Nabaz-e-punjab.com

ਝੋਨੇ ਦਾ ਸੀਜ਼ਨ: ਪੰਜਾਬ ਦੇ ਗੁਦਾਮਾਂ ਨੂੰ ਜਲਦੀ ਖਾਲੀ ਕਰੇ ਕੇਂਦਰ ਸਰਕਾਰ: ਬਰਸਟ

ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਰਹੀ ਹੈ ਕੇਂਦਰ ਸਰਕਾਰ: ਚੇਅਰਮੈਨ ਮੰਡੀ ਬੋਰਡ

ਮੰਡੀਆਂ ਵਿੱਚ 41.04 ਲੱਖ ਮੀਟਰਿਕ ਟਨ ਝੋਨੇ ਦੀ ਆਮਦ, 37.12 ਲੱਖ ਮੀਟਰਿਕ ਟਨ ਦੀ ਕੀਤੀ ਖ਼ਰੀਦ

ਨਬਜ਼-ਏ-ਪੰਜਾਬ, ਮੁਹਾਲੀ, 24 ਅਕਤੂਬਰ:
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ‘ਆਪ’ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਕੇਂਦਰ ਸਰਕਾਰ ’ਤੇ ਪੰਜਾਬ ਨਾਲ ਵਿਤਕਰਾ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਸਰਕਾਰ ਭਾਵੇਂ ਭਾਜਪਾ ਦੀ ਸਰਕਾਰ ਹੋਵੇ ਜਾਂ ਕਾਂਗਰਸ ਦੀ, ਦੇਸ਼ ਦੇ ਹੁਕਮਰਾਨਾਂ ਨੇ ਹਮੇਸ਼ਾ ਹੀ ਪੰਜਾਬ ਨਾਲ ਧੱਕਾ ਕਰਦਿਆਂ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਝੋਨੇ ਦਾ ਸੀਜ਼ਨ ਜ਼ੋਰਾਂ ’ਤੇ ਚੱਲ ਰਿਹਾ ਹੈ ਪ੍ਰੰਤੂ ਕੇਂਦਰ ਸਰਕਾਰ ਦੀਆਂ ਵਧੀਕੀਆਂ ਕਾਰਨ ਪੰਜਾਬ ਦੀਆਂ ਮੰਡੀਆਂ ’ਚੋਂ ਝੋਨੇ ਦੀ ਲਿਫ਼ਟਿੰਗ ਨੂੰ ਲੈ ਕੇ ਸਮੱਸਿਆਵਾਂ ਪੇਸ਼ ਆ ਰਹੀਆਂ ਹਨ।
ਸ੍ਰੀ ਬਰਸਟ ਨੇ ਕਿਹਾ ਕਿ ਕੇਂਦਰ ਜਾਣਬੁੱਝ ਕੇ ਪੰਜਾਬ ਦੇ ਗੋਦਾਮਾਂ ਵਿੱਚ ਪਏ ਅਨਾਜ ਭੰਡਾਰ ਨੂੰ ਸ਼ਿਫ਼ਟ ਕਰਨ ਵਿੱਚ ਬਿਨਾਂ ਵਜ੍ਹਾ ਦੇਰੀ ਕਰ ਰਿਹਾ ਹੈ, ਜਦਕਿ ਪੰਜਾਬ ਦੇ ਸ਼ੈਲਰਾਂ ਵਿੱਚ ਕਰੀਬ 20 ਹਜ਼ਾਰ ਮੀਟਰਿਕ ਟਨ ਚੌਲ ਪਿਆ ਹੈ। ਇੰਜ ਹੀ ਐਫ਼ਸੀਆਈ ਅਤੇ ਵੇਅਰਹਾਊਸ ਸਮੇਤ ਹੋਰਨਾਂ ਗੋਦਾਮਾਂ ਵਿੱਚ ਕਰੀਬ 140 ਲੱਖ ਮੀਟਰਿਕ ਟਨ ਚੌਲ ਤੇ ਕਣਕ ਦਾ ਭੰਡਾਰ ਹੈ। ਇਹ ਸਾਰਾ ਅਨਾਜ ਕੇਂਦਰ ਸਰਕਾਰ ਦਾ ਹੈ, ਜਿਸ ਨੂੰ ਸਮੇਂ ਸਿਰ ਨਹੀਂ ਚੁੱਕਿਆ ਗਿਆ। ਜਿਸ ਕਾਰਨ ਮੌਜੂਦਾ ਸੀਜ਼ਨ ਵਿੱਚ ਝੋਨਾ ਸੰਭਾਲਣ ਵਿੱਚ ਦਿੱਕਤਾਂ ਆ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰੀ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਵੀ ਗੱਲਬਾਤ ਕੀਤੀ ਜਾ ਚੁੱਕੀ ਹੈ ਪਰ ਇਸਦੇ ਬਾਵਜੂਦ ਅਜੇ ਤੱਕ ਪੰਜਾਬ ਦੇ ਮੁੱਦਿਆਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਸ਼ੈਲਰ ਮਾਲਕਾਂ ਨੇ ਵੀ ਕੇਂਦਰ ਨਾਲ ਰਾਬਤਾ ਕਾਇਮ ਕੀਤਾ ਹੈ ਪਰ ਸਮੱਸਿਆ ਜਿਊਂ ਦੀ ਤਿਊਂ ਬਰਕਰਾਰ ਹੈ। ਉਨ੍ਹਾਂ ਜ਼ੋਰ ਦੇ ਆਖਿਆ ਕਿ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ, ਸ਼ੈਲਰ ਮਾਲਕਾਂ ਅਤੇ ਵਪਾਰੀਆਂ ਦੀ ਸਮੱਸਿਆਵਾਂ ਦਾ ਫੌਰੀ ਹੱਲ ਕੀਤਾ ਜਾਵੇ।
ਸ੍ਰੀ ਬਰਸਟ ਨੇ ਕਿਹਾ ਕਿ ਸਾਉਣੀ ਸੀਜ਼ਨ 2024-25 ਦੌਰਾਨ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੇ ਖ਼ਰੀਦ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿਸਦੇ ਚੱਲਦਿਆਂ ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 41.04 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋ ਚੁੱਕੀ ਹੈ, ਜਿਸ ’ਚੋਂ 37.12 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਵੀ ਕੀਤੀ ਜਾ ਚੁੱਕੀ ਹੈ। ਜਦਕਿ 8.51 ਲੱਖ ਮੀਟਰਿਕ ਟਨ ਦੀ ਲਿਫ਼ਟਿੰਗ ਵੀ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਅੰਦਰ 156 ਮਾਰਕੀਟ ਕਮੇਟੀਆਂ ਹਨ, ਜਿਨ੍ਹਾਂ ਵਿੱਚ 152 ਮੁੱਖ ਯਾਰਡ ਹਨ ਅਤੇ 283 ਸਬਯਾਰਡ ਹਨ ਅਤੇ 1383 ਖ਼ਰੀਦ ਕੇਂਦਰ ਹਨ, ਜਦਕਿ ਝੋਨੇ ਦੀ ਖ਼ਰੀਦ ਸਹੀ ਢੰਗ ਨਾਲ ਕਰਨ ਲਈ 1069 ਹੋਰ ਆਰਜੀ ਖ਼ਰੀਦ ਕੇਂਦਰ ਘੋਸ਼ਿਤ ਕੀਤੇ ਗਏ ਹਨ। ਇਸ ਤਰ੍ਹਾਂ ਅੱਜ ਪੂਰੇ ਪੰਜਾਬ ਵਿੱਚ ਕੁੱਲ 2887 ਖ਼ਰੀਦ ਕੇਂਦਰ ਚੱਲ ਰਹੇ ਹਨ ਅਤੇ ਇਨ੍ਹਾਂ ਸਾਰੇ ਖ਼ਰੀਦ ਕੇਂਦਰਾਂ ਵਿੱਚ ਪੀਣ ਯੋਗ ਸਾਫ਼ ਪਾਣੀ, ਬਿਜਲੀ ਦੀਆਂ ਲਾਈਟਾਂ, ਸਫ਼ਾਈ, ਬਾਥਰੂਮਾਂ, ਛਾਂ ਆਦਿ ਦੇ ਪੁਖ਼ਤਾਂ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਖ਼ਰੀਦ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਕਰੀਬ 7727 ਕਰਮਚਾਰੀ ਦਿਨ-ਰਾਤ ਮਿਹਨਤ ਕਰ ਰਹੇ ਹਨ, ਜਿਨ੍ਹਾਂ ਵਿੱਚ ਮੰਡੀ ਬੋਰਡ ਦੇ ਕਰੀਬ 1275 ਪੱਕੇ ਕਰਮਚਾਰੀ, ਆਊਟਸੋਰਸ ਦੇ 452 ਕਰਮਚਾਰੀ ਅਤੇ ਸੀਜਨਲ ਪ੍ਰਬੰਧਾਂ ਲਈ 6 ਹਜ਼ਾਰ ਹੋਰ ਕਰਮਚਾਰੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ਰਾਈਸ ਮਿੱਲਰਾਂ, ਵਪਾਰੀਆਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਕੋਈ ਸਮੱਸਿਆ ਨਹੀਂ ਹੋਣ ਦਿੱਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਵਿਕਾਸ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ ਅਧਿਕਾਰੀ: ਮੁੰਡੀਆਂ

ਵਿਕਾਸ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ ਅਧਿਕਾਰੀ: ਮੁੰਡੀਆਂ ਕੈਬਨਿਟ ਮੰਤਰੀ…