48 ਘੰਟੇ ਵਿੱਚ ਝੋਨੇ ਦੀ ਅਦਾਇਗੀ ਤੇ ਲਿਫਟਿੰਗ ਨੂੰ ਹਰ ਹਾਲ ’ਚ ਯਕੀਨੀ ਬਣਾਇਆ ਜਾਵੇਗਾ: ਕੈਪਟਨ ਅਮਰਿੰਦਰ

ਬਿਮਾਰ ਚੌਲ ਮਿੱਲ ਯੂਨਿਟਾਂ ਦੀ ਮੁੜ ਸੁਰਜੀਤੀ ਲਈ ਤਰਜੀਹੀ ਕਦਮ ਚੁੱਕਣ ਦਾ ਵਾਅਦਾ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 28 ਸਤੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਾਅਦਾ ਕੀਤਾ ਕਿ ਸਾਉਣੀ ਦੇ ਆਉਂਦੇ ਸੀਜ਼ਨ ਵਿਚ ਕਿਸਾਨਾਂ ਨੂੰ ਝੋਨੇ ਦੀ ਅਦਾਇਗੀ ਅਤੇ ਫਸਲ ਦੀ ਚੁਕਾਈ ਲਈ 48 ਘੰਟਿਆਂ ਦੀ ਸਮਾਂ-ਸੀਮਾ ਨੂੰ ਉਨ੍ਹਾਂ ਦੀ ਸਰਕਾਰ ਦ੍ਰਿੜਤਾ ਨਾਲ ਯਕੀਨੀ ਬਣਾਏਗੀ। ਆਲ ਇੰਡੀਆ ਰਾਈਸ ਮਿੱਲਰਜ਼ ਐਸੋਸੀਏਸ਼ਨ ਅਤੇ ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਦੀ ਅਗਵਾਈ ਵਿਚ ਚੌਲ ਮਿੱਲ ਮਾਲਕਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀ ਸਰਕਾਰ ਵੱਲੋਂ ਬਿਮਾਰ ਮਿੱਲਾਂ ਦੇ ਯੂਨਿਟ ਮੁੜ ਸੁਰਜੀਤ ਕਰਨ ਨੂੰ ਪਹਿਲ ਦੇ ਅਧਾਰ ’ਤੇ ਵਿਚਾਰਨ ਦਾ ਭਰੋਸਾ ਵੀ ਦਿੱਤਾ। ਨਗਦ ਕਰਜ਼ਾ ਹੱਦ (ਸੀ.ਸੀ.ਐਲ) ਦੇ ਮੁੱਦੇ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਹੱਲ ਕਰ ਲਏ ਜਾਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਝੋਨੇ ਦੀ ਨਿਰਵਿਘਨ ਖਰੀਦ ਲਈ ਪੂਰੇ ਬੰਦੋਬਸਤ ਕਰ ਲਏ ਗਏ ਹਨ ਅਤੇ ਇਸ ਵਾਰ ਮੰਡੀਆਂ ਵਿਚ 182 ਲੱਖ ਮੀਟਰਕ ਟਨ ਝੋਨਾ ਆਉਣ ਦੀ ਉਮੀਦ ਹੈ ਜਦਕਿ ਪਿਛਲੇ ਸਾਲ 165 ਲੱਖ ਮੀਟਰਕ ਟਨ ਝੋਨੇ ਦਾ ਟੀਚਾ ਤੈਅ ਕੀਤਾ ਗਿਆ ਸੀ।
ਮੁੱਖ ਮੰਤਰੀ ਨੇ ਨਰਮੇ ਦੀ ਬੰਪਰ ਪੈਦਾਵਾਰ ’ਤੇ ਤਸੱਲੀ ਜ਼ਾਹਰ ਕਰਦਿਆਂ ਆਖਿਆ ਕਿ ਸੁਖਾਵਾਂ ਮੌਸਮ ਰਹਿਣ ਕਾਰਨ ਅਤੇ ਸੂਬਾ ਸਰਕਾਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਕਿਸਾਨਾਂ ਦੇ ਸਾਂਝੇ ਯਤਨਾਂ ਦੇ ਸਦਕਾ ਪਿਛਲੇ ਸਾਲ ਨਾਲੋਂ ਇਸ ਸਾਲ 182 ਫੀਸਦੀ ਵੱਧ ਨਰਮਾ ਮੰਡੀਆਂ ਵਿਚ ਪਹੁੰਚਿਆ ਹੈ। ਸੰਕਟ ਨਾਲ ਜੂਝ ਰਹੀ ਸਨਅਤ ਦੀਆਂ ਸਮੱਸਿਆਵਾਂ ਦਾ ਛੇਤੀ ਹੱਲ ਕੱਢਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਡਿਫਾਲਟਰ ਹੋ ਚੁੱਕੇ ਚੌਲ ਮਿੱਲ ਮਾਲਕਾਂ ਨੂੰ ਆਪਣੇ ਬਕਾਏ ਨਿਪਟਾਉਣ ਲਈ ਇੱਕ ਮੌਕਾ ਦੇਣ ਵਾਸਤੇ ਯਕਮੁਸ਼ਤ ਨਿਪਟਾਰਾ ਸਕੀਮ ਦਾ ਹਾਲ ਹੀ ਵਿਚ ਐਲਾਨ ਕੀਤਾ ਸੀ। ਇਸ ਸਕੀਮ ਨਾਲ ਡਿਫਾਲਟ ਤੇ ਬਿਮਾਰ ਕੁਲ 3500 ਯੂਨਿਟਾਂ ਵਿਚੋਂ ਲਗਭਗ 1500 ਯੂਨਿਟਾਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਸਨਅਤ ਨੂੰ ਮੁੜ ਲੀਹ ’ਤੇ ਪਾਉਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ ਅਤੇ ਇਹ ਫੈਸਲਾ ਇਨ੍ਹਾਂ ਕਦਮਾਂ ਦਾ ਹੀ ਇੱਕ ਹਿੱਸਾ ਹੈ।
ਮਿੱਲ ਮਾਲਕਾਂ ਦੀ ਮੰਗ ਪ੍ਰਤੀ ਹੁੰਗਾਰਾ ਭਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਰਦਾਨੇ ਦੀ ਵਰਤੋਂ ਅਤੇ ਢੋਆ-ਢੁਆਈ ਦੀਆਂ ਦਰਾਂ ਦਾ ਮਸਲਾ ਉਹ ਕੇਂਦਰ ਸਰਕਾਰ ਕੋਲ ਉਠਾਉਣਗੇ ਅਤੇ ਅਗਲੇ ਹਫ਼ਤੇ ਉਨ੍ਹਾਂ ਦੀ ਕੇਂਦਰੀ ਖੁਰਾਕ ਮੰਤਰੀ ਰਾਮ ਵਿਲਾਸ ਪਾਸਵਾਨ ਨਾਲ ਮੀਟਿੰਗ ਹੈ। ਉਨ੍ਹਾਂ ਵਾਧੂ ਝੋਨੇ ਵਾਲੇ ਜ਼ਿਲ੍ਹਿਆਂ ਵਿਚ ਉਨ੍ਹਾਂ ਦੀ ਅਸਲ ਅਖਤਿਆਰ 140 ਫੀਸਦੀ ਦੀ ਦਰ ’ਤੇ ਝੋਨਾ ਮੁਹੱਈਆ ਕਰਵਾਉਣ ਦੇ ਮੁੱਦੇ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਮਿੱਲਰਜ਼ ਨੂੰ ਭਰੋਸਾ ਦਿੱਤਾ ਕਿ ਕਿਸੇ ਵੀ ਮਿੱਲ ਨੂੰ ਉਸ ਦੀ ਸਮਰੱਥਾ ਤੋਂ ਵੱਧ ਝੋਨੇ ਦੀ ਮਿਲਿੰਗ ਕਰਨ ਲਈ ਮਜਬੂਰ ਨਹੀਂ ਕੀਤਾ ਜਾਵੇਗਾ ਅਤੇ ਸਿਰਫ ਉਨ੍ਹਾਂ ’ਤੇ ਵਿਚਾਰ ਕੀਤਾ ਜਾਵੇਗਾ ਜਿਹੜੇ ਵੱਧ ਝੋਨਾ ਮਿਲਿੰਗ ਕਰਨ ਦੀ ਇੱਛਾ ਪ੍ਰਗਟਾਉਣਗੇ। ਮੁੱਖ ਮੰਤਰੀ ਨੇ ਚੌਲ ਮਿੱਲ ਸਨਅਤ ਨੂੰ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਨਾਲ ਸਹਿਯੋਗ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਆਖਿਆ ਕਿ ਸਾਂਝੇ ਯਤਨਾਂ ਦੇ ਸਿੱਟੇ ਸਦਾ ਹੀ ਸਾਰਥਕ ਨਿਕਲਦੇ ਹਨ ਅਤੇ ਉਨ੍ਹਾਂ ਨੇ ਨਰਮੇ ਦੀ ਫਸਲ ’ਤੇ ਚਿੱਟੀ ਮੱਖੀ ਦੇ ਹਮਲੇ ਨੂੰ ਰੋਕਣ ਲਈ ਕਿਸਾਨਾਂ ਤੇ ਸਰਕਾਰ ਦੀ ਸਫਲ ਸਾਂਝ ਨੂੰ ਵੀ ਚੇਤੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਖੇਤੀ ਵਿਗਿਆਨੀਆਂ ਅਤੇ ਕਿਸਾਨਾਂ ਵੱਲੋਂ ਇਕਜੁਟ ਹੋ ਜਾਣ ਨਾਲ ਚਿੱਟੀ ਮੱਖੀ ’ਤੇ ਸਫ਼ਲਤਾ ਨਾਲ ਕਾਬੂ ਪਾ ਲਿਆ ਗਿਆ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਸਨਅਤ ਦੀ ਮੰਦਹਾਲੀ ਲਈ ਅਕਾਲੀ-ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਆਖਿਆ ਕਿ ਅਕਾਲੀਆਂ ਅਤੇ ਭਾਜਪਾਈਆਂ ਨੇ ਸੂਬੇ ਨੂੰ ਤਬਾਹ ਕਰ ਦਿੱਤਾ ਅਤੇ ਇਸ ਗਠਜੋੜ ਸਰਕਾਰ ਦੀਆਂ ਮਾੜੀਆਂ ਅਤੇ ਭ੍ਰਿਸ਼ਟ ਨੀਤੀਆਂ ਦੇ ਸਿੱਟੇ ਵਜੋਂ ਸੂਬੇ ਦੇ ਸਿਰ 2.08 ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹ ਗਿਆ। ਲਾਲ ਸਿੰਘ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਬਣਨ ਤੋਂ ਬਾਅਦ ਸਿਰਫ ਛੇ ਮਹੀਨਿਆਂ ਵਿਚ 300 ਨਵੀਆਂ ਚੌਲ ਮਿੱਲਾਂ ਸਥਾਪਤ ਹੋ ਚੱੁਕੀਆਂ ਹਨ। ਉਨ੍ਹਾਂ ਨੇ ਮਿੱਲ ਮਾਲਕਾਂ ਅਤੇ ਸਰਕਾਰ ਦਰਮਿਆਨ ਕਿਸੇ ਵੀ ਮਸਲੇ ਦੇ ਹੱਲ ਲਈ ਪੁਲ ਵਜੋਂ ਕੰਮ ਕਰਨ ਦਾ ਵਾਅਦਾ ਕੀਤਾ। ਤਰਸੇਮ ਸੈਣੀ ਨੇ ਮਿੱਲ ਮਾਲਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਸੂਬੇ ਦੀ ਆਰਥਿਕਤਾ ਨੂੰ ਮੁੜ ਪੈਰਾਂ ਸਿਰ ਕਰਨ ਲਈ ਸਨਅਤ ਪੂਰਾ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ 3672 ਮਿੱਲਾਂ ਦੇ ਯੂਨਿਟ ਹਨ ਜੋ ਚਾਰ ਲੱਖ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰ ਰਹੇ ਹਨ ਅਤੇ ਸੂਬੇ ਦੀ ਖੇਤੀ ਵਿਕਾਸ ਵਿਚ ਵੀ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।
ਮੀਟਿੰਗ ਵਿਚ ਵਧੀਕ ਮੁੱਖ ਸਕੱਤਰ ਐਮ.ਪੀ. ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਸਕੱਤਰ ਖੁਰਾਕ ਤੇ ਸਿਵਲ ਸਪਲਾਈ ਕੇ.ਏ.ਪੀ. ਸਿਨਹਾ ਅਤੇ ਸੀਨੀਅਰ ਕਾਂਗਰਸੀ ਨੇਤਾ ਸੰਜੀਵ ਕੁਮਾਰ ਟਾਂਡਾ ਹਾਜ਼ਰ ਸਨ। ਇਸ ਮੌਕੇ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਸੀਨੀਅਰ ਉਪ ਪ੍ਰਧਾਨ ਗੁਰਮੇਜ ਸਿੰਘ, ਆਲ ਇੰਡੀਆ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਸੀਨੀਅਰ ਉਪ ਪ੍ਰਧਾਨ ਪ੍ਰਮੋਦ ਕੁਮਾਰ, ਉਪ ਪ੍ਰਧਾਨ ਸੰਜੇ ਭੂਤ, ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪਟਿਆਲਾ ਦੇ ਪ੍ਰਧਾਨ ਗੁਰਦੀਪ ਸਿੰਘ ਚੀਮਾ, ਰਾਈਸ ਮਿੱਲਰਜ਼ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਪ੍ਰੇਮ ਦਿੜਬਾ, ਰਾਈਸ ਮਿੱਲਰਜ਼ ਐਸੋਸੀਏਸ਼ਨ ਮੁਕਤਸਰ ਦੇ ਪ੍ਰਧਾਨ ਭਾਰਤ ਭੂਸ਼ਣ ਬਿੰਟਾ, ਰਾਈਸ ਮਿੱਲਰਜ਼ ਐਸੋਸੀਏਸ਼ਨ ਜਲੰਧਰ ਦੇ ਪ੍ਰਧਾਨ ਰਾਜ ਕੁਮਾਰ, ਰਾਈਸ ਮਿੱਲਰਜ਼ ਐਸੋਸੀਏਸ਼ਨ ਪਟਿਆਲਾ ਦੇ ਸਥਾਨਕ ਪ੍ਰਧਾਨ ਸੰਜੀਵ ਗੋਇਲ, ਐਸੋਸੀਏਸ਼ਨ ਦੇ ਮੋਗਾ ਦੇ ਪ੍ਰਧਾਨ ਵਿਨੋਦ ਕੁਮਾਰ ਤੇ ਸੀਨੀਅਰ ਉਪ ਪ੍ਰਧਾਨ ਬਾਲ ਕ੍ਰਿਸ਼ਨ ਬਾਲੀ, ਐਸੋਸੀਏਸ਼ਨ ਦੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪ੍ਰਧਾਨ ਇੰਦਰਜੀਤ ਸਿੰਘ ਸੰਧੂ ਅਤੇ ਐਸੋਸੀਏਸ਼ਨ ਦੇ ਲੁਧਿਆਣਾ ਜ਼ਿਲ੍ਹਾ ਦੇ ਪ੍ਰਧਾਨ ਹਰੀ ਓਮ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…