
ਮੁਹਾਲੀ ਜ਼ਿਲ੍ਹੇ ਵਿੱਚ ਮਿੱਥੇ ਟੀਚੇ ਨਾਲੋਂ ਹੋਈ ਝੋਨੇ ਦੀ ਸਰਕਾਰੀ ਖਰੀਦ: ਡੀਸੀ
ਕਿਸਾਨਾਂ ਨੂੰ 91 ਫੀਸਦੀ ਅਦਾਇਗੀ ਅਤੇ 96 ਫੀਸਦੀ ਲਿਫ਼ਟਿੰਗ ਦਾ ਕੰਮ ਨੇਪਰੇ ਚਾੜ੍ਹਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਨਵੰਬਰ:
ਮੁਹਾਲੀ ਜ਼ਿਲ੍ਹੇ ਵਿੱਚ ਝੋਨੇ ਦੀ ਚੰਗੀ ਆਮਦ ਹੋਣ ਤੇ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਤਸੱਲੀ ਪ੍ਰਗਟ ਕਰਦਿਆਂ ਦੱਸਿਆ ਕਿ ਇਸ ਸਾਲ ਕੋਵਿਡ-19 ਦੇ ਚਲਦਿਆਂ ਕਿਸਾਨਾਂ ਨੇ ਆਪਣੀ ਮਿਹਨਤ ਨਾਲ ਝੋਨੇ ਦੀ ਫਸਲ ਦੀ ਪੈਦਾਵਾਰ ਚ ਘਾਟ ਮਹਿਸੂਸ ਨਹੀਂ ਹੋਣ ਦਿੱਤੀ । ਜਦਕਿ ਕੋਵਿਡ 19 ਦੇ ਕਾਰਣ ਸਰਕਾਰ ਵੱਲੋਂ ਇਸ ਦੇ ਬਚਾਓ ਲਈ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਸਨ ਜਿਨ੍ਹਾਂ ਦਾ ਪਾਲਣ ਕਰਨ ਤੋਂ ਬਾਅਦ ਵੀ ਕਿਸਾਨਾਂ ਵੱਲੋਂ ਆਪਣੀ ਮਿਹਨਤ ਨਾਲ ਝੋਨੇ ਦੀ ਫਸਲ ਸਰਕਾਰੀ ਟੀਚੇ ਨਾਲੋ ਵੱਧ ਪੈਦਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿੱਚ ਸਥਾਪਿਤ ਕੀਤੇ ਖਰੀਦ ਕੇਂਦਰਾਂ ਵਿੱਚ ਹੁਣ ਤੱਕ 134 ਫੀਸਦੀ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੇ ਝੋਨੇ ਦੀ ਖਰੀਦ ਕੀਤੇ ਪ੍ਰਬੰਧ ਵੀ ਤਸੱਲੀਬਖ਼ਸ਼ ਹਨ ਹੁਣ ਤੱਕ ਖਰੀਦ ਕੀਤੇ ਝੋਨੇ ਵਿੱਚੋਂ 96 ਫੀਸਦੀ ਝੋਨੇ ਦੀ ਚੁਕਵਾਈ ਕਰਵਾ ਦਿੱਤੀ ਗਈ। ਕਿਸਾਨਾਂ ਦੀ ਕੁਲ ਬਣਦੀ ਅਦਾਇਗੀ ਵਿੱਚੋਂ 91 ਫੀਸਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੇਂਦਰਾਂ ਵਿਚ ਹੁਣ ਤੱਕ 02 ਲੱਖ 11 ਹਜ਼ਾਰ 239 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਖਰੀਦ ਏਜੰਸੀਆਂ ਵੱਲੋਂ 02 ਲੱਖ 11 ਹਜ਼ਾਰ 199 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ। ਹੁਣ ਤੱਕ ਖਰੀਦ ਕੀਤੇ ਝੋਨੇ ਦੀ ਅਦਾਇਗੀ ਯੋਗ ਰਕਮ 397 ਕਰੋੜ 90 ਲੱਖ ਰੁਪਏ ਬਣਦੀ ਹੈ ਜਿਸ ਵਿੱਚੋਂ ਕਿਸਾਨਾਂ ਨੂੰ 362 ਕਰੋੜ 37 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ।
ਝੋਨੇ ਦੀ ਖਰੀਦ ਸਬੰਧੀ ਏਜੰਸੀ ਵਾਰ ਜਾਣਕਾਰੀ ਦਿੰਦਿਆਂ ਸ੍ਰੀ ਦਿਆਲਨ ਨੇ ਦੱਸਿਆ ਕਿ ਹੁਣ ਤੱਕ ਪਨਗਰੇਨ ਵੱਲੋਂ 54 ਹਜ਼ਾਰ 816 ਮੀਟਰਕ ਟਨ, ਮਾਰਕਫੈੱਡ ਵੱਲੋਂ 74 ਹਜ਼ਾਰ 296 ਮੀਟਰਕ ਟਨ, ਪਨਸਪ ਵੱਲੋਂ 38 ਹਜ਼ਾਰ 348 ਮੀਟਰਕ ਟਨ ,ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 26 ਹਜ਼ਾਰ 068 ਮੀਟਰਕ ਟਨ, ਐਫ.ਸੀ.ਆਈ ਵੱਲੋਂ 17 ਹਜ਼ਾਰ 226 ਮੀਟਰਕ ਟਨ ਅਤੇ ਵਾਪਰੀਆਂ ਵੱਲੋਂ 445 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਡੀਸੀ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤਾਂ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਣ ਹੋਣ ਦੇ ਨਾਲ-ਨਾਲ ਮਨੁੱਖੀ ਸਿਹਤ ਨੂੰ ਵੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗਣ ਦਾ ਖਤਰਾ ਬਣਿਆਂ ਰਹਿੰਦਾ ਹੈ।