Nabaz-e-punjab.com

ਝੋਨੇ ਦੀ ਖ਼ਰੀਦ: ਡੀਸੀ ਵੱਲੋਂ ਉਲੰਘਣਾ ਕਰਨ ਵਾਲੇ ਆੜ੍ਹਤੀਆਂ ਦੇ ਲਾਇਸੈਂਸ ਰੱਦ ਕਰਨ ਦੇ ਹੁਕਮ

ਜ਼ਿਲ੍ਹਾ ਪੁਲੀਸ ਵਿਸ਼ੇਸ਼ ਅੰਤਰਰਾਜੀ ਸਰਹੱਦੀ ਚੈਕ-ਪੁਆਇੰਟ ਕਰੇਗੀ ਸਥਾਪਿਤ

ਉਪ ਮੰਡਲ ਮੈਜਿਸਟਰੇਟਾਂ ਵੱਲੋਂ ਇਸ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਸਤੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਮੰਡੀਆਂ ਵਿੱਚ ਗੁਆਂਢੀ ਸੂਬਿਆਂ ਤੋਂ ਝੋਨੇ ਦੀ ਨਾਜਾਇਜ਼ ਆਮਦ ਨੂੰ ਰੋਕਣ ’ਤੇ ਸਖ਼ਤ ਕਦਮ ਚੁੱਕਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਮੰਡੀ ਅਧਿਕਾਰੀਆਂ ਨੂੰ ਸਥਾਨਕ ਮੰਡੀਆਂ ਵਿੱਚ ‘ਹੋਰਨਾਂ ਸੂਬਿਆਂ ਦਾ ਝੋਨਾ’ ਵੇਚ ਕੇ ਪੰਜਾਬ ਖੇਤੀਬਾੜੀ ਉਤਪਾਦਨ ਮੰਡੀਕਰਨ ਕਮੇਟੀ (ਏਪੀਐਮਸੀ) ਐਕਟ ਦੀ ਉਲੰਘਣਾ ਕਰਨ ਵਾਲੇ ਆੜ੍ਹਤੀਆਂ ’ਤੇ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਝੋਨੇ ਦੀ ਖ਼ਰੀਦ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਹਰਿਆਣਾ ਦੀ ਸਰਹੱਦ ਨਾਲ ਲੱਗਦੀਆਂ ਮੰਡੀਆਂ ਵਿੱਚ ਸਥਾਨਕ ਕਮਿਸ਼ਨ ਏਜੰਟਾਂ ਰਾਹੀਂ ਹੋਰਨਾਂ ਸੂਬਿਆਂ ਤੋਂ ਝੋਨੇ ਦੀ ਕਾਫ਼ੀ ਆਮਦ ਹੋਣ ਕਰਕੇ ਖ਼ਰੀਦ ਪ੍ਰਕਿਰਿਆ ਵਿੱਚ ਰੁਕਾਵਟ ਆਉਂਦੀ ਹੈ। ਇਹ ਦੱਸਿਆ ਗਿਆ ਕਿ ਸਥਾਨਕ ਸਿਵਲ ਪ੍ਰਸ਼ਾਸਨ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡਾਂ ਤੋਂ ਅੰਦਾਜ਼ਨ ਆਮਦ ਦਾ ਪ੍ਰਬੰਧ ਕਰਦੇ ਹਨ ਪਰ ਇਨ੍ਹਾਂ ਮੰਡੀਆਂ ਵਿੱਚ ਗੁਆਂਢੀ ਸੂਬਿਆਂ ਤੋਂ ਝੋਨੇ ਦੀ ਗੈਰਕਾਨੂੰਨੀ ਵਿਕਰੀ ਕਰਕੇ ਪ੍ਰਬੰਧਾਂ ਵਿੱਚ ਕਮੀ ਆ ਜਾਂਦੀ ਹੈ।
ਇਸ ਉਲੰਘਣਾ ਦਾ ਸਖ਼ਤ ਨੋਟਿਸ ਲੈਂਦਿਆਂ ਡੀਸੀ ਗਿਰੀਸ਼ ਦਿਆਲਨ ਨੇ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਸ਼ੇਸ਼ ਅੰਤਰਰਾਜੀ ਸਰਹੱਦੀ ਚੈੱਕ-ਪੁਆਇੰਟ ਸਥਾਪਿਤ ਕਰਨ ਤਾਂ ਜੋ ਜ਼ਿਲ੍ਹੇ ਵਿੱਚ ‘ਹੋਰਨਾਂ ਸੂਬਿਆਂ ਤੋਂ ਝੋਨਾ’ ਨਾ ਆ ਸਕੇ। ਇਸ ਤੋਂ ਇਲਾਵਾ ਉਨ੍ਹਾਂ ਐਫ਼ਆਈਆਰ ਦਰਜ ਕਰਨ ਅਤੇ ਉਲੰਘਣਾ ਕਰਨ ਵਾਲੇ ਆੜ੍ਹਤੀਆਂ ਦੇ ਲਾਇਸੈਂਸ ਰੱਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਸਬ-ਡਵੀਜ਼ਨਲ ਮੈਜਿਸਟਰੇਟਾਂ ਨੂੰ ਇਸ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਚੌਕਸੀ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਲਾਲੜੂ ਅਤੇ ਡੇਰਾਬਸੀ ਵਿੱਚ ਦੂਜੇ ਸੂਬਿਆਂ ਤੋਂ ਝੋਨੇ ਦੀ ਆਮਦ ਹੁੰਦੀ ਹੈ। ਸਥਾਨਕ ਐਸਡੀਐਮਜ਼ ਦੁਆਰਾ ਸੁਝਾਏ ਅਨੁਸਾਰ ਮੁੱਖ ਤੌਰ ’ਤੇ ਪਿੰਡ ਝਰਮੜੀ, ਬਲਟਾਣਾ, ਬਰਵਾੜਾ ਅਤੇ ਹੋਰ ਸਥਾਨਾਂ ’ਤੇ ਨਾਕੇ/ਚੈੱਕ ਪੁਆਇੰਟ ਸਥਾਪਿਤ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…