ਮੌਜੂਦ ਸਨ।